Batala News: ਰੋਜ਼ਾਨਾ ਹੀ ਲੁੱਟਾਂ-ਖੋਹਾਂ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਨੇ। ਜਿਸ ਕਰਕੇ ਲੋਕਾਂ ਵਿੱਚ ਵੀ ਡਰ ਦਾ ਮਾਹੌਲ ਹੈ, ਕਿ ਕਿਹੜੇ ਚੌਰਾਹੇ ਉੱਤੇ ਉਹ ਲੁੱਟ ਦਾ ਸ਼ਿਕਾਰ ਹੋ ਜਾਣਗੇ। ਪਰ ਪੰਜਾਬ ਪੁਲਿਸ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰ ਦਿੱਤਾ ਹੈ।
8 ਨੌਜਵਾਨਾਂ ਦੇ ਰਹੇ ਸੀ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ
ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਰ ਰਹੇ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗੈਂਗ ਚਲਾ ਰਹੇ 8 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਇਨ੍ਹਾਂ ਕੋਲੋਂ 2 ਗੱਡੀਆਂ, 5 ਮੋਟਰਸਾਈਕਲ, 4 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਗੈਂਗ ਵੱਲੋਂ ਪਿਸਤੌਲ ਦੀ ਨੋਕ 'ਤੇ ਬਟਾਲਾ ਦੇ ਇਕ ਕਾਰੋਬਾਰੀ ਦੀ ਗੱਡੀ ਖੋਹੀ ਗਈ ਸੀ
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਦੇਰ ਰਾਤ ਅੰਮ੍ਰਿਤਸਰ-ਪਠਾਨਕੋਟ ਹਾਈਵੇਅ 'ਤੇ ਇਸ ਗੈਂਗ ਵੱਲੋਂ ਪਿਸਤੌਲ ਦੀ ਨੋਕ 'ਤੇ ਬਟਾਲਾ ਦੇ ਇਕ ਕਾਰੋਬਾਰੀ ਦੀ ਗੱਡੀ ਖੋਹੀ ਗਈ ਸੀ । ਇਸ ਗੈਂਗ ਵੱਲੋਂ ਗੱਡੀ ਖੋਹਣ ਤੋਂ ਬਾਅਦ ਕਾਰੋਬਾਰੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਹ ਸਾਰੇ ਫਰਾਰ ਹੋ ਗਏ ਸਨ। ਉਥੇ ਹੀ ਪੁਲਿਸ ਅਧਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਗੈਂਗ ਮੈਂਬਰਾਂ ਨੇ ਪਹਿਲਾਂ ਵੀ ਜ਼ਿਲ੍ਹਾ ਅੰਮ੍ਰਿਤਸਰ ਤੇ ਹੋਰ ਇਲਾਕਿਆਂ 'ਚ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਉਥੇ ਹੀ ਇਸ ਮਾਮਲੇ ਤੋਂ ਇਲਾਵਾ ਇੱਕ ਕਤਲ ਅਤੇ ਹੋਰਨਾਂ ਵਾਰਦਾਤਾਂ 'ਚ ਵਾਂਟੇਡ ਗੈਂਗਸਟਰ ਨੂੰ ਵੀ ਪਿਸਤੌਲ ਨਾਲ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਜ਼ਿਲ੍ਹਾ ਬਟਾਲਾ ਦੀ ਐੱਸਐੱਸਪੀ ਅਸ਼ਵਨੀ ਗੁਟਿਆਲ ਨੇ ਪ੍ਰੈੱਸ ਕਾਨਫਰੰਸ ਕਰਕੇ ਦਾਅਵਾ ਕੀਤਾ ਕਿ ਬਟਾਲਾ 'ਚ ਇਕ ਕਾਰੋਬਾਰੀ 'ਤੇ ਫਾਇਰ ਕਰਕੇ ਜ਼ਖ਼ਮੀ ਕਰਨ ਤੋਂ ਬਾਅਦ ਗੱਡੀ ਖੋਹ ਕੇ ਫਰਾਰ ਹੋਏ ਗੈਂਗਸਟਰਾਂ ਨੂੰ ਕੁਝ ਘੰਟਿਆਂ ਅੰਦਰ ਹੀ ਉਨ੍ਹਾਂ ਦੀ ਪੁਲਸ ਨੇ ਕਾਬੂ ਕਰ ਲਿਆ ਹੈ। ਗੁਟਿਆਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਉਕਤ ਰਣਜੋਧ ਸਿੰਘ ਗੈਂਗ ਨਾਂ ਨਾਲ ਜਾਣੇ ਜਾਂਦੇ ਇਸ ਗੈਂਗ ਦੇ 8 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਖੋਹੀਆਂ 2 ਗੱਡੀਆਂ ਅਤੇ 5 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਨ੍ਹਾਂ ਕੋਲੋਂ 4 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ, ਜਿਨ੍ਹਾਂ ਨਾਲ ਇਨ੍ਹਾਂ ਵੱਲੋਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਸੀ।
ਐੱਸਐੱਸਪੀ ਨੇ ਦੱਸਿਆ ਕਿ ਇਹ ਗੈਂਗ ਪਿਸਤੌਲ ਦੀ ਨੋਕ 'ਤੇ ਪੈਸੇ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਇਨ੍ਹਾਂ ਵੱਲੋਂ ਅੰਮ੍ਰਿਤਸਰ, ਮਜੀਠਾ ਇਲਾਕੇ 'ਚ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਇਨ੍ਹਾਂ ਖਿਲਾਫ਼ ਪਹਿਲਾਂ ਹੀ ਵੱਖ-ਵੱਖ 10 ਅਪਰਾਧਿਕ ਮਾਮਲੇ ਦਰਜ ਹਨ। ਉਥੇ ਹੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਫਰਾਰ ਗੈਂਗਸਟਰ ਸੁਖਰਾਜ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ
ਇਸ ਦੇ ਨਾਲ ਹੀ ਬਟਾਲਾ ਪੁਲਿਸ ਵੱਲੋਂ ਇੱਕ ਕਤਲ ਦੇ ਮਾਮਲੇ 'ਚ ਫਰਾਰ ਗੈਂਗਸਟਰ ਸੁਖਰਾਜ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਸ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਸ ਗੈਂਗਸਟਰ ਦੇ ਖਿਲਾਫ਼ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।