Punjab News : ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨਾਂ ਵਿੱਚ ਲੀਡਰਸ਼ਿਪ ਦੇ ਗੁਣ ਤੇ ਆਤਮ ਵਿਸ਼ਵਾਸ ਪੈਦਾ ਕਰਨ ਲਈ ਨਵੀਂ ਯੂਥ ਪਾਲਿਸੀ ਨਵੀਂ ਲਿਆਂਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਯੂਥ ਕਲੱਬਾਂ (Youth Clubs) ਲਈ ਪਹਿਲੀ ਵਾਰ ਐਵਾਰਡ ਸ਼ੁਰੂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਦਿੱਤੇ ਜਾਣ ਵਾਲੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਚੋਣ ਪ੍ਰਣਾਲੀ ਨੂੰ ਤਰਕਸੰਗਤ ਬਣਾਇਆ ਜਾਵੇਗਾ।

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਯੂਥ ਕਲੱਬਾਂ ਨੂੰ ਸਰਗਰਮ ਕਰਨ ਲਈ ਪ੍ਰੋਗਰਾਮ ਉਲੀਕਿਆ ਜਾਵੇ ਤਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਵਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਮਾਜਿਕ ਭਲਾਈ ਦੇ ਕੰਮ, ਨਸ਼ਿਆਂ ਖਿਲਾਫ ਜਾਗਰੂਕਤਾ, ਵਾਤਾਵਰਣ ਦੀ ਸਾਂਭ-ਸੰਭਾਲ, ਖੇਡਾਂ ਤੇ ਸੱਭਿਆਚਾਰਕ ਆਦਿ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਯੂਥ ਕਲੱਬ (Youth Clubs) ਅੱਗੇ ਆਉਣ।

ਯੁਵਕ ਸੇਵਾਵਾਂ ਮੰਤਰੀ ਨੇ ਕਿਹਾ ਕਿ ਸੂਬੇ ਦੀ 40 ਫੀਸਦੀ ਤੋਂ ਵੱਧ ਵਸੋਂ ਨੌਜਵਾਨਾਂ ਦੀ ਹੈ ਅਤੇ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਗੀਦਾਰ ਬਣਾਉਣ ਅਤੇ ਉਨਾਂ ਦੇ ਸਸ਼ਕਤੀਕਰਨ ਲਈ ਵਿਆਪਕ ਯੂਥ ਪਾਲਿਸੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵੱਧ ਤੋਂ ਵੱਧ ਅੰਤਰ-ਰਾਜੀ ਟੂਰ ਲਗਾਏ ਜਾਣ ਅਤੇ ਯੁਵਕ ਵਟਾਂਦਰਾ ਪ੍ਰੋਗਰਾਮ ਉਲੀਕੇ ਜਾਣ। ਯੂਥ ਐਡਵੈਂਚਰ ਕਲੱਬ ਦੀ ਸਥਾਪਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਪੰਜਾਬ ਰਾਜ ਅੰਤਰ ’ਵਰਸਿਟੀ ਯੁਵਕ ਮੇਲਾ ਉਲੀਕਿਆ ਜਾਵੇ ਤਾਂ ਨੌਜਵਾਨਾਂ ਦੇ ਅੰਦਰਲੀ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਵੇ।

ਮੀਤ ਹੇਅਰ ਨੇ ਇਹ ਵੀ ਕਿਹਾ ਕਿ ਵਿਭਾਗ ਵਿੱਚ ਸਹਾਇਕ ਡਾਇਰੈਕਟਰ ਦੀਆਂ ਖਾਲੀ ਅਸਾਮੀਆਂ ਨੂੰ ਤੁਰੰਤ ਭਰਨ ਲਈ ਹੋਰਨਾਂ ਵਿਭਾਗਾਂ ਤੋਂ ਕਾਬਲ ਅਧਿਕਾਰੀਆਂ ਨੂੰ ਡੈਪੂਟੇਸ਼ਨ ਉਤੇ ਲਿਆਉਣ ਦੀ ਯੋਜਨਾ ਬਣਾਈ ਜਾਵੇ ਅਤੇ ਨਾਲ ਹੀ ਪੰਜਾਬ ਲੋਕ ਸੇਵਾ ਕਮਿਸ਼ਨ ਨੂੰ ਖਾਲੀ ਅਸਾਮੀਆਂ ਭਰਨ ਲਈ ਵੀ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਯੁਵਾ ਭਵਨ ਦੀ ਉਸਾਰੀ ਦਾ ਕੰਮ ਮੁਕੰਮਲ ਕੀਤਾ ਜਾਵੇ।

ਮੀਟਿੰਗ ਵਿੱਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਯੁਵਕ ਸੇਵਾਵਾਂ ਦੇ ਡਾਇਰੈਕਟਰ ਡਾ. ਕਮਲਜੀਤ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਤੇ ਰੁਪਿੰਦਰ ਕੌਰ ਵੀ ਹਾਜ਼ਰ ਸਨ।