ਲੁਧਿਆਣਾ : ਆਵਾਜ਼-ਏ-ਪੰਜਾਬ ਦੇ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਨਾ ਬਣਾਉਣ ਦੇ ਐਲਾਨ ਤੋਂ ਬਾਅਦ ਫ਼ਰੰਟ ਨਾਲ ਜੁੜੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਇਹ ਫ਼ਰੰਟ ਹਰ ਹਾਲ ’ਚ ਵਿਧਾਨ ਸਭਾ ਚੋਣਾਂ ਲੜੇਗਾ। ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਪਸ਼ਟ ਕੀਤਾ ਕਿ ਆਵਾਜ਼-ਏ-ਪੰਜਾਬ ਮੋਰਚਾ ਚੋਣਾਂ ਤੋਂ ਪਹਿਲਾਂ ਸਹੀ ਪਾਰਟੀ ਨਾਲ ਗੱਠਜੋੜ ਕਰਨ ਤੋਂ ਬਾਅਦ ਵਿਧਾਨ ਸਭਾ ਚੋਣਾਂ ਲੜੇਗਾ ਅਤੇ ਇਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਖ਼ੁਦ ਹੋਣਗੇ।
ਵਿਧਾਇਕ ਬੈਂਸ ਭਰਾਵਾਂ ਨੇ ਇਹ ਗੱਲ ਵੀ ਸਪਸ਼ਟ ਕੀਤੀ ਕਿ ਉਨ੍ਹਾਂ ਦਾ ਮੋਰਚਾ ਕਦੇ ਵੀ ਅਕਾਲੀ-ਭਾਜਪਾ ਸਰਕਾਰ ਦਾ ਸਾਥ ਨਹੀਂ ਦੇਵੇਗਾ। ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਪਸ਼ਟ ਕੀਤਾ ਕਿ ਨਵਜੋਤ ਸਿੱਧੂ ਨੇ ਜੋ ਪ੍ਰੈੱਸ ਨੋਟ ਜਾਰੀ ਕਰ ਕੇ ਪਾਰਟੀ ਨਾ ਬਣਾਉਣ ਦਾ ਫ਼ੈਸਲਾ ਲਿਆ, ਉਹ ਉਨ੍ਹਾਂ ਦੋਹਾਂ ਭਰਾਵਾਂ ਅਤੇ ਵਿਧਾਇਕ ਪਰਗਟ ਸਿੰਘ ਦੀ ਸਹਿਮਤੀ ਨਾਲ ਹੀ ਲਿਆ ਸੀ।
ਇਸ ਦੇ ਨਾਲ ਹੀ ਪੰਜਾਬ ਦੀਆਂ ਵੱਖ ਵੱਖ ਧਿਰਾਂ ਨੂੰ ਇਕੱਠੇ ਕਰ ਕੇ ਇੱਕ ਸਾਂਝੇ ਮੰਚ ਉੱਤੇ ਲਿਆਉਣ ਦੀਆਂ ਕੋਸ਼ਿਸ਼ਾਂ ਵੀ ਸ਼ੁਰੂ ਹੋ ਗਈਆਂ ਹਨ। ਪਟਿਆਲਾ ਤੋਂ ਸਾਂਸਦ ਡਾਕਟਰ ਧਰਮਵੀਰ ਗਾਂਧੀ ਵੱਲੋਂ ਵੱਖ ਵੱਖ ਪਾਰਟੀਆਂ ਦੀ ਸਾਂਝੀ ਮੀਟਿੰਗ 25 ਸਤੰਬਰ ਨੂੰ ਚੰਡੀਗੜ੍ਹ ਵਿੱਚ ਸੱਦੀ ਹੈ। ਇਸ ਮੀਟਿੰਗ ਵਿੱਚ ਬੈਂਸ ਭਰਾਵਾਂ ਨੂੰ ਵੀ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੁੱਚਾ ਸਿੰਘ ਛੋਟੇਪੁਰ ਦੇ ਧੜੇ ਨੂੰ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਭੇਜਿਆ ਗਿਆ ਹੈ। ਪੰਜਾਬ ਦੀਆਂ ਖੱਬੀਆਂ ਧਿਰਾਂ ਨੂੰ ਵੀ ਸਾਂਝੀ ਮੀਟਿੰਗ ਵਿੱਚ ਬੁਲਾਇਆ ਗਿਆ ਹੈ।