ਸ਼੍ਰੋਮਣੀ ਕਮੇਟੀ ਦੇ ਨਵੇਂ ਸਦਨ ਦੇ ਗਠਨ ਲਈ ਤਿਆਰੀਆਂ ਜ਼ੋਰਾਂ 'ਤੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਸੱਦਾ ਪੱਤਰ ਭੇਜ ਦਿੱਤੇ ਗਏ ਹਨ। ਨਵੇਂ ਸਦਨ ਦੀ ਪਲੇਠੀ ਮੀਟਿੰਗ ਪੰਜ ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਰੱਖੀ ਗਈ ਹੈ। ਇਸ ਲਈ ਪੰਜ ਨਵੰਬਰ ਦਾ ਦਿਨ ਸ਼੍ਰੋਮਣੀ ਕਮੇਟੀ ਲਈ ਅਹਿਮ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਮੁਤਾਬਕ ਡਿਪਟੀ ਕਮਿਸ਼ਨਰ ਵੱਲੋਂ ਪੱਤਰ ਨੰਬਰ ਚੋਣ 2011/ਗੁਰਦੁਆਰਾ:/1476 ਮਿਤੀ 27-10-2016 ਰਾਹੀ ਸ਼੍ਰੋਮਣੀ ਕਮੇਟੀ ਦਾ ਜਨਰਲ ਸਮਾਗਮ 5 ਨਵੰਬਰ ਨੂੰ ਬਾਅਦ ਦੁਪਹਿਰ 12:15 ਵਜੇ ਸ਼੍ਰੋਮਣੀ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਰੱਖਿਆ ਗਿਆ ਹੈ। ਇਸ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਵੇਗੀ।
ਇਸ ਸਦਨ ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ 18 ਸਤੰਬਰ 2011 ਵਿੱਚ ਪਈਆਂ ਸਨ ਜਿਸ ਵਿਚ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨੇ ਸੰਤ ਸਮਾਜ ਨਾਲ ਰਲ ਕੇ ਹੂੰਝਾ ਫੇਰ ਜਿੱਤ ਹਾਸਲ ਕਰਦਿਆਂ 170 ਵਿੱਚੋਂ 157 ਸੀਟਾਂ ਪ੍ਰਾਪਤ ਕੀਤੀਆਂ ਸਨ। ਮੌਜੂਦਾ ਸਦਨ ਵਿੱਚ ਮੈਂਬਰਾਂ ਦੀ ਕੁੱਲ ਗਿਣਤੀ 190 ਹੈ, ਜਿਸ ਵਿੱਚੋਂ 170 ਮੈਂਬਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਅਤੇ 15 ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ। ਪੰਜ ਤਖ਼ਤਾਂ ਦੇ ਜਥੇਦਾਰ ਵੀ ਸਦਨ ਦੇ ਸਥਾਈ ਮੈਂਬਰ ਹਨ।