Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੰਜਾਬ ਦੇ ਸਾਬਕਾ ਮੰਤਰੀਆਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਸਿੰਘ ਸਿੱਧੂ ਨੂੰ ਤਲਬ ਕੀਤਾ ਸੀ ਪਰ ਉਹ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਗੇ। ਇਸ ਤੋਂ ਬਾਅਦ ਵਿਜੀਲੈਂਸ ਨੇ ਬਲਬੀਰ ਸਿੰਘ ਸਿੱਧੂ ਨੂੰ 5 ਜੂਨ ਦਾ ਸਮਾਂ ਦਿੱਤਾ ਹੈ। ਹੁਣ ਬਲਵੀਰ ਸਿੱਧੂ 5 ਜੂਨ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਲਵੀਰ ਸਿੱਧੂ ਨੂੰ ਤਲਬ ਕੀਤਾ ਸੀ।

ਦੱਸ ਦੇਈਏ ਕਿ ਪਿਛਲੇ ਦਿਨੀਂ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਵਿਜੀਲੈਂਸ ਨੇ ਕਾਂਗੜ ਨੂੰ 31 ਮਈ ਤੇ ਬਲਬੀਰ ਸਿੰਘ ਸਿੱਧੂ ਨੂੰ 2 ਜੂਨ ਨੂੰ ਤਲਬ ਕੀਤਾ ਸੀ। ਕਾਂਗੜ ਨੂੰ ਇਸ ਤੋਂ ਪਹਿਲਾਂ ਵੀ ਬਿਊਰੋ ਨੇ ਬੁਲਾਇਆ ਸੀ ਪਰ ਕਾਂਗੜ ਨੇ ਦਲੀਲ ਦਿੱਤੀ ਸੀ ਕਿ ਉਹ ਸਿਹਤ ਕਾਰਨਾਂ ਕਰਕੇ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਨਹੀਂ ਹੋ ਸਕਦੇ। ਇਹ ਦੋਵੇਂ ਇਸ ਵੇਲੇ ਭਾਜਪਾ ਦੇ ਸੀਨੀਅਰ ਆਗੂਆਂ ਵਿੱਚੋਂ ਹਨ।


 ਇਹ ਵੀ ਪੜ੍ਹੋ : ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨਾਲ ਕਈ ਸ਼ਹਿਰਾਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਵੇਖੋ ਤਾਜ਼ਾ ਰੇਟ

ਬਿਊਰੋ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਇਨ੍ਹਾਂ ਦੋਵਾਂ ਮਾਮਲਿਆਂ 'ਚ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਬਿਊਰੋ ਨੇ ਆਪਣੇ ਕੋਲ ਕੁਝ ਰਿਕਾਰਡ ਵੀ ਇਕੱਠਾ ਕੀਤਾ ਹੋਇਆ ਹੈ। ਹੁਣ ਦੋਵੇਂ ਸਾਬਕਾ ਮੰਤਰੀਆਂ ਵੱਲੋਂ ਵਿਜੀਲੈਂਸ ਬਿਊਰੋ ਦੇ ਸਾਹਮਣੇ ਆਪਣੀ ਜਾਇਦਾਦ ਨੂੰ ਲੈ ਕੇ ਆਪਣੇ ਦਸਤਾਵੇਜ਼ ਪੇਸ਼ ਕੀਤੇ ਜਾਣਗੇ। ਇਨ੍ਹਾਂ ਦਸਤਾਵੇਜ਼ਾਂ ਦੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾਵੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਜੀਲੈਂਸ ਬਿਊਰੋ ਦੋਵਾਂ ਨੂੰ ਪ੍ਰੋਫਾਰਮਾ ਦੇ ਚੁੱਕਾ ਹੈ ਤੇ ਇਸ ਪ੍ਰੋਫਾਰਮੇ ਨੂੰ ਭਰ ਕੇ ਦੋਵੇਂ ਸਾਬਕਾ ਮੰਤਰੀ ਵਿਜੀਲੈਂਸ ਅਧਿਕਾਰੀਆਂ ਕੋਲ ਜਮਾਂ ਕਰਵਾਉਣਗੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਅਜਿਹਾ ਇਕ ਪ੍ਰੋਫਾਰਮਾ ਦਿੱਤਾ ਗਿਆ ਸੀ, ਜਿਸ 'ਚ ਉਨ੍ਹਾਂ ਤੋਂ ਉਨ੍ਹਾਂ ਦੀ ਜਾਇਦਾਦ ਦਾ ਵੇਰਵਾ ਮੰਗਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਜੂਨ ਮਹੀਨੇ 'ਚ ਬੁਲਾਏ ਜਾਣ ਦੀ ਸੰਭਾਵਨਾ ਹੈ। ਉਹ ਇਕ ਵਾਰ ਵਿਜੀਲੈਂਸ ਅਧਿਕਾਰੀਆਂ ਸਾਹਮਣੇ ਪੇਸ਼ ਹੋ ਚੁੱਕੇ ਹਨ।