ਚੰਡੀਗੜ੍ਹ: ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸਿਰਸਾ ਦੇ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾਯਾਫ਼ਤਾ ਗੁਰਮੀਤ ਰਾਮ ਰਹੀਮ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। 20 ਸਾਲ ਦੀ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੇ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿੱਚ ਜ਼ਮਾਨਤ ਚਾਹੁੰਦਾ ਸੀ, ਪਰ ਉਸ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਪਿਛਲੇ ਮਹੀਨੇ ਅਦਾਲਤ ਨੇ ਰਾਮ ਰਹੀਮ ਵਿਰੁੱਧ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿੱਚ ਦੋਸ਼ ਆਇਦ ਕਰ ਦਿੱਤੇ ਸਨ। ਹੁਣ ਇਸ ਮਾਮਲੇ 'ਤੇ ਅੰਤਮ ਬਹਿਸ ਹੋਣੀ ਹੈ। ਸਾਧੂਆਂ ਨੂੰ ਨਿਪੁੰਸਕ ਬਣਾਉਣ ਵਾਲੇ ਮਾਮਲੇ ਵਿੱਚ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਵਿੱਚ ਦੋਸ਼ੀ ਤੇ ਸਜ਼ਾਯਾਫ਼ਤਾ ਡੇਰਾ ਮੁਖੀ ਦਾ ਪੱਖ ਕਾਫੀ ਕਮਜ਼ੋਰ ਹੈ। ਇਸ ਤੋਂ ਇਲਾਵਾ ਗੁਰਮੀਤ ਰਾਮ ਰਹੀਮ 'ਤੇ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਤੇ ਸਿਰਸਾ ਤੋਂ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ ਵੀ ਚੱਲ ਰਹੇ ਹਨ। ਉਕਤ ਮਾਮਲਿਆਂ ਵਿੱਚ ਡੇਰਾ ਮੁਖੀ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਨੇ ਅਦਾਲਤ ਤੋਂ ਆਪਣੇ ਬਿਆਨ ਦਰਜ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਵੀ ਆਰੰਭੀ ਹੋਈ ਹੈ।