ਚੀਨੀ ਡੋਰ ਰੱਖਣ ਤੇ ਵੇਚਣ ਵਾਲਿਆਂ ਦੀ ਖ਼ੈਰ ਨਹੀਂ ! 225 ਲੋਕਾਂ ਦੀ ਹੋਈ ਗ੍ਰਿਫ਼ਤਾਰੀ, ਜੇ ਕੋਈ ਡੋਰ ਨਾਲ ਦਿਸਿਆ ਤਾਂ...
ਪੰਜਾਬ ਸਰਕਾਰ ਨੇ ਬਸੰਤ ਪੰਚਮੀ ਦੇ ਮੌਕੇ 'ਤੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਿੰਥੈਟਿਕ ਜਾਂ ਕਿਸੇ ਹੋਰ ਸਮੱਗਰੀ ਨਾਲ ਬਣੀਆਂ ਚੀਨੀ ਡੋਰਾਂ ਦੀ ਵਿਕਰੀ ਅਤੇ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ।
Punjab News: ਬਸੰਤ ਮੌਕੇ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚੀਨੀ ਡੋਰ ਨੂੰ ਰੋਕਣ ਲਈ ਪੰਜਾਬ ਸਰਕਾਰ ਤੇ ਪੁਲਿਸ ਸਖ਼ਤ ਰੌਂਅ ਵਿੱਚ ਦਿਖਾਈ ਦੇ ਰਹੀ ਹੈ। ਜਿਸ ਦੇ ਨਤੀਜੇ ਵਜੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 234 ਕੇਸ ਦਰਜ ਕਰਕੇ 255 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਨੇ ਬਸੰਤ ਪੰਚਮੀ ਦੇ ਮੌਕੇ 'ਤੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਿੰਥੈਟਿਕ ਜਾਂ ਕਿਸੇ ਹੋਰ ਸਮੱਗਰੀ ਨਾਲ ਬਣੀਆਂ ਚੀਨੀ ਡੋਰਾਂ ਦੀ ਵਿਕਰੀ ਅਤੇ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੇ ਵੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਡੀਜੀਪੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਾਰੇ ਥਾਣਿਆਂ ਦੇ ਐਸਐਚਓਜ਼ ਨੂੰ ਤੁਰੰਤ ਆਪਣੇ ਅਧਿਕਾਰ ਖੇਤਰ ਵਿੱਚ ਛਾਪੇਮਾਰੀ ਕਰਨ ਦੀਆਂ ਹਦਾਇਤਾਂ ਜਾਰੀ ਕਰਨ।
ਹਾਈਕੋਰਟ ਦੇ ਹੁਕਮ
ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਉਪਰੋਕਤ ਹੁਕਮ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀ.ਡਬਲਿਊ.ਪੀ. ਨੰਬਰ 487 ਆਫ 2015 (ਓ.ਐਂਡ.ਐਮ.) ਮਿਤੀ 20 ਜਨਵਰੀ 2015 ਦੇ ਹੁਕਮਾਂ ਅਨੁਸਾਰ ਦਿੱਤੇ ਗਏ ਹਨ। ਉਨ੍ਹਾਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਚਾਈਨਾ ਡੋਰ ਦੇ ਖ਼ਤਰੇ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਪਤੰਗ ਉਡਾਉਣ ਲਈ ਇਸ ਕਿਸਮ ਦੀ ਡੋਰੀ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕਰ ਸਕਣ ਕਿਉਂਕਿ ਚਾਈਨਾ ਡੋਰ ਬਿਜਲੀ ਦੀ ਸੰਚਾਲਕ ਹੈ ਅਤੇ ਇਸ ਨਾਲ ਮਨੁੱਖੀ ਜੀਵਨ, ਖਾਸ ਕਰਕੇ ਪੰਛੀਆਂ ਦੇ ਜੀਵਨ ਲਈ ਖ਼ਤਰਾ ਪੈਦਾ ਹੁੰਦਾ ਹੈ। ਇਸ ਤੋਂ ਇਲਾਵਾ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਸਰਕਾਰ ਪੰਜਾਬ ਦੇ ਨੋਟੀਫਿਕੇਸ਼ਨ ਨੰ. 10/133/2016-ਐਸਟੀਈ (5)/173002 ਮਿਤੀ 23.02.2018 ਦੇ ਹੁਕਮਾਂ ਤਹਿਤ ਨਾਈਲੋਨ, ਪਲਾਸਟਿਕ ਜਾਂ ਕਿਸੇ ਵੀ ਚੀਜ਼ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ ਜਾਂ ਕਿਸੇ ਹੋਰ ਸਿੰਥੈਟਿਕ ਸਮਗਰੀ ਜਿਸ ਨੂੰ ਪੰਜਾਬ ਵਿੱਚ "ਚੀਨੀ ਡੋਰ/ਮਾਂਝਾ" ਵਜੋਂ ਜਾਣਿਆ ਜਾਂਦਾ ਹੈ ਅਤੇ ਜੋ ਗੈਰ-ਬਾਇਓਡੀਗਰੇਬਲ ਹੈ, ਦੇ ਨਿਰਮਾਣ, ਵਿਕਰੀ, ਭੰਡਾਰਨ, ਖ਼ਰੀਦ, ਸਪਲਾਈ, ਆਯਾਤ ਅਤੇ ਵਰਤੋਂ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ
225 ਲੋਕਾਂ ਦੀ ਹੋ ਚੁੱਕੀ ਹੈ ਗ੍ਰਿਫ਼ਤਾਰੀ
ਪੁਲਿਸ ਦੇ ਇੰਸਪੈਕਟਰ ਜਨਰਲ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਪੁਲਿਸ ਹੈੱਡਕੁਆਰਟਰ ਨੂੰ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਸਮੇਂ ਦੌਰਾਨ 11,364 ਚੀਨੀ ਡੋਰ ਦੇ ਬੰਡਲ ਬਰਾਮਦ ਕੀਤੇ ਗਏ ਹਨ। ਇੱਕ ਮਹੀਨੇ ਵਿੱਚ ਪੁਲਿਸ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 234 ਕੇਸ ਦਰਜ ਕਰਕੇ 255 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।