Balwant Singh Rajoana: ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਲਾਈ? ਸੁਪਰੀਮ ਕੋਰਟ 'ਚ ਘਿਰੀ ਕੇਂਦਰ ਸਰਕਾਰ
ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੇ ਮਾਮਲਾ ਉੁਪਰ ਕੇਂਦਰ ਸਰਕਾਰ ਸੁਪਰੀਮ ਕੋਰਟ ਵਿੱਚ ਘਿਰ ਗਈ। ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਕਿ ਜਦੋਂ ਉਨ੍ਹਾਂ ਨੇ ਇਸ..

Balwant Singh Rajoana Mercy Petition: ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੇ ਮਾਮਲਾ ਉੁਪਰ ਕੇਂਦਰ ਸਰਕਾਰ ਸੁਪਰੀਮ ਕੋਰਟ ਵਿੱਚ ਘਿਰ ਗਈ। ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਕਿ ਜਦੋਂ ਉਨ੍ਹਾਂ ਨੇ ਇਸ ਨੂੰ ਗੰਭੀਰ ਅਪਰਾਧ ਦੀ ਸ਼੍ਰੇਣੀ ਵਿੱਚ ਮੰਨਿਆ ਹੈ ਤਾਂ ਫਿਰ ਬਲਵੰਤ ਸਿੰਘ ਰਾਜੋਆਣਾ ਨੂੰ ਅਜੇ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ? ਬੁੱਧਵਾਰ ਨੂੰ ਸੁਪਰੀਮ ਕੋਰਟ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ, ਜਿਸ ਵਿੱਚ ਉਸ ਦੀ ਰਹਿਮ ਦੀ ਅਪੀਲ 'ਤੇ ਸੁਣਵਾਈ ਵਿੱਚ ਦੇਰੀ ਦਾ ਹਵਾਲਾ ਦਿੱਤਾ ਗਿਆ ਸੀ।
ਦਰਅਸਲ ਸੁਣਵਾਈ ਸ਼ੁਰੂ ਹੁੰਦੇ ਹੀ ਵਧੀਕ ਸਾਲਿਸਟਰ ਜਨਰਲ ਕੇਐਮ ਨਟਰਾਜ ਨੇ ਰਾਜੋਆਣਾ ਦੀ ਸਜ਼ਾ ਘਟਾਉਣ ਦੀ ਪਟੀਸ਼ਨ ਦਾ ਵਿਰੋਧ ਕੀਤਾ। ਇਸ ਉਪਰ ਜਸਟਿਸ ਵਿਕਰਮ ਨਾਥ, ਜਸਟਿਸ ਐਨਵੀ ਅੰਜਾਰੀਆ ਤੇ ਜਸਟਿਸ ਸੰਦੀਪ ਮਹਿਤਾ ਨੇ ਪੁੱਛਿਆ, ਤੁਸੀਂ ਉਸ ਨੂੰ ਅਜੇ ਤੱਕ ਫਾਂਸੀ ਕਿਉਂ ਨਹੀਂ ਦਿੱਤੀ? ਇਸ ਲਈ ਜ਼ਿੰਮੇਵਾਰ ਕੌਣ ਹੈ? ਘੱਟੋ ਘੱਟ ਅਸੀਂ ਤਾਂ ਫਾਂਸੀ 'ਤੇ ਰੋਕ ਨਹੀਂ ਲਗਾਈ। ਸੁਪਰੀਮ ਕੋਰਟ ਦੇ ਇਨ੍ਹਾਂ ਸਖ਼ਤ ਸਵਾਲਾਂ ਦੇ ਜਵਾਬ ਵਿੱਚ ਕੇਐਮ ਨਟਰਾਜ ਨੇ ਕਿਹਾ ਕਿ ਉਹ ਜਲਦੀ ਤੋਂ ਜਲਦੀ ਜਵਾਬ ਦੇਣਗੇ। ਇਸ ਤੋਂ ਬਾਅਦ ਸੁਣਵਾਈ 15 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਗਈ। ਅਦਾਲਤ ਨੇ ਇਹ ਵੀ ਕਿਹਾ ਕਿ ਕੇਂਦਰ ਦੀ ਬੇਨਤੀ 'ਤੇ ਕੇਸ ਨੂੰ ਦੁਬਾਰਾ ਮੁਲਤਵੀ ਨਹੀਂ ਕੀਤਾ ਜਾਵੇਗਾ।
ਰਾਜੋਆਣਾ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਪੇਸ਼ ਹੋਏ। ਉਨ੍ਹਾਂ ਦਲੀਲ ਦਿੱਤੀ ਕਿ ਰਾਜੋਆਣਾ 29 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹੈ। ਇਹ ਵਿਅਕਤੀ 15 ਸਾਲਾਂ ਤੋਂ ਮੌਤ ਦੀ ਸਜ਼ਾ ਕੱਟ ਰਿਹਾ ਹੈ। ਇਸ ਲਈ ਜਦੋਂ ਪਿਛਲੀ ਵਾਰ ਪਟੀਸ਼ਨ ਦਾਇਰ ਕੀਤੀ ਗਈ ਤਾਂ ਅਦਾਲਤ ਨੇ ਕਿਹਾ ਸੀ ਕਿ ਇਹ ਰਹਿਮ ਦੀ ਅਪੀਲ ਉਸ ਦੁਆਰਾ ਨਹੀਂ ਬਲਕਿ ਗੁਰਦੁਆਰਾ ਕਮੇਟੀ ਦੁਆਰਾ ਦਾਇਰ ਕੀਤੀ ਗਈ ਹੈ। ਹਾਲਾਂਕਿ ਉਪਬੰਧਾਂ ਅਨੁਸਾਰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਪਟੀਸ਼ਨ ਕੌਣ ਦਾਇਰ ਕਰਦਾ ਹੈ। ਇਸ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਸੀ ਕਿ ਇੰਨਾ ਸਮਾਂ ਬੀਤ ਗਿਆ ਹੈ ਤੇ ਕਦੇ ਨਾ ਕਦੇ ਉਸ ਉਪਰ ਫੈਸਲਾ ਲੈਣਾ ਪਵੇਗਾ। ਇਸ ਗੱਲ ਨੂੰ ਵੀ ਢਾਈ ਸਾਲ ਬੀਤ ਚੁੱਕੇ ਹਨ।
ਮੁਕੁਲ ਰੋਹਤਗੀ ਨੇ ਅੱਗੇ ਕਿਹਾ ਕਿ ਇਸ ਮਾਮਲੇ 'ਤੇ ਕੁਝ ਨਹੀਂ ਹੋਇਆ। ਇਸ ਕਾਰਨ ਉਨ੍ਹਾਂ ਨੇ 2024 ਵਿੱਚ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਸੀ। ਜਨਵਰੀ ਵਿੱਚ ਇਸ ਪਟੀਸ਼ਨ 'ਤੇ ਦਿੱਤੇ ਗਏ ਅੰਤਿਮ ਆਦੇਸ਼ ਵਿੱਚ ਚੀਫ਼ ਜਸਟਿਸ ਬੀਆਰ ਗਵਈ, ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਵਿਸ਼ੇਸ਼ ਬੈਂਚ ਨੇ ਕੇਂਦਰ ਸਰਕਾਰ ਨੂੰ ਉਸ ਦੀ ਰਹਿਮ ਦੀ ਅਪੀਲ 'ਤੇ ਫੈਸਲਾ ਲੈਣ ਲਈ ਆਖਰੀ ਮੌਕਾ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਅਜਿਹਾ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਪਟੀਸ਼ਨ 'ਤੇ ਅੰਤਿਮ ਫੈਸਲਾ ਅਦਾਲਤ ਵੱਲੋਂ ਲਿਆ ਜਾਵੇਗਾ।




















