ਫਿਰੋਜ਼ਪੁਰ: ਕੌਮਾਂਤਰੀ ਸਰਹੱਦ ’ਤੇ ਵਿਗੜੇ ਹਾਲਾਤ ਦੌਰਾਨ ਘਰਾਂ ਤੋਂ ਹਿਜ਼ਰਤ ਕਰਨ ਵਾਲੇ ਲੋਕਾਂ ਦੀ ਸਾਰ ਲੈਣ ਲਈ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਬਿਮਾਰੀ ਦੀ ਹਾਲਤ ਵਿੱਚ ਹੋਣ ਦੇ ਬਾਵਜੂਦ ਬਾਦਲ ਨੇ ਗੁਰਦਾਸਪੁਰ, ਅੰਮ੍ਰਿਤਸਰ ਤੇ ਫ਼ਿਰੋਜ਼ਪੁਰ ਦੇ ਸਰਹੱਦੀ ਪੱਟੀ ਵਿਚਲੇ ਪਿੰਡਾਂ ਦਾ ਦੌਰਾ ਕੀਤਾ ਹੈ।

ਉਨ੍ਹਾਂ ਨੇ ਲੋਕਾਂ ਦੀ ਸਭ ਤੋਂ ਵੱਡੀ ਮੁਸ਼ਕਲ ਤਾਰੋਂ ਪਾਰਲੀ ਜ਼ਮੀਨ ਵਿਚਲੀ ਖੜ੍ਹੀ ਫਸਲ ਨੂੰ ਕਟਵਾਉਣ ਦੇ ਲਿਖਤੀ ਆਦੇਸ਼ ਜਾਰੀ ਕੀਤੇ ਹਨ। ਹੁਸੈਨੀਵਾਲਾ ਦੇ ਪਿੰਡਾਂ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਬਾਦਲ ਨੇ ਕਿਹਾ ਕਿ ਕਿਸਾਨਾਂ ਤੋਂ ਜ਼ਬਰੀ ਪਿੰਡ ਖਾਲੀ ਨਹੀਂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਆਪਣੀ ਫਸਲ ਖੁਦ ਕੱਟਣਾ ਚਾਹੁੰਦੇ ਹਨ, ਉਨ੍ਹਾਂ ਨੂੰ ਆਮ ਵਾਂਗ ਕੰਢਿਆਲੀ ਤਾਰੋਂ ਪਾਰ ਜਾਣ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਦੋਂਕਿ ਹਿਜ਼ਰਤ ਕਰ ਚੁੱਕੇ ਕਿਸਾਨਾਂ ਦੀ ਫਸਲ ਦੀ ਰਾਖੀ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਵੀ ਕੀਤੇ ਗਏ ਹਨ।