Sidhu Moose Wala: ਪੁੱਤ ਦੇ ਇਨਸਾਫ਼ ਲਈ ਅਸੀਂ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਾਂ ਤੇ ਮੁੱਖ ਮੰਤਰੀ ਡਰਾਮੇ ਕਰ ਰਿਹਾ : ਬਲਕੌਰ ਸਿੱਧੂ
Punjab News: ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਦਿਨ ਦਿਹਾੜੇ ਕਤਲ ਹੋ ਰਹੇ ਹਨ ਤੇ ਨਸ਼ਾ ਲਗਾਤਾਰ ਵਧ ਰਿਹਾ ਹੈ ਪਰ ਪੰਜਾਬ ਸਰਕਾਰ ਸਭ ਕੁਝ ਰੋਕਣ ਵਿੱਚ ਪੂਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੈ।

Punjab News: ਪੰਜਾਬੀ ਗਾਇਕ ਸ਼ੁਭਦੀਪ ਸਿੱਧੂ (ਸਿੱਧੂ ਮੂਸੇਵਾਲੇ) ਦੇ ਪਿਤਾ ਬਲਕੌਰ ਸਿੰਘ ਨੇ ਅੱਜ ਘਰ ਪਹੁੰਚੇ ਚਾਹੁਣ ਵਾਲਿਆਂ ਨੂੰ ਸੰਬੋਧਨ ਕਰਦਿਆਂ ਆਪਣੇ ਪੁੱਤਰ ਦੇ ਇਨਸਾਫ਼ ਨੂੰ ਲੈ ਕੇ ਸਰਕਾਰ 'ਤੇ ਵੱਡੇ ਸਵਾਲ ਖੜ੍ਹੇ ਕੀਤੇ। ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਦੇ ਕਤਲ ਨੂੰ ਡੇਢ ਸਾਲ ਦਾ ਸਮਾਂ ਲੰਘ ਚੁੱਕਿਆ ਹੈ ਪਰ ਅਜੇ ਤੱਕ ਸਰਕਾਰ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਹੁਣ ਤੱਕ ਸੁਰੱਖਿਆ ਲੀਕ ਕਰਨ ਵਾਲੇ ਉੱਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨ-ਦਿਹਾੜੇ ਕਤਲ ਹੋ ਰਹੇ ਹਨ ਤੇ ਨਸ਼ਾ ਲਗਾਤਾਰ ਵਧ ਰਿਹਾ ਹੈ ਪਰ ਪੰਜਾਬ ਸਰਕਾਰ ਸਭ ਕੁਝ ਰੋਕਣ ਵਿੱਚ ਪੂਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੈ।
ਬਲਕੌਰ ਸਿੰਘ ਨੇ ਕਿਹਾ ਕਿ ਹੜ੍ਹਾਂ ਨਾਲ ਦਰਜਨਾਂ ਪਿੰਡਾਂ ਦੇ ਲੋਕਾਂ ਦੇ ਘਰ ਤੇ ਫ਼ਸਲਾਂ ਬਰਬਾਦ ਹੋ ਚੁੱਕੀਆਂ ਹਨ। ਸਰਕਾਰ ਨੇ ਹਾਲੇ ਤੱਕ ਕਿਸੇ ਨੂੰ ਕੋਈ ਰਾਹਤ ਨਹੀਂ ਦਿੱਤੀ ਜਦੋਂਕਿ ਲੋਕਾਂ ਨੇ ਆਪਣੇ ਪੱਧਰ ਉੱਤੇ ਇੱਕ-ਦੂਜੇ ਦੀ ਮਦਦ ਕੀਤੀ ਹੈ। ਬਲਕੌਰ ਸਿੰਘ ਨੇ ਕਿਹਾ ਕਿ ਗੈਂਗਸਟਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਜੇਲ੍ਹਾਂ ਵਿੱਚ ਬੈਠ ਕੇ ਬੇਖ਼ੌਫ ਇੰਟਰਵੀਊ ਦੇ ਰਹੇ ਹਨ ਪਰ ਸਰਕਾਰ ਨੇ ਅਜੇ ਤੱਕ ਇਸ ਉੱਤੇ ਵੀ ਕੋਈ ਕਾਰਵਾਈ ਨਹੀਂ ਕੀਤੀ। ਹਰ ਵਾਰ ਸਿਰਫ਼ ਜਾਂਚ ਕਰਨ ਦੀ ਗੱਲ ਕਹੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਪੁੱਤ ਦੇ ਇਨਸਾਫ਼ ਲਈ ਉਹ ਵਿਧਾਨ ਸਭਾ ਵੀ ਗਏ ਸੀ। ਇਸ ਮੌਕੇ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਭਰੋਸਾ ਦਵਾਇਆ ਗਿਆ ਸੀ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਛੇਤੀ ਹੀ ਮਿਲਵਾਇਆ ਜਾਵੇਗਾ ਪਰ ਹਾਲੇ ਤੱਕ ਕੋਈ ਮੁਲਾਕਾਤ ਨਹੀਂ ਕਰਵਾਈ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਪੁੱਤ ਦੇ ਇਨਸਾਫ਼ ਲਈ ਜਲੰਧਰ ਵਿੱਚ ਵੀ ਵੋਟਾਂ ਵੇਲੇ ਰੋਸ ਪ੍ਰਦਰਸ਼ਨ ਕੀਤਾ। ਜਦੋਂ ਮੁੱਖ ਮੰਤਰੀ ਦੀ ਮਾਨਸਾ ਫੇਰੀ ਸੀ ਤਾਂ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ। ਬਲਕੌਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤ ਦੇ ਇਨਸਾਫ਼ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ।
ਬਲਕੌਰ ਸਿੰਘ ਨੇ ਮੁੱਖ ਮੰਤਰੀ ਉੱਤੇ ਤੰਜ ਕਸਦਿਆਂ ਕਿਹਾ ਕਿ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਬਿਆਨ ਦਿੱਤੇ ਸੀ ਉਹ ਆਮ ਪਰਿਵਾਰ ਤੋਂ ਹਨ ਤੋਂ ਪਿੰਡਾਂ ਤੋਂ ਸਰਕਾਰ ਚੱਲਿਆ ਕਰੇਗੀ ਪਰ ਹੁਣ ਲੋਕ ਮੁੱਖ ਮੰਤਰੀ ਦਾ ਚਿਹਰਾ ਵੇਖਣ ਨੂੰ ਵੀ ਤਰਸ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਡਰਾਮੇਬਾਜ਼ੀ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕਰਦੇ।





















