Farmer's Protest: ਪੰਜਾਬੀਆਂ ਨੇ ‘ਆਪ’ ਦੇ ਹੱਕ 'ਚ ਫ਼ਤਵਾ ਦਿੱਤਾ, ਪਰ ‘ਆਪ’ ਵਿਧਾਇਕਾਂ ਨੂੰ ਨਾ ਸਮੱਸਿਆਵਾਂ ਦੀ ਸਮਝ ਤੇ ਨਾ ਹੀ ਸਮਝਣਾ ਚਾਹੁੰਦੇ: ਰਾਜੇਵਾਲ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਤੀਜੇ ਬਦਲ ਵਜੋਂ ਦੇਖਦਿਆਂ ਝਾੜੂ ਦੇ ਹੱਕ ਵਿੱਚ ਫ਼ਤਵਾ ਦਿੱਤਾ, ਪਰ ‘ਆਪ’ ਵਿਧਾਇਕਾਂ ਨੂੰ ਨਾ ਹੀ ਇਨ੍ਹਾਂ ਸਮੱਸਿਆਵਾਂ ਦੀ ਗੰਭੀਰਤਾ ਦੀ ਸਮਝ ਹੈ
Farmer's Protest: ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਤੀਜੇ ਬਦਲ ਵਜੋਂ ਦੇਖਦਿਆਂ ਝਾੜੂ ਦੇ ਹੱਕ ਵਿੱਚ ਫ਼ਤਵਾ ਦਿੱਤਾ, ਪਰ ‘ਆਪ’ ਵਿਧਾਇਕਾਂ ਨੂੰ ਨਾ ਹੀ ਇਨ੍ਹਾਂ ਸਮੱਸਿਆਵਾਂ ਦੀ ਗੰਭੀਰਤਾ ਦੀ ਸਮਝ ਹੈ ਤੇ ਨਾ ਹੀ ਉਹ ਸਮਝਣਾ ਚਾਹੁੰਦੇ ਹਨ। ਰਾਜੇਵਾਲ ਨੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਤੇ ਸੂਬੇ ਦੇ ਮੁੱਖ ਮੰਤਰੀ ਨੂੰ ਲੰਪੀ ਸਕਿਨ ਬਿਮਾਰੀ ਬਾਰੇ ਚਿੱਠੀ ਲਿਖ ਕੇ ਇਸ ਸਬੰਧੀ ਅਗੇਤੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਸੀ, ਪਰ ਸਰਕਾਰਾਂ ਨੇ ਇਸ ਸਮੱਸਿਆ ਵੱਲ ਸਮੇਂ ਸਿਰ ਧਿਆਨ ਨਹੀਂ ਦਿੱਤਾ, ਜਿਸ ਦਾ ਖ਼ਮਿਆਜ਼ਾ ਅੱਜ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਤੇ ਹੋਰ ਜਥੇਬੰਦੀਆਂ ਵੱਲੋਂ ਕਿਸਾਨ ਲੀਡਰ ਪਰਮਿੰਦਰ ਸਿੰਘ ਚਲਾਕੀ ਦੀ ਅਗਵਾਈ ਹੇਠ ਮੰਗਲਵਾਰ ਤੋਂ ਮੁਹਾਲੀ ਦੇ ਫੇਜ਼-6 ਸਥਿਤ ਵੇਰਵਾ ਮਿਲਕ ਪਲਾਂਟ ਦੇ ਬਾਹਰ ਪਸ਼ੂ ਪਾਲਕਾਂ ਦੇ ਹੱਕ ਵਿੱਚ ਅਣਮਿੱਥੇ ਸਮੇਂ ਲਈ ਲੜੀਵਾਰ ਧਰਨਾ ਸ਼ੁਰੂ ਕੀਤਾ ਗਿਆ ਹੈ। ਧਰਨੇ ਦੌਰਾਨ ਪਰਮਿੰਦਰ ਸਿੰਘ ਚਲਾਕੀ ਨੇ ਕਿਹਾ ਕਿ ਲੰਪੀ ਸਕਿਨ ਬਿਮਾਰੀ ਨਾਲ ਦੁਧਾਰੂ ਪਸ਼ੂ ਮਰਨ ਕਾਰਨ ਦੁੱਧ ਉਤਪਾਦਕਾਂ ਨੂੰ ਘੱਟੋ-ਘੱਟ 1250 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਤੇ ਇਸ ਬੀਮਾਰੀ ਨੇ ਡੇਅਰੀ ਖੇਤਰ ਦਾ ਲੱਕ ਤੋੜ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਲੰਪੀ ਸਕਿਨ ਤੋਂ ਪੀੜਤ ਕਰੀਬ ਇੱਕ ਲੱਖ ਪਸ਼ੂ ਮਰ ਚੁੱਕੇ ਹਨ, ਪਰ ਹਾਲੇ ਵੀ ਵੱਡੀ ਗਿਣਤੀ ਪਸ਼ੂ ਹਸਪਤਾਲ ਡਾਕਟਰਾਂ ਤੇ ਦਵਾਈਆਂ ਤੋਂ ਵਾਂਝੇ ਹਨ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਸ਼ੂ ਪਾਲਕਾਂ ਨੂੰ ਪ੍ਰਤੀ ਪਸ਼ੂ ਇੱਕ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਤੇ ਬੀਮਾਰ ਪਸ਼ੂਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇ। ਇਸ ਦੇ ਨਾਲ ਹੀ ਦੁੱਧ ਦੀ ਕੀਮਤ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਵੀ ਮੰਗਿਆ ਗਿਆ। ਉਨ੍ਹਾਂ ਕਿਹਾ ਕਿ ਉਹ ਰਾਸ਼ਨ ਪਾਣੀ ਨਾਲ ਲੈ ਕੇ ਆਏ ਹਨ ਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਸ਼ਾਂਤਮਈ ਧਰਨਾ ਜਾਰੀ ਰਹੇਗਾ।