Punjab News: ਸ਼੍ਰੋਮਣੀ ਅਕਾਲੀ ਦਲ ਦਾ ਬਾਦਲ ਧੜਾ ਆਪਣੀਆਂ ਹੀ ਚਾਲਾਂ ਵਿੱਚ ਘਿਰਦਾ ਜਾ ਰਿਹਾ ਹੈ। ਬਾਦਲ ਧੜੇ ਵੱਲੋਂ ਤਖਤਾਂ ਦੇ ਜਥੇਦਾਰਾਂ ਨੂੰ ਹਟਾਉਣ ਪਿੱਛੇ ਤਰਕ ਦਿੱਤਾ ਜਾ ਰਿਹਾ ਹੈ ਕਿ ਜਥੇਦਾਰ ਕੇਂਦਰ ਦੀ ਬੀਜੇਪੀ ਸਰਕਾਰ ਦੇ ਇਸ਼ਾਰੇ ਉਪਰ ਕੰਮ ਕਰ ਰਹੇ ਸੀ ਪਰ ਦੂਜੇ ਪਾਸੇ ਅਜੇ ਵੀ ਬਾਦਲ ਧੜੇ ਦੇ ਕਈ ਲੀਡਰ ਬੀਜੇਪੀ ਨਾਲ ਗੱਠਜੋੜ ਨੂੰ ਸਹੀ ਠਹਿਰਾਉਂਦੇ ਆ ਰਹੇ ਹਨ। ਅਜਿਹਾ ਹੀ ਅੱਜ ਵੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵੇਖਣ ਨੂੰ ਮਿਲਿਆ। 

ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੇਵਾ ਸੰਭਾਲਣ ਮੌਕੇ ਪਹੁੰਚੇ ਸਾਬਕਾ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ  ਕਿਹਾ ਕਿ ਗਿਆਨੀ ਰਘਬੀਰ ਸਿੰਘ ਤੇ ਗਿਆਨ ਹਰਪ੍ਰੀਤ ਸਿੰਘ ਨੂੰ ਕ੍ਰਮਵਾਰ ਸ੍ਰੀ ਅਕਾਲ ਤਖ਼ਤ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰਾਂ ਵਜੋਂ ਅਹੁਦੇ ਤੋਂ ਫਾਰਗ ਕੀਤਾ ਗਿਆ ਕਿਉਂਕਿ ਇਹ ਦੋਵੇਂ ਕੇਂਦਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਤੇ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਬਣੇ। ਉਨ੍ਹਾਂ ਕਿਹਾ ਕਿ ਸਾਜ਼ਿਸ਼ ਤਹਿਤ ਸ਼ਹੀਦਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖਤਮ ਕਰਨ ਲਈ ਕੇਂਦਰ ਲਗਾਤਾਰ ਕੰਮ ਕਰ ਰਿਹਾ ਹੈ।

ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਸਵਾਲ ਕੀਤਾ ਕਿ ਆਖਰ 2 ਦਸੰਬਰ ਮਗਰੋਂ ਹੀ ਅਕਾਲੀ ਦਲ ਨੂੰ ਇਹ ਕਿਵੇਂ ਪਤਾ ਲੱਗਾ ਕਿ ਜਥੇਦਾਰ ਕੇਂਦਰ ਦੇ ਇਸਾਰੇ ਉਪਰ ਕੰਮ ਕਰ ਰਹੇ ਹਨ ਤਾਂ ਲੰਗਾਹ ਨੂੰ ਕੋਈ ਢੁੱਕਵਾਂ ਉੱਤਰ ਨਹੀਂ ਆਇਆ। ਇਸ ਦੌਰਾਨ ਜਦੋਂ ਬੀਜੇਪੀ ਨਾਲ ਗੱਠਜੋੜ ਬਾਰੇ ਸਵਾਲ ਪੁੱਛਿਆ ਤਾਂ ਅਕਾਲੀ ਲੀਡਰਾਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਲਈ ਕਿਸੇ ਨਾਲ ਤਾਂ ਗੱਠਜੋੜ ਕਰਨਾ ਹੀ ਪੈਣਾ ਹੈ। ਕਾਂਗਰਸ ਨੇ ਸਿੱਖਾਂ ਦਾ ਖੂਨ ਵਹਾਇਆ ਹੈ। ਇਸ ਲਈ ਬੀਜੇਪੀ ਹੀ ਗੱਠਜੋੜ ਲਈ ਬਚਦੀ ਹੈ।

ਦੱਸ ਦੀਏ ਕਿ ਲੰਗਾਹ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਰਨਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਦਿਲਜੀਤ ਸਿੰਘ ਭਿੰਡਰ, ਸ਼ੇਰ ਸਿੰਘ ਮੰਡ ਜਨਰਲ ਸੈਕਟਰੀ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਸੁਰਜੀਤ ਸਿੰਘ ਤੁਗਲਬਾਦ ਵੀ ਮੌਜੂਦ ਸਨ।

ਇਸ ਦੌਰਾਨ ਲੰਗਾਹ ਨੇ ਕਿਹਾ ਕਿ ਉਨ੍ਹਾਂ ਨੂੰ ਭਾਜਪਾ ਨਾਲ ਇਸ ਗੱਲ ਦੀ ਨਾਰਾਜ਼ਗੀ ਹੈ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਬਣਾਉਣ ਲਈ ਪਾਏ ਗਏ ਯੋਗਦਾਨ ਨੂੰ ਭਾਜਪਾ ਦੀ ਮੌਜੂਦਾ ਲੀਡਰਸ਼ਿਪ ਨੇ ਅੱਖੋਂ ਪਰੋਖੇ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੋਂ ਮਰਨ ਉਪਰੰਤ ਫ਼ਖ਼ਰ-ਏ-ਕੌਮ ਦਾ ਖਿਤਾਬ ਵਾਪਸ ਲੈਣਾ, ਅਕਾਲੀ ਦਲ ਦੀ ਲੀਡਰਸ਼ਿਪ ਨੂੰ ਜਾਣ ਬੁਝ ਕੇ ਜ਼ਲੀਲ ਕਰਨਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਹੋਏ ਮੈਂਬਰਾਂ ਨਾਲ ਮਾੜਾ ਵਤੀਰਾ ਕਰਨਾ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਸਿੱਧੇ ਤੌਰ ’ਤੇ ਭਾਜਪਾ ਦਾ ਕਾਬਜ਼ ਹੋਣਾ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੇ ਕਰਨਾ ਤੇ ਹਜ਼ੂਰ ਸਾਹਿਬ ਟਰਸਟ ਵਿੱਚ ਸਿਆਸੀ ਦਖਲਅੰਦਾਜ਼ੀ ਪੰਜਾਬ ਅੰਦਰੋਂ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖਤਮ ਕਰਨ ਲਈ ਕੇਂਦਰ ਵੱਲੋਂ ਇੱਕ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ।