ਬਰਨਾਲਾ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਤੇ ਸਿੱਖਿਅਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਇਸ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬਰਨਾਲਾ 'ਚ ਸੂਬਾ ਪੱਧਰੀ ਕਨਵੈਸ਼ਨ ਰੱਖੀ ਗਈ। ਇਹ ਕਨਵੈਨਸ਼ਨ ਸਿਰਫ਼ ਨੌਜਵਾਨਾਂ ਦੀ ਸੀ। ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚੋਂ ਭਾਰੀ ਗਿਣਤੀ ਵਿੱਚ ਨੌਜਵਾਨਾਂ ਨੇ ਇਸ ਕਨਵੈਨਸ਼ਨ ਵਿੱਚ ਹਿੱਸਾ ਲਿਆ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੀਨੀਅਰ ਲੀਡਰ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਿੱਚ ਕੀਤੀ ਕਨਵੈਸ਼ਨ ਵਿੱਚ ਕਿਸਾਨ ਆਗੂਆਂ ਤੇ ਨੌਜਵਾਨਾਂ ਨੇ ਦੱਸਿਆ ਕਿ ਇਸ ਕਨਵੈਨਸ਼ਨ ਕਰਵਾਉਣ ਦਾ ਮਕਸਦ ਅੰਦੋਲਨ ਨੂੰ ਹੋਰ ਮਜ਼ਬੂਤ ਕਰਨਾ ਤੇ ਨੌਜਵਾਨਾਂ ਨੂੰ ਸਿੱਖਿਅਤ ਕਰਕੇ ਦਿੱਲੀ ਵਿੱਚ ਚੱਲ ਰਹੇ ਮੋਰਚੇ ਵਿੱਚ ਸ਼ਾਮਲ ਕਰਨਾ ਹੈ।
ਉਨ੍ਹਾਂ ਕਿਹਾ ਕਿ ਛੱਬੀ ਜਨਵਰੀ ਤੋਂ ਬਾਅਦ ਇਹ ਪ੍ਰਚਾਰ ਕੀਤਾ ਗਿਆ ਸੀ ਕਿ ਜਥੇਬੰਦੀਆਂ ਦੇ ਨਾਲ ਨੌਜਵਾਨਾਂ ਦਾ ਕਾਡਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰਚਾਰਕਾਂ ਨੂੰ ਦੱਸਣ ਲਈ ਇਸ ਤਰ੍ਹਾਂ ਦੀਆਂ ਕਨਵੈਨਸ਼ਨਾਂ ਕੀਤੀਆਂ ਜਾ ਰਹੀਆਂ ਹਨ ਤੇ ਨੌਜਵਾਨਾਂ ਨੂੰ ਲਾਮਬੰਦ ਕਰਕੇ ਅੰਦੋਲਨ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਨੌਜਵਾਨਾਂ ਨੇ ਦੱਸਿਆ ਕਿ ਅਸੀਂ ਜਥੇਬੰਦੀ ਦੇ ਨਾਲ ਹਾਂ ਤੇ ਵੱਡੀ ਗਿਣਤੀ ਵਿਚ ਦਿੱਲੀ ਵਿਖੇ ਚਲ ਰਹੇ ਸੰਘਰਸ਼ ਵਿੱਚ ਯੋਗਦਾਨ ਪਾ ਰਹੇ ਹਾਂ।