Barnala News: ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਤੇ ਹੋਰ ਬੁੱਧੀਜੀਵੀਆਂ ਦੀ ਰਿਹਾਈ ਲਈ ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ।

ਕਿਸਾਨ ਜਥੇਬੰਦੀਆਂ ਨੇ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਸਮਰਥਨ 'ਚ ਪ੍ਰਦਰਸ਼ਨ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਬੰਦੀ ਸਿੱਖ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਦੇ ਨਾਲ ਹੀ ਕਿਹਾ ਕਿ ਸਰਕਾਰੀ ਜਬਰ ਵਿਰੁੱਧ ਲਿਖਣ ਵਾਲੇ ਬੁੱਧੀਜੀਵੀਆਂ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਜਾ ਰਿਹਾ ਹੈ, ਉਨ੍ਹਾਂ ਨੂੰ ਵੀ ਰਿਹਾਅ ਕੀਤਾ ਜਾਵੇ।


 


ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕੌਮੀ ਇਨਸਾਫ਼ ਮੋਰਚੇ ਦੇ ਸਮਰਥਨ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕੀਤਾ ਹੈ। ਅਜਿਹੇ ਵਿੱਚ ਕਿਸਾਨ ਜਥੇਬੰਦੀਆਂ ਵੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਅਤੇ ਬੁੱਧੀਜੀਵੀਆਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰ ਰਹੀਆਂ ਹਨ।

ਇਸ ਮੰਗ ਨੂੰ ਲੈ ਕੇ ਜਿੱਥੇ ਅੱਜ ਬਰਨਾਲਾ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ,ਉੱਥੇ ਹੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ ਨੁਮਾਇੰਦਿਆਂ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਸਜ਼ਾਵਾਂ ਹੋਈਆਂ ਨੂੰ ਕਾਫ਼ੀ ਲੰਬਾ ਸਮਾਂ ਹੋ ਗਿਆ ਹੈ ਪਰ ਫਿਰ ਵੀ ਰਿਹਾਅ ਨਹੀਂ ਕੀਤਾ ਗਿਆ।




ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸਰਕਾਰੀ ਜਬਰ ਦੇ ਖਿਲਾਫ ਲਿਖਣ ਵਾਲੇ ਬੁੱਧੀਜੀਵੀਆਂ ਨੂੰ ਗੈਰ-ਕਾਨੂੰਨੀ ਤੌਰ 'ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਮਾਮਲੇ ਵਿੱਚ ਸਰਕਾਰਾਂ ਨਾਜਾਇਜ਼ ਧੱਕਾ ਕਰ ਰਹੀਆਂ ਹਨ। ਜਿਸ ਕਾਰਨ ਸਜ਼ਾ ਪੂਰੀ ਕਰ ਚੁੱਕੇ ਜੇਲਾਂ ਵਿੱਚ ਬੰਦ ਸਿੱਖਾਂ ਤੇ ਬੁੱਧੀਜੀਵੀਆਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ ਹੈ। ਜੇਕਰ ਸਰਕਾਰਾਂ ਨੇ ਇਸ ਮਾਮਲੇ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।