ਚੰਡੀਗੜ੍ਹ: ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੜਿੱਕਾ ਡਾਹ ਰਹੇ ਹਨ। ਉਹ ਇਸ ਦੇ ਹੱਕ ਵਿੱਚ ਨਹੀਂ ਹਨ। ਇਹ ਦਾਅਵਾ ਅਕਾਲੀ ਦਲ ਤੋਂ ਵੱਖ ਹੋਏ ਲੀਡਰ ਸੇਵਾ ਸਿੰਘ ਸੇਖਵਾਂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਆਲ ਇੰਡੀਆ ਗੁਰਦੁਆਰਾ ਐਕਟ ਬਣਨ ਨਾਲ ਇੱਕ ਪ੍ਰਧਾਨ, ਇੱਕ ਵਿਧਾਨ ਤੇ ਇੱਕ ਸੰਵਿਧਾਨ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਅਕਸ ਬਣੇਗਾ।


ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਜਿਸ ਵੇਲੇ ਅਕਾਲੀ ਦਲ ਬਾਦਲ ਵਿੱਚ ਸਨ ਤਾਂ ਉਨ੍ਹਾਂ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਲਈ ਆਵਾਜ਼ ਬੁਲੰਦ ਕੀਤੀ ਸੀ ਪਰ ਬਾਦਲ ਨੂੰ ਇਹ ਗੱਲ ਚੰਗੀ ਨਹੀਂ ਲੱਗੀ ਸੀ। ਸੇਖਵਾਂ ਸਿੱਖ ਤਾਲਮੇਲ ਕਮੇਟੀ ਦੇ ਸੱਦੇ ’ਤੇ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਕਰਵਾਏ ਸੈਮੀਨਾਰ ਨੂੰ ਸੋਧਨ ਕਰ ਰਹੇ ਸੀ।

ਇਸ ਮੌਕੇ ਬਹੁਗਿਣਤੀ ਬੁਲਾਰਿਆਂ ਨੇ ਕਿਹਾ ਕਿ ਸਿੱਖ ਕੌਮ ਨੂੰ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਤਹਿਤ ਦੇਸ਼ ਵਿਚਲੇ ਤਖਤ ਸਾਹਿਬਾਨ ਤੋਂ ਇਲਾਵਾ ਇਤਿਹਾਸਕ ਅਸਥਾਨਾਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਧੀਨ ਕਰਨ ਲਈ ਕੇਂਦਰ ਸਰਕਾਰ ਕੋਲੋਂ ਇਹ ਐਕਟ ਬਣਵਾਉਣ ਲਈ ਜੱਦੋਜਹਿਦ ਕਰਨੀ ਚਾਹੀਦੀ ਹੈ।

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਨੇ ਕਿਹਾ ਕਿ ਸਿੱਖ ਜਥੇਬੰਦੀਆਂ ਨੂੰ ਧੜੇਬੰਦੀ ਤੋਂ ਉਪਰ ਉੱਠ ਕੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕਰਨੇ ਚਾਹੀਦੇ ਹਨ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਭੋਮਾ ਦੇ ਪ੍ਰਧਾਨ ਨੇ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਬਣਾਉਣ ਲਈ ਸਿੱਖ ਵਿਦਵਾਨਾਂ ਦਾ ਪੈਨਲ ਬਣਾਉਣ ਦਾ ਸੁਝਾਅ ਦਿੱਤਾ।

ਇਸੇ ਦੌਰਾਨ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਦੇ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਜਥੇਦਾਰ ਸੇਖਵਾਂ ਨਾਲ ਮੀਟਿੰਗ ਕਰਕੇ ਐਲਾਨ ਕੀਤਾ ਕਿ ਬਹੁਤ ਜਲਦੀ ਉਹ ਆਪਣੀ ਕਮੇਟੀ ਦੀ ਮੀਟਿੰਗ ਬੁਲਾ ਕੇ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਲਈ ਮਤਾ ਪਾਸ ਕਰਨਗੇ।