ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਰਨਾਲਾ ਦੇ ਇਤਿਹਾਸਕ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿੱਚ ਪੁਨਰ ਨਿਰਮਾਣ ਕੀਤੇ 289 ਸਾਲ ਪੁਰਾਣੇ ਸਰੋਵਰ ਦਾ ਉਦਘਾਟਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਤਪ ਅਸਥਾਨ ਸਿੱਖਾਂ ਲਈ ਬੇਹੱਦ ਮਹੱਤਵ ਰੱਖਦਾ ਹੈ। ਉਨ੍ਹਾਂ ਕਰਤਾਰਪੁਰ ਲਾਂਘੇ ਬਾਰੇ ਭਰੋਸਾ ਜਤਾਇਆ ਕਿ ਭਾਰਤ ਸਰਕਾਰ ਵੱਲੋਂ ਜਲਦ ਹੀ ਲਾਂਘੇ ਦਾ ਕੰਮ ਸ਼ੁਰੂ ਹੋ ਜਾਏਗਾ। ਉਨ੍ਹਾਂ ਕਿਹਾ ਕਿ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਦਿੱਤੀ ਹੈ।

ਇਸ ਦੇ ਨਾਲ ਹੀ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੇ ਐਸਐਚ ਫੂਲਕਾ ਨੂੰ ਐਸਜੀਪੀਸੀ ਵੱਲੋਂ ਸਨਮਾਨਤ ਕਰਨ ਦੇ ਮੁੱਦੇ ਬਾਰੇ ਉਨ੍ਹਾਂ ਕਿਹਾ ਕਿ ਕੇਸ ਵਿੱਚ ਸ਼ਾਮਲ ਸਾਰੇ ਵਕੀਲਾਂ ਦਾ ਸਨਮਾਨ ਕੀਤਾ ਜਾਏਗਾ। ਇਸ ਸਬੰਧੀ 26 ਜਨਵਰੀ ਨੂੰ ਦਰਬਾਰ ਸਾਹਿਬ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ ਕਰਾਇਆ ਜਾਏਗਾ।

ਬੀਤੇ ਦਿਨ ‘ਆਪ’ ਲੀਡਰ ਭਗਵੰਤ ਮਾਨ ਦੇ ਸ਼ਰਾਬ ਛੱਡਣ ਦੇ ਅਹਿਦ ਬਾਰੇ ਲੌਂਗੋਵਾਲ ਨੇ ਕਿਹਾ ਕਿ ਮਾਨ ਨੇ ਸ਼ਰਾਬ ਦਾ ਤਿਆਗ ਕਰਕੇ ਬੇਹੱਦ ਚੰਗਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਬੰਦੇ ਨੂੰ ਸ਼ਰਾਬ ਨਹੀਂ ਪੀਣੀ ਚਾਹੀਦੀ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਸਲੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਅਦਾਲਤੀ ਮਸਲਾ ਹੈ ਤੇ ਅਦਾਲਤ ਹੀ ਇਸ ਦਾ ਫੈਸਲਾ ਕਰੇਗੀ।