ਸੰਗਰੂਰ: ਰਾਜ ਸਭਾ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਚਰਚਾ ਵਿੱਚ ਆਏ ਨਵਜੋਤ ਸਿੰਘ ਸਿੱਧੂ 'ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਸੰਗਰੂਰ ਦੇ ਹਲਕਾ ਸ਼ੇਰਪੁਰ ਵਿੱਚ ਸੰਗਤ ਦਰਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਸਿੱਧੂ ਦਾ ਨਾਂ ਲਏ ਬਿਨਾਂ ਆਖਿਆ ਕਿ ਦਲ ਬਦਲਣ ਵਾਲਿਆਂ ਨੂੰ ਜਿੱਥੋਂ ਬੁਰਕੀ ਮਿਲਦੀ ਹੈ ਉਧਰ ਚਲੇ ਜਾਂਦੇ ਹਨ।
ਉਨ੍ਹਾਂ ਆਖਿਆ ਕਿ ਸਿੱਧੂ ਵੱਲੋਂ ਅਕਾਲੀ ਦਲ ਤੋਂ ਬਦਲਾ ਲੈਣ ਦੀ ਗੱਲ ਤਾਂ ਸਿਰਫ਼ ਬਹਾਨਾ ਹੈ, ਉਨ੍ਹਾਂ ਨੇ ਲਾਲਚ ਕਾਰਨ ਬੀਜੇਪੀ ਨੂੰ ਛੱਡਿਆ ਹੈ। ਉਨ੍ਹਾਂ ਆਖਿਆ ਕਿ ਦਲ ਬਦਲੂਆਂ ਦਾ ਹਸ਼ਰ ਕਦੇ ਚੰਗਾ ਨਹੀਂ ਹੋਇਆ। ਉਨ੍ਹਾਂ ਆਖਿਆ ਕਿ ਸਿੱਧੂ ਪੰਜਾਬ ਵਿੱਚੋਂ ਅਕਸਰ ਗ਼ਾਇਬ ਰਹਿੰਦੇ ਹਨ। ਡਾਕਟਰ ਨਵਜੋਤ ਕੌਰ ਸਿੱਧੂ ਦੇ ਮੁੱਦੇ ਉੱਤੇ ਬੋਲਦਿਆਂ ਉਨ੍ਹਾਂ ਆਖਿਆ ਕਿ ਇਹ ਬੀਜੇਪੀ ਦਾ ਅੰਦਰੂਨੀ ਮੁੱਦਾ ਹੈ।
ਪਾਰਟੀ ਵਿੱਚੋਂ ਮੁਅੱਤਲ ਕੀਤੇ ਗਏ ਵਿਧਾਇਕ ਪ੍ਰਗਟ ਸਿੰਘ ਤੇ ਇੰਦਰਬੀਰ ਸਿੰਘ ਬੁਲਾਰੀਆ ਦੇ ਮੁੱਦੇ ਉੱਤੇ ਬੋਲਦਿਆਂ ਉਨ੍ਹਾਂ ਆਖਿਆ ਕਿ ਉਹ ਲਗਾਤਾਰ ਪਾਰਟੀ ਵਿਰੋਧੀ ਕੰਮ ਕਰ ਰਹੇ ਸਨ ਤੇ ਅਜਿਹੇ ਲੋਕਾਂ ਨੂੰ ਪਾਰਟੀ ਵਿੱਚ ਰਹਿਣ ਦਾ ਕੋਈ ਹੱਕ ਨਹੀਂ। ਉਨ੍ਹਾਂ ਆਖਿਆ ਕਿ ਦੋਵਾਂ ਆਗੂ ਕਿਸ ਪਾਰਟੀ ਵਿੱਚ ਜਾਂਦੇ ਹਨ ਇਸ ਨਾਲ ਅਕਾਲੀ ਦਲ ਨੂੰ ਕੋਈ ਫ਼ਰਕ ਨਹੀਂ ਪੈਣਾ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ।