ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ 'ਤੇ ਹਮਲੇ ਕਰਕੇ ਪੰਜਾਬ ਦੇ ਪਸ਼ੂ ਪਾਲਣ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਾਹੌਰ ਵਿੱਚ ਹੋਣ ਵਾਲੀ ਇੰਟਰਨੈਸ਼ਨਲ ਬੁਫੈਲੋ ਕਾਂਗਰਸ ਲਈ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ ਦਿੱਤਾ ਹੈ।

ਸਿੱਧੂ ਨੇ ਦੱਸਿਆ ਕਿ ਯੂਨੀਵਰਸਿਟੀ ਆਫ ਐਨੀਮਲ ਐਂਡ ਵੈਟਰਨਰੀ ਸਾਇੰਸਜ਼, ਲਾਹੌਰ ਵੱਲੋਂ ਇੰਟਰਨੈਸ਼ਨਲ ਬੂਫੈਲੋ ਕਾਂਗਰਸ 18 ਤੋਂ 20 ਫਰਵਰੀ ਤੱਕ ਕਰਵਾਈ ਜਾ ਰਹੀ ਹੈ। ਇਸ ਵਿੱਚ ਵੱਖ-ਵੱਖ ਦੇਸ਼ਾਂ ਦੇ ਨੁਮਾਇੰਦੇ ਹਿੱਸਾ ਲੈਣ ਲਈ ਪਹੁੰਚ ਰਹੇ ਹਨ।

ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਸੂਬੇ ਦੇ ਅਗਾਂਹਵਧੂ ਕਿਸਾਨਾਂ ਨਾਲ ਵਿਸ਼ੇਸ਼ ਤੌਰ 'ਤੇ ਜਾਣਾ ਸੀ ਪਰ ਪਾਕਿਸਤਾਨੀ ਅੱਤਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਵੱਲੋਂ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ 'ਤੇ ਕੀਤੇ ਹਮਲੇ ਵਿੱਚ 41 ਜਵਾਨਾਂ ਦੇ ਸ਼ਹੀਦ ਹੋਣ ਉਪਰੰਤ ਉਨ੍ਹਾਂ ਇਹ ਦੌਰਾ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਪੁਲਵਾਮਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਅਮਨ-ਸ਼ਾਂਤੀ ਦੇ ਵਿਰੋਧੀ ਤੱਤਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਸੱਟ ਮਾਰਨ ਲਈ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਨਾਪਾਕ ਮਨਸੂਬਿਆਂ ਨੂੰ ਹਾਸਲ ਕਰਨ ਵਿੱਚ ਕਦੇ ਸਫਲ ਨਹੀਂ ਹੋ ਸਕਦੇ।