ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਪੰਜਾਬ ਵਿੱਚ ਪਿਛਲੀ ਬਾਦਲ ਸਰਕਾਰ ਵਾਲੇ ਹੋਇਆਂ ਬੇਅਦਬੀ ਤੇ ਗੋਲੀ ਕਾਂਡ ਮੁੱਖ ਮੁੱਦਾ ਬਣ ਗਿਆ ਹੈ। ਅਹਿਮ ਗੱਲ ਹੈ ਕਿ ਇਹ ਸਭ ਹੋਇਆ ਵੀ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਪੈਂਤੜੇ ਕਰਕੇ ਹੈ। ਅਕਾਲੀ ਦਲ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰਵਾ ਕੇ ਬਰਗਾੜੀ ਇਨਸਾਫ ਮੋਰਚਾ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਕਰਵਾ ਦਿੱਤਾ ਹੈ। ਅਕਾਲੀ ਦਲ ਦੇ ਇਸ ਪੈਂਤੜੇ ਕਰਕੇ ਜਿੱਥੇ ਵਿਰੋਧੀ ਧਿਰਾਂ ਨੇ ਮੁੜ ਇਸ ਮੁੱਦੇ ਨੂੰ ਕੇਂਦਰ ਵਿੱਚ ਲੈ ਆਂਦਾ ਇਸ ਦੇ ਨਾਲ ਹੀ ਸਿੱਖ ਸੰਗਤ ਮੁੜ ਸੰਘਰਸ਼ ਦੇ ਰਾਹ ਪੈ ਗਈ ਹੈ।

ਚੋਣ ਕਮਿਸ਼ਨ ਵੱਲੋਂ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਕਰਨ ਮਗਰੋਂ ਬਰਗਾੜੀ ਮੋਰਚਾ ਦੇ ਲੀਡਰਾਂ ਨੇ ਸੰਘਰਸ਼ ਦੀ ਮੁੜ ਕਮਾਨ ਸੰਭਲ ਲਈ ਹੈ। ਇਸ ਤਬਾਦਲੇ ਨੂੰ ਰੋਕਣ ਲਈ ਮੋਰਚਾ ਨਵਾਂ ਸੰਘਰਸ਼ ਵਿੱਢਣ ਦੇ ਰਾਹ ਪੈ ਗਿਆ ਹੈ। ਬਰਗਾੜੀ ਮੋਰਚੇ ਦੀ ਅਗਵਾਈ ਕਰਨ ਵਾਲੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਨੂੰ ਸੱਤ ਦਿਨਾਂ ਦਾ ਅਲਟੀਮੇਟਮ ਦੇ ਦਿੱਤਾ ਹੈ। ਜਥੇਦਾਰ ਮੰਡ ਨੇ ਆਖਿਆ ਕਿ ਜੇਕਰ ਸਿੱਟ ਦੇ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਹਫਤੇ ਵਿੱਚ ਰੱਦ ਨਾ ਕੀਤਾ ਗਿਆ ਤਾਂ ਉਹ ਅਗਲਾ ਸੰਘਰਸ਼ ਵਿੱਢਣਗੇ।

ਉਧਰ, ਯੂਨਾਈਟਿਡ ਅਕਾਲੀ ਦਲ ਵੱਲੋਂ ਆਈਜੀ ਦਾ ਤਬਾਦਲਾ ਰੱਦ ਕਰਾਉਣ ਲਈ ਚੋਣ ਕਮਿਸ਼ਨ ਭਾਰਤ ਸਰਕਾਰ ਦੇ ਦਫ਼ਤਰ ਅੱਗੇ 12 ਅਪਰੈਲ ਨੂੰ ਧਰਨਾ ਦੇਣ ਦਾ ਐਲਾਨ ਕਰ ਦਿੱਤਾ ਹੈ। ਦਲ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਉਹ ਗੁਰਦੁਆਰਾ ਬੰਗਲਾ ਸਾਹਿਬ ਤੋਂ ਚੋਣ ਕਮਿਸ਼ਨ ਦੇ ਦਫਤਰ ਤੱਕ ਰੋਸ ਮਾਰਚ ਕਰਨਗੇ ਤੇ ਉਸ ਮਗਰੋਂ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ।

ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਮੋਹਕਮ ਸਿੰਘ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਤੇ ਖਾਸ ਕਰਕੇ ਬਾਦਲ ਪਰਿਵਾਰ ਅਜੇ ਵੀ ਸਿਰਸਾ ਦੇ ਡੇਰਾ ਮੁਖੀ ਨੂੰ ਬਚਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਭਰ ਵਿਚ ਜਿੱਥੇ ਜਿੱਥੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਭਰਨ ਲਈ ਜਾਣਗੇ, ਉਨ੍ਹਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।