ਅਮਰੀਕਾ ਦੇ ਰੱਖਿਆ ਮੰਤਰੀ ਪੀਟ ਹੈਗਸੈਥ ਨੇ ਸਖ਼ਤ ਨਵੀਂ ਨੀਤੀ ਦਾ ਐਲਾਨ ਕੀਤਾ ਹੈ ਜਿਸ ਤਹਿਤ ਅਮਰੀਕੀ ਫੌਜ ਵਿੱਚ ਸੇਵਾ ਨਿਭਾਅ ਰਹੇ ਜਵਾਨਾਂ ਤੇ ਅਧਿਕਾਰੀਆਂ ਦੇ ਦਾੜ੍ਹੀ ਰੱਖਣ ’ਤੇ ਪਾਬੰਦੀ ਲਗਾਈ ਗਈ ਹੈ। ਸਿਰਫ਼ ਵਿਸ਼ੇਸ਼ ਬਲਾਂ ਨੂੰ ਹੀ ਇਸ ਨੀਤੀ ਤੋਂ ਛੋਟ ਦਿੱਤੀ ਗਈ ਹੈ। ਇਸ ਨੂੰ ਲੈ ਕੇ ਹੁਣ ਸਿੱਖ ਜਥੇਬੰਦੀਆਂ ਤੇ ਪੰਜਾਬ ਦੀਆਂ ਸਿਆਸੀ ਧਿਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਹਰਸਿਮਰਤ ਕੌਰ ਬਾਦਲ ਨੇ ਕੀ ਕਿਹਾ ?
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅਮਰੀਕੀ ਫੌਜ ਵਿੱਚ ਸੇਵਾ ਕਰਨ ਲਈ ਕੇਸ ਅਤੇ ਪੱਗ ਬੰਨ੍ਹਣ 'ਤੇ ਧਾਰਮਿਕ ਛੋਟ 'ਤੇ ਪਾਬੰਦੀ ਲਗਾਉਣਾ ਨਿੰਦਣਯੋਗ ਹੈ। ਸਿੱਖ ਇਤਿਹਾਸਕ ਤੌਰ 'ਤੇ ਅਮਰੀਕੀ ਫੌਜ ਵਿੱਚ ਸੇਵਾ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਕੋਲ ਆਪਣੇ ਵਿਸ਼ਵਾਸ ਦੇ ਚਿੰਨ੍ਹਾਂ ਨੂੰ ਕਾਇਮ ਰੱਖਦੇ ਹੋਏ ਵਿਲੱਖਣਤਾ ਨਾਲ ਸੇਵਾ ਕਰਨ ਦੀ ਯੋਗਤਾ ਹੈ। ਅਮਰੀਕੀ ਸਰਕਾਰ ਦੀ ਨਵੀਂ ਨੀਤੀ ਉਨ੍ਹਾਂ ਨਾਲ ਵਿਤਕਰਾ ਕਰਦੀ ਹੈ ਕਿਉਂਕਿ ਇਸਦਾ ਉਦੇਸ਼ ਉਨ੍ਹਾਂ ਦੀ ਸ਼ਾਨ ਅਤੇ ਧਾਰਮਿਕ ਪਛਾਣ ਨੂੰ ਖਤਮ ਕਰਨਾ ਹੈ। ਇਸ ਫੈਸਲੇ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕੀ ਕਿਹਾ ?
ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਮਰੀਕਾ ਦੇ ਇਸ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਕਦਮ ਨਾਲ ਇੱਕ ਜਮਹੂਰੀ ਦੇਸ਼ ਜੋ ਕਿ ਸਾਰੇ ਧਰਮਾਂ ਨੂੰ ਬਰਾਬਰ ਅਧਿਕਾਰ ਅਤੇ ਸੁਰੱਖਿਆ ਪ੍ਰਦਾਨ ਕਰਨ ਦਾ ਦਾਅਵਾ ਕਰਦਾ ਹੈ, ਦੇ ਅਕਸ ਨੂੰ ਢਾਹ ਲੱਗੇਗੀ। ਉਨ੍ਹਾਂ ਪਿਛਲੇ ਨਿਯਮਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ ਜੋ ਕਿ ਸਿੱਖ ਸੈਨਿਕਾਂ ਨੂੰ ਆਪਣੀ ਫੌਜੀ ਡਿਊਟੀ ਨਿਭਾਉਂਦੇ ਹੋਏ ਆਪਣੇ ਧਾਰਮਿਕ ਨਿਯਮਾਂ ਦੀ ਪਾਲਣਾ ਕਰਨ ਦੀ ਇਜਾਜ਼ਤ ਵੀ ਦਿੰਦੇ ਸਨ। ਉਨ੍ਹਾਂ ਚੇਤੇ ਕਰਵਾਇਆ ਕਿ ਸਿੱਖ ਸੈਨਿਕਾਂ ਨੇ ਦੋ ਵਿਸ਼ਵ ਜੰਗਾਂ ਵਿੱਚ ਆਪਣਾ ਫ਼ਰਜ਼ ਬਾਖੂਬੀ ਨਿਭਾਇਆ ਸੀ।