ਅੰਮ੍ਰਿਤਸਰ: ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਨਾ ਦੇਣ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਤੇ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਉਨ੍ਹਾਂ ਅੱਜ ਸਵੇਰੇ ਉਸ ਵੇਲੇ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਅੰਮ੍ਰਿਤ ਵੇਲੇ ਨਿਤਨੇਮ ਕਰ ਰਹੇ ਸਨ। ਪੁਲਿਸ ਨੇ ਕਈ ਲੀਡਰਾਂ ਦੇ ਨਾਲ-ਨਾਲ ਕੁਝ ਹੋਰ ਰਾਗੀਆਂ ਢਾਡੀਆਂ, ਕਥਾਵਾਚਕਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ।     ਦਰਅਸਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਗ੍ਰਿਫਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਸਰਬੱਤ ਖਾਲਸਾ ਵੱਲੋਂ ਥਾਪੇ ਤਖਤਾਂ ਦੇ ਜਥੇਦਾਰਾਂ ਦੇ ਆਦੇਸ਼ 'ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੇ ਹੋਰ ਸਹਿਯੋਗੀ ਜਥੇਬੰਦੀਆ ਵੱਲੋਂ 17 ਜੁਲਾਈ ਨੂੰ ਭਗਤਾ ਭਾਈ ਕਾ ਤੋਂ ਬਰਗਾੜੀ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਪੁਲਿਸ ਨੇ ਇਸ ਮਾਰਚ ਨੂੰ ਨੂੰ ਠੁਸ ਕਰਨ ਲਈ ਸਰਕਾਰ ਦੇ ਆਦੇਸ਼ਾਂ 'ਤੇ ਇਹ ਕਾਰਵਾਈ ਕੀਤੀ ਹੈ।     ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੜਕੇ ਕਰੀਬ ਪੰਜ ਵਜੇ ਪੁਲਿਸ ਨੇ ਭਾਈ ਬਲਦੇਵ ਸਿੰਘ ਵਡਾਲਾ ਦੇ ਘਰ ਛਾਪਾ ਮਾਰਿਆ। ਉਨ੍ਹਾਂ ਨੂੰ ਥਾਣੇ ਜਾਣ ਲਈ ਕਿਹਾ। ਭਾਈ ਵਡਾਲਾ ਨੇ ਜਦੋਂ ਇਸ ਦਾ ਕਾਰਨ ਪੁੱਛਿਆ ਤਾਂ ਪੁਲਿਸ ਵਾਲੇ ਕੋਈ ਉੱਤਰ ਨਾ ਦੇ ਸਕੇ। ਸਿਰਫ ਇੰਨਾ ਹੀ ਕਿਹਾ ਕਿ ਉਪਰੋਂ ਆਏ ਹੁਕਮਾਂ ਦੀ ਤਾਮੀਲ ਕੀਤੀ ਜਾ ਰਹੀ ਹੈ। ਭਾਈ ਬਲਬੀਰ ਸਿੰਘ ਦੇ ਘਰ ਵੀ ਅੱਜ ਤੜਕੇ ਪੁਲੀਸ ਨੂੰ ਛਾਪਾ ਮਾਰਿਆ ਤੇ ਗ੍ਰਿਫਤਾਰ ਕਰਕੇ ਥਾਣੇ ਲੈ ਗਈ।     ਯੂਨਾਈਟਿਡ ਅਕਾਲੀ ਦਲ ਦੇ ਕਨਵੀਨਰ ਭਾਈ ਮੋਹਕਮ ਸਿੰਘ ਨੂੰ ਵੀ ਪੁਲਿਸ ਨੇ ਉਨ੍ਹਾਂ ਦੇ ਘਰੋਂ ਅੱਜ ਤੜਕੇ ਗ੍ਰਿਫਤਾਰ ਕਰ ਲਿਆ ਜਦ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਫਤਰ ਸਕੱਤਰ ਹਰਬੀਰ ਸਿੰਘ ਸੰਧੂ ਨੂੰ ਵੀ ਪੁਲਿਸ ਗ੍ਰਿਫਤਾਰ ਕਰਕੇ ਥਾਣਾ ਬੀ ਡਵੀਜ਼ਨ ਲੈ ਗਈ। ਇਸ ਤੋਂ ਇਲਾਵਾ ਪਰਮਜੀਤ ਸਿੰਘ ਜਿਜੇਆਣੀ, ਸਤਨਾਮ ਸਿੰਘ ਮਨਾਵਾਂ ਤੇ ਭਾਈ ਵੱਸਣ ਸਿੰਘ ਜਫਰਵਾਲ ਨੂੰ ਵੀ ਗ੍ਰਿਫਤਾਰ ਕਰ ਲਏ ਜਾਣ ਦੀ ਖਬਰ ਮਿਲੀ ਹੈ। ਭਾਈ ਬਲਵੰਤ ਸਿੰਘ ਗੋਪਾਲਾ ਨੂੰ ਗ੍ਰਿਫਤਾਰ ਕਰਨ ਗਈ ਪੁਲਿਸ ਨੂੰ ਉਸ ਵੇਲੇ ਬੇਰੰਗ ਵਾਪਸ ਪਤਰਣਾ ਪਿਆ ਜਦੋਂ ਉਹ ਦੂਸਰੇ ਪਾਸੇ ਦੀ ਕੰਧ ਟੱਪ ਕੇ ਫਰਾਰ ਹੋਣ ਵਿੱਚ ਸਫਲ ਹੋ ਗਿਆ।