ਪੰਚਾਇਤੀ ਚੋਣਾਂ 3 ਹਫ਼ਤਿਆਂ ਲਈ ਹੋਣਗੀਆਂ ਮੁਲਤਵੀ ? ਕਾਂਗਰਸ ਵਫ਼ਦ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਤ, ਜਾਣੋ ਕੀ ਦਿੱਤਾ ਤਰਕ
ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜਾਅਲੀ ਬੈਲਟ ਪੇਪਰ ਛਾਪੇ ਹਨ।
Punjab News: ਪੰਜਾਬ ਕਾਂਗਰਸ ਦੇ ਆਗੂਆਂ ਨੇ ਰਾਜ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਅੱਜ (ਸੋਮਵਾਰ) ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਚੋਣਾਂ ਵਿੱਚ ਵੱਡੇ ਪੱਧਰ ’ਤੇ ਧੋਖਾਧੜੀ ਹੋਈ ਹੈ ਜਿਸ ਕਾਰਨ ਲੋਕ ਸਹਿਮੇ ਹੋਏ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜਾਅਲੀ ਬੈਲਟ ਪੇਪਰ ਛਾਪੇ ਹਨ।
ਕਾਂਗਰਸ ਨੇ ਪੱਤਰ ਵਿੱਚ ਲਿਖਿਆ ਹੈ ਕਿ ਪੰਚਾਇਤੀ ਚੋਣਾਂ 15 ਅਕਤੂਬਰ 2024 ਨੂੰ ਹੋਣੀਆਂ ਹਨ। ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਦੌਰਾਨ ਖ਼ਾਸ ਕਰਕੇ ਆਖ਼ਰੀ ਦਿਨ ਹਫੜਾ-ਦਫੜੀ ਤੇ ਹਿੰਸਕ ਘਟਨਾਵਾਂ ਵਾਪਰੀਆਂ ਹਨ। ਇਨ੍ਹਾਂ ਨੇ ਨਾ ਸਿਰਫ਼ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਨੂੰ ਢਾਹ ਲਾਈ ਹੈ ਸਗੋਂ ਇਨ੍ਹਾਂ ਚੋਣਾਂ ਦੀ ਨਿਰਪੱਖਤਾ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਬਾਜਵਾ ਨੇ ਕਿਹਾ ਕਿ ਮੈਂ ਚੋਣ ਕਮਿਸ਼ਨ ਨੂੰ ਬੇਨਤੀ ਕਰਦਾ ਹਾਂ ਕਿ ਪੰਚਾਇਤੀ ਚੋਣਾਂ ਨੂੰ ਘੱਟੋ-ਘੱਟ ਤਿੰਨ ਹਫ਼ਤਿਆਂ ਤੱਕ ਮੁਲਤਵੀ ਕਰਨ ਬਾਰੇ ਵਿਚਾਰ ਕੀਤਾ ਜਾਵੇ।
ਪੰਜਾਬ ਭਰ ਵਿੱਚ 13,241 ਗ੍ਰਾਮ ਪੰਚਾਇਤਾਂ ਲਈ ਚੋਣਾਂ ਹੋਣੀਆਂ ਹਨ। ਹਾਲਾਂਕਿ, ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੰਸਾ ਤੇ ਤਾਕਤ ਦੀ ਵਰਤੋਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਖ਼ਾਸ ਕਰਕੇ ਤਰਤਾਰਨ, ਮੋਗਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਆਦਿ ਜ਼ਿਲ੍ਹਿਆਂ ਵਿੱਚ ਇਹ ਮਾਮਲੇ ਸਾਹਮਣੇ ਆਏ ਹਨ। ਸ
ਥਾਨਕ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰਾਂ ਦੇ ਬਾਹਰ ਜਦੋਂ ਝੜਪਾਂ ਸ਼ੁਰੂ ਹੋ ਗਈਆਂ ਤਾਂ ਪੁਲਿਸ ਨੂੰ ਭੀੜ ਨੂੰ ਖਿੰਡਾਉਣ ਲਈ ਹਵਾ ਵਿੱਚ ਗੋਲੀਆਂ ਚਲਾਉਣੀਆਂ ਪਈਆਂ। ਤਰਨਤਾਰਨ ਵਿੱਚ ਵੀ ਅਜਿਹੀ ਹੀ ਇੱਕ ਘਟਨਾ ਵਾਪਰੀ ਹੈ ਜਿਸ ਵਿਚ ਪੰਜ ਲੋਕ ਜ਼ਖਮੀ ਹੋ ਗਏ।
ਇਸ ਤੋਂ ਇਲਾਵਾ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਕਈ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਿੱਚ ਪ੍ਰਸ਼ਾਸਨਿਕ ਅੜਚਨਾਂ ਦਾ ਸਾਹਮਣਾ ਕਰਨਾ ਪਿਆ ਹੈ। ਨਕੋਦਰ ਨਗਰ ਕੌਂਸਲ ਵਰਗੀਆਂ ਥਾਵਾਂ ’ਤੇ ਮਾੜੇ ਪ੍ਰਬੰਧਾਂ ਨੇ ਉਮੀਦਵਾਰਾਂ ਨੂੰ ਸਮੇਂ ਸਿਰ ਕਾਗ਼ਜ਼ ਦਾਖ਼ਲ ਕਰਨ ਤੋਂ ਰੋਕਿਆ ਹੈ। ਕਈ ਉਮੀਦਵਾਰਾਂ ਨੇ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਪ੍ਰਾਪਤ ਕਰਨ ਦੌਰਾਨ ਪ੍ਰਰੇਸ਼ਾਨ ਕੀਤੇ ਜਾਣ ਦੀ ਰਿਪੋਰਟ ਕੀਤੀ ਹੈ।