ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਜਲਦ ਰਿਹਾਈ ਹੋ ਸਕਦੀ ਹੈ। ਸੁਪਰੀਮ ਕੋਰਟ ਨੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਨੂੰ 2012 ਵਿੱਚ ਦਾਇਰ ਰਾਜੋਆਣਾ ਦੀ ਪਟੀਸ਼ਨ ਉੱਤੇ 30 ਅਪਰੈਲ ਤੱਕ ਫ਼ੈਸਲਾ ਲੈਣ ਦਾ ਹੁਕਮ ਦਿੱਤਾ ਹੈ। ਰਾਜੋਆਣਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿੱਚ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਬੇਨਤੀ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ 30 ਅਪਰੈਲ ਤੱਕ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਗ੍ਰਹਿ ਮੰਤਰਾਲੇ ਨਾਲ ਸਬੰਧਤ ਸਕੱਤਰ ਤੇ ਸੀਬੀਆਈ ਦੇ ਡਾਇਰੈਕਟਰ (ਇਸਤਗਾਸਾ) ਸੁਣਵਾਈ ਦੀ ਅਗਲੀ ਤਰੀਕ ’ਤੇ ਵਿਅਕਤੀਗਤ ਰੂਪ ’ਚ ਰਿਕਾਰਡ ਨਾਲ ਉਨ੍ਹਾਂ ਦੇ ਸਾਹਮਣੇ ਪੇਸ਼ ਹੋਣਗੇ। ਮੰਨਿਆ ਜਾ ਰਿਹਾ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ ਮਗਰੋਂ ਰਾਜੋਆਣਾ ਦੀ ਜਲਦ ਰਿਹਾਈ ਸੰਭਵ ਹੋ ਸਕਦੀ ਹੈ ਕਿਉਂਕਿ ਕੇਂਦਰ ਸਰਕਾਰ ਪਹਿਲਾਂ ਰਾਜੋਆਣਾ ਦੀ ਰਿਹਾਈ ਦੇ ਸੰਕੇਤ ਦੇ ਚੁੱਕੀ ਹੈ। ਰਾਜੋਆਣਾ ਦੀ ਪਟੀਸ਼ਨ ਉੱਤੇ ਸ਼ਨੀਵਾਰ ਨੂੰ ਸੁਣਵਾਈ ਕਰਦਿਆਂ ਬੈਂਚ ਨੇ ਕਿਹਾ ਕਿ ਅਦਾਲਤ ਦੇ ਪਹਿਲਾਂ ਦੇ ਹੁਕਮ ਦੇ ਬਾਵਜੂਦ ਇਸ ਮਾਮਲੇ ਵਿੱਚ ਕੁਝ ਨਹੀਂ ਕੀਤਾ ਗਿਆ ਤੇ ਕੇਂਦਰ ਵੱਲੋਂ ਪੇਸ਼ ਹੋਣ ਵਾਲੇ ਵਕੀਲ ਕੋਲ ਕੋਈ ਸਪੱਸ਼ਟ ਨਿਰਦੇਸ਼ ਨਹੀਂ ਹੈ। ਕੇਂਦਰ ਵੱਲੋਂ ਸਮਾਂ ਦਿੱਤੇ ਜਾਣ ਦੀ ਬੇਨਤੀ ਬਾਰੇ ਅਦਾਲਤ ਦੁਆਰਾ ਸੁਣਾਏ ਗਏ ਪਿਛਲੇ ਹੁਕਮਾਂ ਦਾ ਜ਼ਿਕਰ ਕਰਦਿਆਂ ਬੈਂਚ ਨੇ ਕਿਹਾ ਕਿ ਇਨ੍ਹਾਂ ਹਾਲਤਾਂ ਵਿਚ ਸੁਪਰੀਮ ਕੋਰਟ ਹੁਕਮ ਦਿੰਦਾ ਹੈ ਕਿ ਤੁਰੰਤ ਕੇਂਦਰ ਸਰਕਾਰ ਤੇ ਸੀਬੀਆਈ ਸਣੇ ਹੋਰ ਅਥਾਰਿਟੀਆਂ ਵੱਲੋਂ ਅਰਜ਼ੀ ਉਤੇ ਗ਼ੌਰ ਕੀਤਾ ਜਾਵੇਗਾ। ਬੈਂਚ ਨੇ ਕਿਹਾ ਕਿ ਮੌਤ ਦੀ ਸਜ਼ਾ ਬਦਲਣ ਦੀ ਬੇਨਤੀ ਜਾਂ ਪ੍ਰਸਤਾਵ ਜਾਂ ਇਤਰਾਜ਼ ਸੀਬੀਆਈ ਵੱਲੋਂ ਦੋ ਹਫ਼ਤਿਆਂ ਦੇ ਅੰਦਰ ਦਰਜ ਕਰਾਏ ਜਾਣਗੇ। ਬੈਂਚ ਨੇ ਮਾਮਲੇ ਨੂੰ ਦੋ ਮਈ ਨੂੰ ਅਗਲੀ ਸੁਣਵਾਈ ਲਈ ਸੂਚੀਬੱਧ ਕੀਤਾ। ਆਪਣੇ ਹੁਕਮ ਵਿਚ ਅਦਾਲਤ ਨੇ ਕਿਹਾ ਕਿ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਦੀ ਹੱਤਿਆ ਕਰਨ ਲਈ ਸਹਿ-ਮੁਲਜ਼ਮਾਂ ਨਾਲ ਰਾਜੋਆਣਾ ’ਤੇ ਆਈਪੀਸੀ ਦੀਆਂ ਧਾਰਾਵਾਂ ਤਹਿਤ ਤੇ ਧਮਾਕਾਖ਼ੇਜ਼ ਸਮੱਗਰੀ ਕਾਨੂੰਨ ਦੀ ਧਾਰਾ ਤਹਿਤ ਮੁਕੱਦਮਾ ਚਲਾਇਆ ਗਿਆ ਸੀ। ਬੈਂਚ ਨੇ ਕਿਹਾ ਕਿ ਇਨ੍ਹਾਂ ਅਪਰਾਧਾਂ ਤਹਿਤ ਦੋਸ਼ ਸਿੱਧ ਹੋਣ ਤੋਂ ਬਾਅਦ ਹੇਠਲੀ ਅਦਾਲਤ ਨੇ ਰਾਜੋਆਣਾ ਤੇ ਸਹਿ-ਮੁਲਜ਼ਮ ਜਗਤਾਰ ਸਿੰਘ ਹਵਾਰਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਰਾਜੋਆਣਾ ਨੂੰ ਪੰਜਾਬ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਵਿਚ ਸ਼ਾਮਲ ਹੋਣ ਲਈ ਦੋਸ਼ੀ ਠਹਿਰਾਇਆ ਗਿਆ ਸੀ।
ਬਲਵੰਤ ਸਿੰਘ ਰਾਜੋਆਣਾ ਦੀ ਹੋ ਸਕਦੀ ਜਲਦ ਰਿਹਾਈ, ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ 30 ਅਪਰੈਲ ਤੱਕ ਫੈਸਲਾ ਲੈਣ ਦਾ ਹੁਕਮ
abp sanjha | 27 Mar 2022 09:50 AM (IST)
ਰਾਜੋਆਣਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿੱਚ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਬੇਨਤੀ ਕੀਤੀ ਹੈ।
Balwant Singh Rajoana