ਬਰਨਾਲਾ : ਬਰਨਾਲਾ ਜ਼ਿਲੇ ਦੇ ਕਸਬਾ ਤਪਾ 'ਚ ਇਕ ਜਗ੍ਹਾ 'ਤੇ ਨਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਗਈ ਪੁਲਿਸ ਅਤੇ ਸਥਾਨਕ ਲੋਕਾਂ ਵਿਚਾਲੇ ਟਕਰਾਅ ਹੋਇਆ ਹੈ। ਇਸ ਦੌਰਾਨ ਇੱਟਾਂ ਰੋੜੇ ਚੱਲੇ ਅਤੇ ਪੁਲਿਸ ਨੇ ਫਾਇਰਿੰਗ ਕੀਤੀ ਹੈ। ਇਸ ਦੌਰਾਨ ਗੁੱਸੇ 'ਚ ਆਏ ਲੋਕਾਂ ਨੇ ਐੱਸ.ਐੱਚ.ਓ ਦੀ ਕਾਰ ਦੀ ਭੰਨਤੋੜ ਕਰਕੇ ਪੁਲਿਸ 'ਤੇ ਹਮਲਾ ਕਰ ਦਿੱਤਾ।
ਇਸ ਝਗੜੇ ਵਿਚ ਸਥਾਨਕ ਲੋਕ, ਐਸ.ਐਚ.ਓ ਤਪਾ ਅਤੇ ਹੋਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ। ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਪੁਲਿਸ ਬਲ ਮੌਕੇ 'ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੁਲਿਸ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਨੇ ਹਥਿਆਰ ਖੋਹਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਸਵੈ-ਰੱਖਿਆ ਵਿੱਚ ਕਈ ਰਾਉਂਡ ਫਾਇਰ ਵੀ ਕੀਤੇ ਹਨ।
ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਥਾਨਕ ਨਿਵਾਸੀ ਬੇਅੰਤ ਸਿੰਘ ਅਤੇ 2 ਔਰਤਾਂ ਅਤੇ ਦਰਬਾਰਾ ਸਿੰਘ, ਲਖਵਿੰਦਰ ਸਿੰਘ ਅਤੇ ਵੀਰਪਾਲ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਉਨ੍ਹਾਂ ਦੇ ਧਾਰਮਿਕ ਸਥਾਨ ਨੂੰ ਖਾਲੀ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ 3-4 ਵਿਅਕਤੀਆਂ ਨੂੰ ਪੁਲੀਸ ਨੇ ਗੱਲ ਕਰਨ ਦੇ ਬਹਾਨੇ ਬੁਲਾ ਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਜਿਸ ਤੋਂ ਬਾਅਦ ਸਾਰੇ ਲੋਕਾਂ ਨੇ ਇਕੱਠੇ ਹੋ ਕੇ ਪੁਲਿਸ ਖਿਲਾਫ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ 'ਤੇ ਅਤੇ ਔਰਤਾਂ 'ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ, ਜਿਸ 'ਚ ਵੱਡੀ ਗਿਣਤੀ 'ਚ ਔਰਤਾਂ ਅਤੇ ਹੋਰ ਲੋਕ ਜ਼ਖਮੀ ਹੋ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ 10 ਤੋਂ 12 ਰਾਊਂਡ ਫਾਇਰ ਵੀ ਕੀਤੇ ਗਏ ਹਨ।
ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ 'ਚ ਦੋਸ਼ੀ ਪੁਲਿਸ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੁਲੀਸ ਦੀ ਇਹ ਕਾਰਵਾਈ ਕੁਝ ਸਿਆਸੀ ਲੋਕਾਂ ਵੱਲੋਂ ਜ਼ਮੀਨ ਹੜੱਪਣ ਲਈ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਜ਼ਮੀਨ ਨਾਲ ਸਬੰਧਤ ਹਰ ਤਰ੍ਹਾਂ ਦੇ ਕਾਗਜ਼ਾਤ ਹਨ ਅਤੇ ਜੇਕਰ ਸਿਆਸੀ ਲੋਕਾਂ ਕੋਲ ਜ਼ਮੀਨ ਦੀ ਮਾਲਕੀ ਸਬੰਧੀ ਕੋਈ ਕਾਗਜ਼ ਹੈ ਤਾਂ ਉਹ ਲੋਕਾਂ ਸਾਹਮਣੇ ਪੇਸ਼ ਕਰਨ। ਇਸ ਦੇ ਨਾਲ ਹੀ ਉਨ੍ਹਾਂ ਇਸ ਪੂਰੇ ਮਾਮਲੇ 'ਤੇ ਪੰਜਾਬ ਸਰਕਾਰ ਤੋਂ ਇਨਸਾਫ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ :ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਬਿਆਨ ਨੂੰ ਲੈ ਕੇ ਵਿਵਾਦਾਂ 'ਚ ਘਿਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490