Barnala DSP Satbir Singh Suspended :  ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਡੀਐਸਪੀ ਸਿਟੀ ਸਤਵੀਰ ਸਿੰਘ ਬੈਂਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਲਿਆ ਗਿਆ ਹੈ।

Continues below advertisement

ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਇਸ ਪੂਰੇ ਮਾਮਲੇ 'ਤੇ ਵਿਸਥਾਰ ਨਾਲ ਚਰਚਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ। 

ਦੱਸ ਦੇਈਏ ਕਿ ਇਹ ਘਟਨਾ ਦੋ ਦਿਨ ਪਹਿਲਾਂ ਬਰਨਾਲਾ ਦੇ ਹੰਡਿਆਇਆ ਬਾਜ਼ਾਰ ਵਿੱਚ ਵਾਪਰੀ ਸੀ, ਜਿੱਥੇ ਸਫਾਈ ਸੇਵਕਾਂ ਅਤੇ ਪੁਲਿਸ ਵਿਚਾਲੇ ਟਕਰਾਅ ਹੋ ਗਿਆ ਸੀ। ਪ੍ਰਦਰਸ਼ਨ ਦੌਰਾਨ ਮਹਿਲਾ ਸਫਾਈ ਸੇਵਕਾਂ ਨਾਲ ਪੁਰਸ਼ ਪੁਲਿਸ ਮੁਲਾਜ਼ਮਾਂ ਵੱਲੋਂ ਕਥਿਤ ਕੁੱਟਮਾਰ ਦੇ ਕਈ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਸਨ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਏ ਸਨ।

Continues below advertisement

https://youtu.be/M9M-eBsWVUs

ਆਰੋਪੀਆਂ ਖ਼ਿਲਾਫ਼ ਕਾਰਵਾਈ ਦੀ ਹੋ ਰਹੀ ਸੀ ਮੰਗ

ਸਫਾਈ ਸੇਵਕ ਯੂਨੀਅਨਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਰੋਪੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਬਰਨਾਲਾ ਵਿੱਚ ਸਫਾਈ ਸੇਵਕ ਅਤੇ ਨਗਰ ਨਿਗਮ ਕਰਮਚਾਰੀ ਤਨਖ਼ਾਹ ਵਾਧੇ ਅਤੇ ਪੱਕੀ ਨੌਕਰੀ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਹੜਤਾਲ 'ਤੇ ਸਨ।

ਹੰਡਿਆਇਆ ਬਾਜ਼ਾਰ ਵਿੱਚ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਤੋਂ ਬਾਅਦ ਹਾਲਾਤ ਤਣਾਅਪੂਰਨ ਹੋ ਗਏ ਸਨ। ਸਫਾਈ ਸੇਵਕਾਂ ਦਾ ਆਰੋਪ ਸੀ ਕਿ ਪੁਲਿਸ ਨੇ ਉਨ੍ਹਾਂ ਦੇ ਸ਼ਾਂਤਮਈ ਪ੍ਰਦਰਸ਼ਨ 'ਤੇ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਕਰਮਚਾਰੀ ਜ਼ਖ਼ਮੀ ਹੋਏ।

ਐਸਸੀ ਕਮਿਸ਼ਨ ਨੇ ਵੀ ਮੰਗੀ ਸੀ ਰਿਪੋਰਟ

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਰਾਸ਼ਟਰੀ ਸਫਾਈ ਕਰਮਚਾਰੀ ਆਯੋਗ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀ (ਐਸਸੀ) ਕਮਿਸ਼ਨ ਨੇ ਵੀ ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਪ੍ਰਸ਼ਾਸਨ ਤੋਂ ਰਿਪੋਰਟ ਤਲਬ ਕੀਤੀ ਸੀ। ਚੌਫੇਰੋਂ ਵੱਧ ਰਹੇ ਦਬਾਅ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਿੱਧੇ ਦਖ਼ਲ ਤੋਂ ਬਾਅਦ ਆਖ਼ਿਰਕਾਰ ਡੀਐਸਪੀ ਸਿਟੀ ਸਤਵੀਰ ਸਿੰਘ ਬੈਂਸ ਨੂੰ ਮੁਅੱਤਲ ਕਰ ਦਿੱਤਾ ਗਿਆ।