ਬਾਦਲ ਪੰਜਾਬ ਤੇ ਕੇਂਦਰ ਦੀ ਸੱਤਾ 'ਚ ਹੁੰਦਿਆ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕਰਵਾ ਸਕੇ, ਹੁਣ ਰਿਹਾਈ ਦਾ ਰਾਗ ਅਲਾਪ ਲੋਕਾਂ ਦਾ ਭਰੋਸਾ ਹਾਸਲ ਕਰਨਾ ਚਾਹੁੰਦੇ: ਸਿਮਰਨਜੀਤ ਮਾਨ
ਮਾਨ ਨੇ ਇੱਥੇ ਕਿਹਾ ਕਿ ਪੰਜਾਬ ਤੇ ਸਿੱਖਾਂ ਨਾਲ ਹੋ ਰਹੇ ਵਿਤਕਰੇ ਖ਼ਿਲਾਫ਼ ਪਾਰਲੀਮੈਂਟ ਵਿੱਚ ਭਗਵੰਤ ਮਾਨ ਸਣੇ ਕਿਸੇ ਵੀ ਨੁਮਾਇੰਦੇ ਨੇ ਆਵਾਜ਼ ਨਹੀਂ ਉਠਾਈ।
ਸੰਗਰੂਰ: ਸੰਗਰੂਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉੱਪਰ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਰਾਜਨੀਤੀ ਕਰ ਰਹੇ ਹਨ। ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਨਾਲ ਸੁਖਬੀਰ ਬਾਦਲ ਦੀ ਮਿਲਣੀ ਸਿਆਸੀ ਸੀ।
ਮਾਨ ਨੇ ਕਿਹਾ ਕਿ ਬਾਦਲ ਸੱਤਾ ਵਿੱਚ ਰਹਿੰਦਿਆਂ ਤੇ ਕੇਂਦਰ ਵਿੱਚ ਹੁੰਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕਰਵਾ ਸਕੇ। ਬਾਦਲ ਦਲ ਹੁਣ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਗ ਅਲਾਪ ਕੇ ਲੋਕਾਂ ਦਾ ਭਰੋਸਾ ਹਾਸਲ ਕਰਨਾ ਚਾਹੁੰਦਾ ਹੈ ਪਰ ਲੋਕ ਉਨ੍ਹਾਂ ਨੂੰ ਸਫਲ ਨਹੀਂ ਹੋਣ ਦੇਣਗੇ।
ਮਾਨ ਨੇ ਆਖਿਆ ਕਿ ਲੰਘੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਤਿੰਨ ਸੀਟਾਂ ਮਿਲਣਾ ਇਸ ਗੱਲ ਦੀ ਗਵਾਹੀ ਹੈ ਕਿ ਭਵਿੱਖ ਵਿੱਚ ਅਕਾਲੀ ਦਲ ਬਾਦਲ ਦਾ ਸਿਆਸੀ ਭੋਗ ਪੈਣ ਵਾਲਾ ਹੈ। ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨਾਲ ਜੁੜਨ ਲੱਗੇ ਹਨ। ਜੇਕਰ ਸੰਗਰੂਰ ਹਲਕੇ ਦੇ ਲੋਕ ਉਨ੍ਹਾਂ ਨੂੰ ਜਿਤਾਉਂਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਬਰਗਾੜੀ ਕਾਂਡ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਦਾ ਮੁੱਦਾ ਪਾਰਲੀਮੈਂਟ ਵਿੱਚ ਚੁੱਕਣਗੇ ਤੇ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੀ ਮੰਗ ਰੱਖਣਗੇ।
ਮਾਨ ਨੇ ਇੱਥੇ ਕਿਹਾ ਕਿ ਪੰਜਾਬ ਤੇ ਸਿੱਖਾਂ ਨਾਲ ਹੋ ਰਹੇ ਵਿਤਕਰੇ ਖ਼ਿਲਾਫ਼ ਪਾਰਲੀਮੈਂਟ ਵਿੱਚ ਭਗਵੰਤ ਮਾਨ ਸਣੇ ਕਿਸੇ ਵੀ ਨੁਮਾਇੰਦੇ ਨੇ ਆਵਾਜ਼ ਨਹੀਂ ਉਠਾਈ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਵਿੱਚ ਉਠਾਈ ਆਵਾਜ਼ ਕੌਮਾਂਤਰੀ ਭਾਈਚਾਰੇ ਤੱਕ ਪਹੁੰਚਦੀ ਹੈ ਜਿਸ ਕਰਕੇ ਉੱਥੇ ਅਜਿਹਾ ਉਮੀਦਵਾਰ ਭੇਜਣ ਲੋੜ ਹੈ ਜਿਹੜਾ ਸਿੱਖਾਂ ਸਮੇਤ ਘੱਟ ਗਿਣਤੀਆਂ ਦੀ ਆਵਾਜ਼ ਬਣੇ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ, ਕਾਂਗਰਸ ਤੇ ‘ਆਪ’ ਦੀ ਸੋਚ ਪੰਜਾਬ ਵਿਰੋਧੀ ਹੈ।
ਮਾਨ ਨੇ ਕਿਹਾ ਕਿ ਪਾਕਿਸਤਾਨ ਦੀ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਵਾਂਗ ਪੰਜਾਬ ਦੇ ਨਾਮਵਰ ਗਾਇਕ ਸਿੱਧੂ ਮੂਸੇਵਾਲਾ ਦਾ ਵੀ ਸਿਆਸੀ ਕਤਲ ਹੋਇਆ ਹੈ। ਇਸ ਕਤਲ ਦੀ ਜਾਂਚ ਕਿਸੇ ਕੌਮਾਂਤਰੀ ਜਾਂਚ ਏਜੰਸੀ ਤੋਂ ਕਰਵਾਈ ਜਾਵੇ, ਕਿਉਂਕਿ ਦੇਸ਼ ਦੀਆਂ ਜਾਂਚ ਏਜੰਸੀਆਂ ਉੱਪਰ ਪੰਜਾਬੀਆਂ ਨੂੰ ਭਰੋਸਾ ਨਹੀਂ।