ਲੋਕ ਸਭਾ ਚੋਣਾਂ ਖ਼ਤਮ ਹੁੰਦੇ ਸਾਰ ਹੀ ਪੰਜਾਬ ਪੁਲਿਸ ਦੀ ਵਿਰੋਧੀ ਧਿਰ ਦੇ ਲੀਡਰਾਂ ਖਿਲਾਫ਼ ਕਾਰਵਾਈ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਲੜੀ ਵਿੱਚ ਪਹਿਲਾ ਨੰਬਰ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਲੱਗਿਆ ਹੈ। ਜ਼ੀਰਾ ਪੁਲਿਸ ਨੇ ਕੁਲਬੀਰ ਸਿੰਘ ਜ਼ੀਰਾ ਖਿਲਾਫ਼ ਧਾਰਾ 307 ਦਾ ਪਰਚਾ ਦਰਜ ਕਰ ਲਿਆ ਹੈ। ਇਸ ਕੇਸ ਵਿੱਚ ਕੁਲਬੀਰ ਜ਼ੀਰਾ ਦੀ ਜਲਦ ਗ੍ਰਿਫ਼ਤਾਰੀ ਹੋ ਸਕਦੀ ਹੈ। 


 


ਦਰਅਸਲ ਮਾਮਲਾ ਇਹ ਹੈ ਕਿ ਜ਼ੀਰਾ ਦੇ ਪਿੰਡ ਬੱਗੀ ਵਿਚ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਪਿੰਡ ਦੇ ਹੀ ਗੁਰਲਾਲ ਸਿੰਘ ਦੇ ਨਾਲ 10 ਏਕੜ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਵੀਰਵਾਰ ਨੂੰ ਦੋਵਾਂ ਧੜਿਆਂ ’ਚ ਝਗੜਾ ਹੋ ਗਿਆ ਸੀ ਤੇ ਲੱਤ ਵਿਚ ਗੋਲ਼ੀ ਲੱਗਣ ਨਾਲ ਗੁਰਲਾਲ ਸਿੰਘ ਜ਼ਖ਼ਮੀ ਹੋ ਗਿਆ। 


ਕਸਬਾ ਜ਼ੀਰਾ ਵਿਚ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ ਵਿਚ ਥਾਣਾ ਜ਼ੀਰਾ ਦੀ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। 



ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਆਪਣੇ ਲੀਡਰ ਕਲਬੀਰ ਜ਼ੀਰਾ ਦੇ ਹੱਕ ਵਿੱਚ ਨਿੱਤਰ ਆਏ ਹਨ। ਰਾਜਾ ਵੜਿੰਗ ਨੇ ਕਿਹਾ ਕਿ ਬਿਨਾਂ ਕਿਸੇ ਕਾਰਨ ਤੋਂ ਕੁਲਬੀਰ ਸਿੰਘ ਜ਼ੀਰਾ ਉਤੇ ਪਰਚਾ ਦਰਜ ਕੀਤਾ ਗਿਆ ਹੈ। ਵੜਿੰਗ ਨੇ ਕਿਹਾ ਕਿ ਕੋਈ ਸਬੂਤ ਨਹੀਂ ਕੋਈ ਗੁਨਾਹ ਨਹੀ ਪਰ ਪਰਚਾ ਦਰਜ ਕਰ ਦਿੱਤਾ ਗਿਆ ਹੈ।


 ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਕਿਸੇ ਤੋਂ ਡਰਨ ਵਾਲੇ ਨਹੀ। ਰਾਜਾ ਵੜਿੰਗ ਨੇ ਕਿਹਾ ਕਿ ਪਹਿਲਾਂ ਤੁਸੀਂ ਜਾਂਚ ਕਰੋ ਫਿਰ ਕਾਰਵਾਈ ਕਰੋ, ਜੇ ਸਾਨੂੰ ਕੋਈ ਇਨਸਾਫ਼ ਨਾ ਮਿਲਿਆ ਤਾਂ ਅਸੀ ਪ੍ਰੋਟੈਸਟ ਕਰਾਂਗੇ। ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਇਹ ਸਿਰਫ਼ ਬਦਲਾ ਲਓ ਕਾਰਵਾਈ ਹੈ ਅਤੇ ਅਸੀ ਇਸ ਦਾ ਵਿਰੋਧ ਕਰਦੇ ਹਾਂ।