ਚੰਡੀਗੜ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੰਭੂ ਬਾਰਡਰ 'ਤੇ ਜੰਗ ਵਰਗੇ ਹਾਲਾਤ ਪੈਦਾ ਕਰਨ ਅਤੇ ਕਿਸਾਨਾਂ ਨੂੰ ਦਿੱਲੀ 'ਚ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ।
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਨੂੰ ਭਾਰਤ-ਪਾਕਿ ਸਰਹੱਦ ਬਣਾ ਦਿੱਤਾ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਕੋਸ਼ਿਸ਼ ਵਿੱਚ ਹਰਿਆਣਾ ਪੁਲਿਸ ਨਿਰਦੋਸ਼ ਕਿਸਾਨਾਂ ਨਾਲ ਜ਼ੁਲਮ ਕਰ ਰਹੀ ਹੈ। ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਵਰਤੇ ਜਾ ਰਹੇ ਹਨ। ਹਰਿਆਣਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਬਾਜਵਾ ਨੇ ਕਿਹਾ ਕਿ ਉਹ ਦੇਸ਼ ਵਾਸੀਆਂ ਨੂੰ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ ਤੋਂ ਕਿਵੇਂ ਰੋਕ ਸਕਦੇ ਹਨ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਹਰਿਆਣਾ ਸਰਕਾਰ ਜਾਣਦੀ ਹੈ ਕਿ ਕਿਸਾਨ ਹਰਿਆਣਾ ਵਿੱਚ ਨਹੀਂ ਰਹਿਣ ਵਾਲੇ ਕਿਉਂਕਿ ਉਹ ਸਿਰਫ ਕੇਂਦਰ ਸਰਕਾਰ ਵਿਰੁੱਧ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਹਨ। ਹਰਿਆਣਾ ਸਰਕਾਰ ਨੂੰ ਕਿਸਾਨਾਂ ਲਈ ਰੁਕਾਵਟਾਂ ਪੈਦਾ ਨਹੀਂ ਕਰਨੀਆਂ ਚਾਹੀਦੀਆਂ ਅਤੇ ਉਨ੍ਹਾਂ ਨੂੰ ਦਿੱਲੀ ਜਾਣ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਭਰ ਦੇ ਕਿਸਾਨਾਂ ਲਈ ਸੰਘਰਸ਼ ਕਰ ਰਹੇ ਹਨ। ਹਰਿਆਣਾ ਦੇ ਮੁੱਖ ਮੰਤਰੀ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਇਸ ਦੀ ਆਰਥਿਕਤਾ ਪੰਜਾਬ ਵਰਗੀ ਖੇਤੀਬਾੜੀ ਅਧਾਰਤ ਹੈ। ਜੇਕਰ ਸਾਰੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਕਾਨੂੰਨੀ ਹੋ ਜਾਂਦਾ ਹੈ ਤਾਂ ਹਰਿਆਣਾ ਦੇ ਕਿਸਾਨ ਭਾਈਚਾਰੇ ਨੂੰ ਵੀ ਲਾਭ ਹੋਵੇਗਾ। ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ 2.0 ਨੂੰ ਦਬਾ ਕੇ ਹਰਿਆਣਾ ਦੇ ਮੁੱਖ ਮੰਤਰੀ ਨੇ ਆਪਣਾ ਕਿਸਾਨ ਵਿਰੋਧੀ ਚਿਹਰਾ ਦਿਖਾਇਆ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾ ਸਿਰਫ ਐਮਐਸਪੀ ਨੂੰ ਕਾਨੂੰਨੀ ਬਣਾਉਣ ਦੇ ਆਪਣੇ ਵਾਅਦੇ ਤੋਂ ਮੁਕਰ ਗਈ, ਬਲਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਆਪਣੀ ਵਚਨਬੱਧਤਾ ਵਿੱਚ ਅਸਫ਼ਲ ਰਹੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।