ਨਾਈਟ ਕਰਫਿਊ 'ਚ ਘੁੰਮਣ ਵਾਲਿਆਂ 'ਤੇ ਸਖ਼ਤੀ, ਪਹਿਲਾਂ ਕੱਟੇ ਚਲਾਨ ਫਿਰ ਸਮਝਾਇਆ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਕਾਰਵਾਈ ਕਰਕੇ ਚਲਾਨ ਕੱਟੇ ਜਾ ਰਹੇ ਹਨ। ਚਲਾਨ ਕੱਟਣ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ।
ਬਠਿੰਡਾ: ਪੁਲਿਸ ਨੇ ਸ਼ਹਿਰ ਚ ਕੋਰੋਨਾ ਵਾਇਰਸ ਨਾਈਟ ਕਰਫਿਊ ਦੇ ਚੱਲਦਿਆਂ ਸਖਤੀ ਕੀਤੀ। ਇਸ ਤਹਿਤ ਰਾਤ ਦੇ ਸਮੇਂ ਨਾਕਾਬੰਦੀ ਕੀਤੀ ਗਈ ਤੇ ਨਾਈਟ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਗਈ। ਸ਼ਹਿਰ ਵਿਚ ਅੱਠ ਵਜੇ ਤੋਂ ਬਾਅਦ ਘੁੰਮਣ ਵਾਲੇ ਰਾਹਗੀਰਾਂ ਨੂੰ ਰੋਕ ਕੇ ਉਨ੍ਹਾਂ ਦੇ ਚਲਾਨ ਕੱਟੇ ਗਏ।
ਨਾਕਾਬੰਦੀ ਕਰ ਰਹੇ ਡੀਐਸਪੀ ਗੁਰਜੀਤ ਸਿੰਘ ਰੋਮਾਣਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਏਗਾ, ਕਿਉਂਕਿ ਸਰਕਾਰ ਨੇ ਕੱਲ੍ਹ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਸਨ। ਰਾਤ ਦੇ ਸਮੇਂ ਅੱਠ ਵਜੇ ਤੋਂ ਬਾਅਦ ਕਰਫਿਊ ਲਾਗੂ ਹੈ। ਜਿਸ ਨੂੰ ਲੈ ਕੇ ਅਫ਼ਸਰ ਸਾਹਿਬਾਨਾਂ ਨਾਲ ਮੀਟਿੰਗ ਹੋਣ ਤੋਂ ਬਾਅਦ ਅੱਜ ਅਸੀਂ ਨਾਈਟ ਨਾਕਾਬੰਦੀ ਕੀਤੀ ਹੈ। ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਕਾਰਵਾਈ ਕਰਕੇ ਚਲਾਨ ਕੱਟੇ ਜਾ ਰਹੇ ਹਨ। ਚਲਾਨ ਕੱਟਣ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਪੰਜਾਬ ਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਜਿਸ ਨੂੰ ਲੈਕੇ ਸੂਬਾ ਸਰਕਾਰ ਸਖ਼ਤ ਹੋ ਗਈ ਹੈ। ਇਸ ਤਹਿਤ ਹੀ ਨਾਈਟ ਕਰਫਿਊ ਦਾ ਸਮਾਂ ਵੀ ਵਧਾ ਦਿੱਤਾ ਗਿਆ ਹੈ। ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਹੀ ਪੰਜਾਬ ’ਚ ਪਾਬੰਦੀਆਂ ਹੋਰ ਸਖਤ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਹੁਕਮ ਜਾਰੀ ਕੀਤੇ ਹਨ:
1. ਰਾਤ ਦੇ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ।
2. ਸੂਬੇ ਵਿਚਲੇ ਸਾਰੇ ਬਾਰ, ਸਿਨੇਮਾ ਹਾਲ, ਜਿਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ।
3. ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰੈਸਟੋਰੈਂਟਾਂ ਤੇ ਹੋਟਲਾਂ ਨੂੰ ਸਿਰਫ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ।
4. ਨਿੱਜੀ ਲੈਬਾਂ ਨੇ ਆਰਟੀ-ਪੀਸੀਆਰ ਤੇ ਰੈਪਿਡ ਐਂਟੀਜੈਨ ਟੈਸਟਿੰਗ (ਆਰਏਟੀ) ਦੀਆਂ ਕੀਮਤਾਂ ਘਟਾ ਕੇ ਕ੍ਰਮਵਾਰ 450 ਰੁਪਏ ਤੇ 300 ਰੁਪਏ ਕਰ ਦਿੱਤੀਆਂ ਹਨ।
5. ਸਰਕਾਰ ਸੂਬੇ ਵਿੱਚ ਵਿਆਹਾਂ/ਸਸਕਾਰ ਸਮੇਤ ਹਰ ਤਰ੍ਹਾਂ ਦੇ ਇਕੱਠ ’ਚ 20 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਾ ਦਿੱਤੀ ਹੈ ਤੇ 10 ਤੋਂ ਵੱਧ ਵਿਅਕਤੀਆਂ ਦੇ ਇਕੱਠ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਜ਼ਰੂਰੀ ਕਰਾਰ ਦਿੱਤੀ ਗਈ ਹੈ।
6. ਨਵੀਆਂ ਪਾਬੰਦੀਆਂ, ਜਿਨ੍ਹਾਂ ਵਿੱਚ ਸਾਰੇ ਮਾਲ, ਦੁਕਾਨਾਂ ਤੇ ਬਾਜ਼ਾਰਾਂ ਐਤਵਾਰ ਵਾਲੇ ਦਿਨ ਬੰਦ ਕਰਨਾ ਸ਼ਾਮਲ ਹੈ, ਪਹਿਲਾਂ ਵਾਲੀਆਂ ਪਾਬੰਦੀਆਂ ਸਮੇਤ 30 ਅਪਰੈਲ ਤੱਕ ਲਾਗੂ ਰਹਿਣਗੀਆਂ।
7. ਉਡਾਣਾਂ ਰਾਹੀਂ ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਕੋਲ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ ਹੋਣੀ ਚਾਹੀਦੀ ਹੈ ਜੋ 72 ਘੰਟਿਆਂ ਤੋਂ ਪੁਰਾਣੀ ਨਾ ਹੋਵੇ ਨਹੀਂ ਤਾਂ ਉਨ੍ਹਾਂ ਦੀ ਹਵਾਈ ਅੱਡੇ ਉੱਤੇ ਹੀ ਆਰਏਟੀ ਜਾਂਚ ਕੀਤੀ ਜਾਵੇਗੀ।
8. ਜਿਨ੍ਹਾਂ ਨੇ ਕਿੱਧਰੇ ਵੀ ਵੱਡੇ ਇਕੱਠਾਂ ਵਿਚ ਸ਼ਮੂਲੀਅਤ ਕੀਤੀ ਹੈ, ਉਨਾਂ ਨੂੰ ਘਰ ਵਾਪਸੀ ’ਤੇ ਪੰਜ ਦਿਨਾਂ ਲਈ ਘਰ ਵਿੱਚ ਏਕਾਂਤਵਾਸ ਵਿਚ ਰਹਿਣਾ ਪਵੇਗਾ।
9. ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਬੱਸਾਂ/ਟੈਕਸੀਆਂ ਤੇ ਆਟੋ ਰਿਕਸ਼ਿਆਂ ਵਿੱਚ ਲੋਕਾਂ ਦੀ ਗਿਣਤੀ ਦੀ ਸਮਰੱਥਾ 50 ਫੀਸਦੀ ਰੱਖੀ ਜਾਵੇ।
10. ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ’ਤੇ ਮੁਸਾਫਰਾਂ ਲਈ ਆਰਏਟੀ ਬੂਥ ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
11. ਪਟਵਾਰੀਆਂ ਦੀ ਭਰਤੀ ਪ੍ਰੀਖਿਆ ਮੁਲਤਵੀ ਕੀਤੀ ਜਾਵੇਗੀ ਤੇ ਮੈਡੀਕਲ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਐਮਬੀਬੀਐਸ/ਬੀਡੀਐਸ/ਬੀਏਐਮਐਸ ਦੇ ਪਹਿਲੇ, ਦੂਜੇ ਤੇ ਤੀਜੇ ਵਰ੍ਹੇ ਤੇ ਪਹਿਲੇ ਵਰ੍ਹੇ ਦੇ ਨਰਸਿੰਗ ਦੇ ਵਿਦਿਆਰਥੀਆਂ ਲਈ ਆਨਲਾਈਨ ਪ੍ਰੀਖਿਆ ਕਰਵਾਈ ਜਾਵੇ।
12. ਨਿੱਜੀ ਹਸਪਤਾਲਾਂ ਨੂੰ ਕੋਵਿਡ ਦੇ ਮਰੀਜ਼ਾਂ ਲਈ 75 ਫੀਸਦੀ ਬਿਸਤਰੇ ਰਾਖਵੇਂ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
13. ਸੂਬੇ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਮੌਜੂਦਗੀ ਬਾਰੇ 24 ਘੰਟੇ ਜਾਣਕਾਰੀ ਪ੍ਰਦਾਨ ਕਰਨ ਲਈ ਹੈਲਪਲਾਈਨ ਨੰਬਰ 104 ਚਾਲੂ ਰਹੇਗਾ।
14. ਆਕਸੀਜਨ ਦੀ ਉਪਲਬੱਧਤਾ ਯਕੀਨੀ ਬਣਾਉਣ ਲਈ ਇੱਕ ਕਮੇਟੀ ਕੰਮ ਕਰੇਗੀ ਜਦਕਿ ਨਿੱਜੀ ਹਸਪਤਾਲਾਂ ਨੂੰ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ।