Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪਿਛਲੇ 15 ਦਿਨਾਂ ਵਿੱਚ ਭਾਰੀ ਬਰਸਾਤਾਂ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨਾਲ 20 ਲੱਖ ਹੈਕਟਰ ਵਿਚ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਤਬਾਹ ਹੋ ਗਈ ਹੈ, ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।


ਮੁੱਖ ਮੰਤਰੀ ਭਗਵੰਤ ਮਾਨ ਦੇ ਬੇਰੁਖੀ ਵਾਲੇ ਰਵੱਈਏ ’ਤੇ ਹੈਰਾਨੀ ਪ੍ਰਗਟ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪੁੱਛਿਆ ਕਿ ਮੁੱਖ ਮੰਤਰੀ ਕਿਸਦੀ ਉਡੀਕ ਕਰ ਰਹੇ ਹਨ ? ਸੂਬੇ ਵਿਚ ਅੱਧੇ ਤੋਂ ਵੱਧ ਕਣਕ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ ਜੋ ਸਭ ਨੂੰ ਦਿਸ ਰਹੀ ਹੈ। ਖੇਤੀਬਾੜੀ ਮਾਹਿਰਾਂ ਨੇ ਵੀ ਇਸਦੀ ਪੁਸ਼ਟੀ ਕੀਤੀ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ’ਦਿੱਲੀ ਮਾਡਲ’ ਅਨੁਸਾਰ ਫਸਲ ਦੇ ਖਰਾਬੇ ’ਤੇ ਮੁਆਵਜ਼ਾ ਤੁਰੰਤ ਦਿੱਤਾ ਜਾਵੇਗਾ ਅਤੇ ਇਸਨੂੰ ਪਿਛਲੇ ਸਾਲ ਵਾਂਗੂ ਕਿਸਾਨਾਂ ਨੂੰ ਰਾਹਤ ਦੇਣ ਵਾਸਤੇ ਗਿਰਦਾਵਰੀ ਦੀ ਉਡੀਕ ਕਰਨ ਦੀ ਥਾਂ ਕਿਸਾਨਾਂ ਨੂੰ ਤੁਰੰਤ ਰਾਹਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਿਛਲੇ ਸਾਲ ਕਣਕ ਤੇ ਨਰਮੇ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਸਨ ਪਰ ਕਿਸਾਨਾਂ ਨੂੰ ਹੁਣ ਤੱਕ ਮੁਆਵਜ਼ਾ ਨਹੀਂ ਮਿਲਿਆ।


ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੀਡੀਆ ਵਿੱਚ ਇਹ ਪ੍ਰੇਸ਼ਾਨ ਕਰਨ ਵਾਲੀਆਂ ਖਬਰਾਂ ਆ ਰਹੀਆਂ ਹਨ ਕਿ ਮਾਲੀਆ ਅਫਸਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਦੀ ਮੱਦ ਅਨੁਸਾਰ ਨਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਆਪ ਸਰਕਾਰ ਕਿਸਾਨਾਂ ਨੂੰ 15000 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਤੋਂ ਵੀ ਭੱਜ ਰਹੀ ਹੈ।


ਬਾਦਲ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਅਜਿਹੀਆਂ ਕਿਸਾਨ ਵਿਰੋਧੀ ਤੇ ਅਣਮਨੁੱਖੀ ਨੀਤੀਆਂ ਵਿੱਚ ਨਾ ਉਲਝੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਨਿਆਂ ਨਾ ਦਿੱਤਾ ਗਿਆ ਤਾਂ ਫਿਰ ਅਕਾਲੀ ਦਲ ਸੰਘਰਸ਼ ਵਿੱਢੇਗਾ। ਉਹਨਾਂ ਇਹ ਵੀ ਮੰਗ ਕੀਤੀ ਕਿ ਖੇਤੀ ਮਜ਼ਦੂਰਾਂ ਲਈ ਵੀ ਮੁਆਵਜ਼ਾ ਵਧਾ ਕੇ 10 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਜਾਵੇ ਤੇ ਜਿਹਨਾਂ ਨੇ ਠੇਕੇ ’ਤੇ ਜ਼ਮੀਨ ਲੈ ਕੇ ਕਾਸ਼ਤ ਕੀਤੀਹੈ,  ਉਹਨਾਂ ਦੇ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾਵੇ।