ਲੁਧਿਆਣਾ/ਚੰਡੀਗੜ੍ਹ: ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੋ ਰਹੀ ਹੈ। ਸ਼ੁੱਕਰਵਾਰ ਨੂੰ ਲੁਧਿਆਣਾ ਤੋਂ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਤੇ ਅਕਾਲੀ ਦਲ ਦੇ ਕਈ ਮੌਜੂਦਾ ਤੇ ਸਾਬਕਾ ਕੌਂਸਲਰ ਆਪਣੀਆਂ ਪੁਰਾਣੀਆਂ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। 



ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਹਾਜ਼ਰੀ ਵਿੱਚ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਲੁਧਿਆਣਾ ਨਗਰ ਨਿਗਮ ਦੇ ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਅਮਿਤ ਵਰਸ਼ਾ ਰਾਮਪਾਲ ਤੇ ਕਾਲਾ ਗੌਤਮ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ‘ਆਪ’ ਵਿੱਚ ਸ਼ਾਮਲ ਹੋ ਗਏ। 





ਅਕਾਲੀ ਦਲ ਦੇ ਸਾਬਕਾ ਕੌਂਸਲਰ ਤਨਵੀਰ ਸਿੰਘ ਧਾਲੀਵਾਲ, ਸਾਬਕਾ ਕਾਂਗਰਸੀ ਕੌਂਸਲਰ ਸਤਵਿੰਦਰ ਸਿੰਘ ਜਵੱਦੀ ਤੇ ਆਜ਼ਾਦ ਸਾਬਕਾ ਕੌਂਸਲਰ ਕਪਿਲ ਕੁਮਾਰ ਸੋਨੂੰ ਵੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਕੱਤਰ ਰੋਮਿਲਾ ਬਾਂਸਲ ਤੇ ਫੂਲ ਬਦਨ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਆਰਟੀਆਈ ਐਕਟਿਵਿਸਟ ਤੇ ਆਰਟੀਆਈ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਦਿਨੇਸ਼ ਮੱਕੜ ਵੀ 'ਆਪ' ਨਾਲ ਜੁੜ ਗਏ।


ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦਿੱਲੀ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਭਲਾਈ ਦੇ ਕੰਮਾਂ ਤੋਂ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਾਂਗ ਨਗਰ ਨਿਗਮ ਚੋਣਾਂ ਵਿੱਚ ਵੀ ਇਕਪਾਸੜ ਜਿੱਤ ਦਰਜ ਕਰੇਗੀ।


ਇਸ ਦੇ ਨਾਲ ਹੀ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਅਸੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਅਸੀਂ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗੇ।


 


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।