Punjab Cabinet Reshuffle: ਪੰਜਾਬ ਕੈਬਨਿਟ ਦਾ ਅੱਜ ਚੌਥੀ ਵਾਰ ਵਿਸਥਾਰ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ। 


ਅੱਜ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿੱਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ। ਇਸ ਤੋਂ ਬਾਅਦ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਹੋ ਸਕਦਾ ਹੈ।



ਦੱਸ ਦਈਏ ਕਿ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸੀਐਮ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ ਜਿਸ ਨੂੰ ਮੁੱਖ ਮੰਤਰੀ ਨੇ ਅੱਗੇ ਪ੍ਰਵਾਨਗੀ ਲਈ ਰਾਜਪਾਲ ਨੂੰ ਭੇਜ ਦਿੱਤਾ ਸੀ। ਮਨਜ਼ੂਰੀ ਤੋਂ ਬਾਅਦ ਨਵੇਂ ਮੰਤਰੀਆਂ ਦੀ ਸਹੁੰ ਚੁੱਕਣ ਲਈ ਰਾਜਪਾਲ ਤੋਂ ਸਮਾਂ ਲਿਆ ਗਿਆ ਸੀ। 



ਇਹ ਵੀ ਅਹਿਮ ਹੈ ਕਿ ਇੰਦਰਬੀਰ ਸਿੰਘ ਨਿੱਝਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 15 ਮਹੀਨਿਆਂ ਵਿੱਚ ਕੁਰਸੀ ਗੁਆਉਣ ਵਾਲੇ ਤੀਜੇ ਮੰਤਰੀ ਹਨ। ਇਸ ਤੋਂ ਪਹਿਲਾਂ ਡਾ: ਵਿਜੇ ਸਿੰਗਲਾ ਤੇ ਫ਼ੌਜਾ ਸਿੰਘ ਸਰਾਰੀ ਨੂੰ ਹਟਾਇਆ ਜਾ ਚੁੱਕਾ ਹੈ। ਇਸ ਲਈ ਹੁਣ ਸਭ ਦੀਆਂ ਨਜ਼ਰਾਂ ਵਿਭਾਗਾਂ ਦੇ ਫੇਰਬਦਲ ਵੱਲ ਹਨ।


ਦੱਸ ਦਈਏ ਕਿ ‘ਆਪ’ ਸਰਕਾਰ ਵੱਲੋਂ ਅੱਜ ਪੰਜਾਬ ਕੈਬਨਿਟ ਵਿੱਚ ਚੌਥੀ ਵਾਰ ਫੇਰ ਬਦਲ ਕੀਤਾ ਜਾ ਰਿਹਾ ਹੈ। ਕੈਬਨਿਟ ਵਿੱਚ ਹਲਕਾ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਤੇ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਜਾ ਰਿਹਾ ਹੈ ਜਦੋਂਕਿ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਸੀ। 



ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਵਾਰ ਨੂੰ ਹੀ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਦੇ ਨਾਮ ਉਪਰ ਮੋਹਰ ਲਾ ਦਿੱਤੀ ਹੈ। ਪੰਜਾਬ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਸਹੁੰ ਚੁੱਕ ਸਮਾਗਮ ਲਈ ਅੱਜ 11 ਵਜੇ ਦਾ ਸਮਾਂ ਮੰਗਿਆ ਹੈ। ‘ਆਪ’ ਸਰਕਾਰ ਨੇ ਅੱਜ ਹੀ ਸ਼ਾਮ ਨੂੰ ਸਾਰੇ ਪਾਰਟੀ ਵਿਧਾਇਕਾਂ ਤੇ ਵਜ਼ੀਰਾਂ ਲਈ ਰਾਤਰੀ ਭੋਜ ਰੱਖਿਆ ਹੋਇਆ ਹੈ ਜਿਸ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪੁੱਜ ਰਹੇ ਹਨ।