ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। 


ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਸਮੇਂ ਸਿਰ ਤਰੱਕੀਆਂ ਨਾ ਮਿਲਣ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਬਕਾਏ ਜਾਰੀ ਨਾ ਕਰਨ ਦੇ ਵਿਰੋਧ ਵਿੱਚ 9 ਸਤੰਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ ਕਰਨ ਦੀ ਧਮਕੀ ਦਿੱਤੀ ਹੈ। 


ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਮਹੀਨਾਵਾਰ ਤਨਖ਼ਾਹਾਂ ਸਮੇਂ ਸਿਰ ਦੇਣ 'ਚ ਅਸਫਲ ਰਹੀ ਹੈ। ਇਸ ਤੋਂ ਇਲਾਵਾ 'ਆਪ' ਸਰਕਾਰ ਨੇ ਅਜੇ ਤੱਕ 7ਵੇਂ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂ.ਜੀ.ਸੀ.) ਦੇ ਤਨਖ਼ਾਹ ਸਕੇਲ ਨੂੰ ਲਾਗੂ ਨਹੀਂ ਕੀਤਾ ਹੈ, ਜਿਸ ਨਾਲ ਸੂਬੇ ਦੇ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਲਗਭਗ 4000 ਅਧਿਆਪਕ ਤਨਖ਼ਾਹ ਵਾਧੇ ਤੋਂ ਵਾਂਝੇ ਰਹਿ ਗਏ ਹਨ। 


ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਜਦੋਂ ਤੋਂ 'ਆਪ' ਨੇ ਪੰਜਾਬ ਵਿੱਚ ਸੱਤਾ ਸੰਭਾਲੀ ਹੈ, ਉਦੋਂ ਤੋਂ ਸੂਬੇ ਦੀ ਆਰਥਿਕਤਾ ਗੰਭੀਰ ਸੰਕਟ ਵਿੱਚ ਹੈ। ਸਮਾਜ ਦੇ ਹੋਰ ਵਰਗਾਂ ਦੇ ਨਾਲ-ਨਾਲ ਸਰਕਾਰੀ ਕਰਮਚਾਰੀ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਢਾਈ ਸਾਲਾਂ ਦੇ ਸ਼ਾਸਨ ਕਾਲ ਦੌਰਾਨ ਕੀਤੀ ਗਈ ਵਿੱਤੀ ਗੜਬੜੀ ਦਾ ਖ਼ਮਿਆਜ਼ਾ ਝੱਲ ਰਹੇ ਹਨ। 


ਉਨ੍ਹਾਂ ਕਿਹਾ ਕਿ ਪੰਜਾਬ ਦਾ ਖ਼ਜ਼ਾਨਾ ਖ਼ਾਲੀ ਹੋ ਚੁੱਕਾ ਹੈ, ਫਿਰ ਵੀ 'ਆਪ' ਸਰਕਾਰ ਨਾ ਤਾਂ ਇਸ ਨੂੰ ਸਵੀਕਾਰ ਕਰ ਰਹੀ ਹੈ ਅਤੇ ਨਾ ਹੀ ਅਰਥਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਯਤਨ ਕਰ ਰਹੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਜਾਅਲੀ ਇਸ਼ਤਿਹਾਰਾਂ ਨਾਲ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।