Bargari Beadbi Case : ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨੋਂ ਕੇਸਾਂ ਦੀ ਮੰਗਲਵਾਰ ਨੂੰ ਸਥਾਨਕ ਜੇਐਮਆਈਸੀ ਅਦਾਲਤ ਵਿੱਚ ਸੁਣਵਾਈ ਹੋਈ। ਇਸੇ ਦੌਰਾਨ ਇਨ੍ਹਾਂ ਕੇਸਾਂ ਵਿੱਚ ਚਾਰਜਸ਼ੀਟ ਅਤੇ ਜ਼ਮਾਨਤ ’ਤੇ ਚੱਲ ਰਹੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰ ਨਾਮਜ਼ਦ ਡੇਰਾ ਪ੍ਰੇਮੀਆਂ ਨੇ ਆਪਣੇ ਵਕੀਲਾਂ ਰਾਹੀਂ ਹਾਜ਼ਰੀ ਮੁਆਫ਼ ਕਰਵਾਈ , ਜਿਸ ਮਗਰੋਂ ਅਦਾਲਤ ਨੇ ਕੇਸ ਦੀ ਸੁਣਵਾਈ 7 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ। 


 

ਇਨ੍ਹਾਂ 'ਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਨ੍ਹੀਂ ਦਿਨੀਂ ਪੈਰੋਲ 'ਤੇ ਹੋਣ ਦਾ ਹਵਾਲਾ ਦਿੱਤਾ ਗਿਆ ਸੀ ਜਦਕਿ ਬਾਕੀ ਦੋਸ਼ੀ ਵੀ ਵੱਖ-ਵੱਖ ਕਾਰਨਾਂ ਕਰਕੇ ਪੇਸ਼ ਨਹੀਂ ਹੋਏ। ਸੂਤਰਾਂ ਦਾ ਦਾਅਵਾ ਹੈ ਕਿ ਕੋਟਕਪੂਰਾ ਵਿੱਚ ਇਨ੍ਹਾਂ ਮਾਮਲਿਆਂ ਨਾਲ ਸਬੰਧਤ ਇੱਕ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਇਹ ਕਦਮ ਚੁੱਕਿਆ ਗਿਆ ਹੈ।

 




ਜਾਣਕਾਰੀ ਅਨੁਸਾਰ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਕੇਸ ਅਦਾਲਤ ਵਿੱਚ ਚੱਲ ਰਹੇ ਹਨ ਅਤੇ ਇਨ੍ਹਾਂ ਤਿੰਨਾਂ ਮਾਮਲਿਆਂ ਵਿੱਚ ਪੰਜਾਬ ਪੁਲੀਸ ਦੀ ਐਸਆਈਟੀ ਨੇ ਚਾਰਜਸ਼ੀਟ ਵੀ ਦਾਖ਼ਲ ਕਰ ਦਿੱਤੀ ਹੈ। ਇਨ੍ਹਾਂ ਵਿੱਚੋਂ ਪਹਿਲਾ ਮਾਮਲਾ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਪਾਵਨ ਸਰੂਪ ਚੋਰੀ ਹੋਣ ਦਾ ਹੈ, ਜਦਕਿ ਦੂਜਾ ਮਾਮਲਾ ਇਸ ਗੁਰਦੁਆਰਾ ਸਾਹਿਬ ਦੇ ਬਾਹਰ ਭੱਦੇ ਪੋਸਟਰ ਚਿਪਕਾਉਣ ਦਾ ਹੈ। ਇਸ ਤੋਂ ਇਲਾਵਾ ਤੀਜੇ ਮਾਮਲੇ ਵਿੱਚ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਵਿੱਤਰ ਸਰੂਪ ਦੀ ਬੇਅਦਬੀ ਕਰਨ ਦੇ ਦੋਸ਼ ਹਨ। 

 

ਤਿੰਨਾਂ ਮਾਮਲਿਆਂ ਵਿੱਚ ਪੁਲਿਸ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀ ਚਾਰਜਸ਼ੀਟ ਕੀਤਾ ਹੋਇਆ ਹੈ ਅਤੇ ਉਸ ਸਮੇਤ ਕੇਸਾਂ ਵਿੱਚ ਨਾਮਜ਼ਦ ਡੇਰਾ ਪ੍ਰੇਮੀਆਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ। ਇਨ੍ਹਾਂ ਤਿੰਨਾਂ ਵਿੱਚੋਂ ਦੋ ਮਾਮਲਿਆਂ ਵਿੱਚ ਚਾਰਜਸ਼ੀਟ ਕੋਟਕਪੂਰਾ ਦੇ ਪ੍ਰਦੀਪ ਸਿੰਘ ਕਟਾਰੀਆ ਦੀ ਬੀਤੀ 10 ਨਵੰਬਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਗਰੋਂ ਜ਼ਿਲ੍ਹਾ ਪੁਲੀਸ ਨੇ ਬਾਕੀ ਮੁਲਜ਼ਮਾਂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਅਤੇ ਸੁਰੱਖਿਆ ਕਾਰਨਾਂ ਕਰਕੇ ਉਹ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ।