Baba Balak News : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਬਾਬਾ ਬਕਾਲਾ ਨੇੜਲੇ ਪਿੰਡ ਬੁੱਢਾ ਥੇਹ ਦੇ ਰਹਿਣ ਵਾਲੇ ਨੌਜਵਾਨ ਹਰਸ਼ਪ੍ਰੀਤ ਸਿੰਘ ਦੀ ਜਰਮਨੀ ਵਿੱਚ ਇੱਕ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਇਸ ਅਚਾਨਕ ਵਾਪਰੇ ਹਾਦਸੇ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਧੱਕ ਦਿੱਤਾ ਹੈ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

Continues below advertisement

ਪਰਿਵਾਰਕ ਮੈਂਬਰਾਂ ਅਨੁਸਾਰ ਹਰਸ਼ਪ੍ਰੀਤ ਦੇ ਪਿਤਾ ਪਿਛਲੇ ਸੱਤ ਸਾਲਾਂ ਤੋਂ ਜਰਮਨੀ ਵਿੱਚ ਰਹਿ ਰਹੇ ਹਨ। ਆਪਣੇ ਪਿਤਾ ਨੂੰ ਮਿਲਣ ਅਤੇ ਕੁਝ ਸਮਾਂ ਉਨ੍ਹਾਂ ਨਾਲ ਬਿਤਾਉਣ ਲਈ ਹਰਸ਼ਪ੍ਰੀਤ ਕਰੀਬ ਇੱਕ ਸਾਲ ਪਹਿਲਾਂ ਜਰਮਨੀ ਗਿਆ ਸੀ। ਕਿਸੇ ਨੂੰ ਵੀ ਇਹ ਅੰਦਾਜ਼ਾ ਨਹੀਂ ਸੀ ਕਿ ਇਹ ਯਾਤਰਾ ਉਸਦੀ ਜ਼ਿੰਦਗੀ ਦੀ ਆਖ਼ਰੀ ਯਾਤਰਾ ਸਾਬਤ ਹੋਵੇਗੀ।

ਜਾਣਕਾਰੀ ਮੁਤਾਬਕ ਹਰਸ਼ਪ੍ਰੀਤ ਆਪਣੇ ਕੁਝ ਦੋਸਤਾਂ ਨਾਲ ਘੁੰਮਣ-ਫਿਰਣ ਲਈ ਇੱਕ ਝੀਲ 'ਤੇ ਗਿਆ ਸੀ। ਇਸ ਦੌਰਾਨ ਉਹ ਤੈਰਾਕੀ ਕਰਨ ਲਈ ਪਾਣੀ ਵਿੱਚ ਉਤਰਿਆ ਪਰ ਅਚਾਨਕ ਡੂੰਘੇ ਪਾਣੀ ਵਿੱਚ ਚਲਾ ਗਿਆ ਅਤੇ ਡੁੱਬ ਗਿਆ। ਮੌਕੇ 'ਤੇ ਮੌਜੂਦ ਲੋਕਾਂ ਅਤੇ ਰਾਹਤ ਟੀਮਾਂ ਵੱਲੋਂ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਉਸਦੀ ਜਾਨ ਨਹੀਂ ਬਚ ਸਕੀ। ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।

Continues below advertisement

ਹਾਦਸੇ ਤੋਂ ਬਾਅਦ ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਹੈ ਕਿ ਹਰਸ਼ਪ੍ਰੀਤ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ਲਈ ਲੋੜੀਂਦੀ ਸਰਕਾਰੀ ਕਾਰਵਾਈ ਵਿੱਚ ਸਹਿਯੋਗ ਦਿੱਤਾ ਜਾਵੇ।

ਹਰਸ਼ਪ੍ਰੀਤ ਦੀ ਮਾਤਾ ਨੇ ਭਾਵੁਕ ਹੋ ਕੇ ਕਿਹਾ ਕਿ ਪਰਿਵਾਰ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ਵਿੱਚ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕਰਨਾ ਚਾਹੁੰਦਾ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿੱਚ ਪਰਿਵਾਰ ਦੀ ਮਦਦ ਕਰਦੇ ਹੋਏ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਲਈ ਜਲਦ ਤੋਂ ਜਲਦ ਲੋੜੀਂਦੇ ਕਦਮ ਚੁੱਕੇ ਜਾਣ। ਪਰਿਵਾਰ ਨੂੰ ਉਮੀਦ ਹੈ ਕਿ ਸਰਕਾਰ ਉਨ੍ਹਾਂ ਦੀ ਇਸ ਮੰਗ 'ਤੇ ਹਮਦਰਦੀ ਨਾਲ ਵਿਚਾਰ ਕਰੇਗੀ ਅਤੇ ਜਲਦੀ ਕਾਰਵਾਈ ਕਰੇਗੀ।