ਫ਼ਰੀਦਕੋਟ: ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਨਾਮਜ਼ਦ ਮੋਗਾ ਦੇ ਸਾਬਕਾ ਸੀਨੀਅਰ ਪੁਲਿਸ ਕਪਤਾਨ ਚਰਨਜੀਤ ਸ਼ਰਮਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਤਿੰਨ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਵੀਰਵਾਰ ਸ਼ਰਮਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ- ਬਹਿਬਲ ਕਲਾਂ ਗੋਲ਼ੀ ਕਾਂਡ: ਚਰਨਜੀਤ ਸ਼ਰਮਾ ਨੂੰ 3 ਦਿਨ ਹੋਰ ਰਿੜਕੇਗੀ SIT

ਸ਼ਰਮਾ ਨੂੰ ਵੀਰਵਾਰ ਸਵੇਰੇ 10 ਕੁ ਵਜੇ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਸੁਣਵਾਈ ਮਗਰੋਂ ਅਦਾਲਤ ਨੇ ਸ਼ਰਮਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਰੱਖਣ ਦੇ ਹੁਕਮ ਦੇ ਦਿੱਤੇ ਹਨ। ਇਸ ਦੌਰਾਨ ਸ਼ਰਮਾ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਫ਼ਰੀਦਕੋਟ ਜਾਂ ਫ਼ਿਰੋਜ਼ਪੁਰ ਜੇਲ੍ਹ ਨਾ ਭੇਜਿਆ ਜਾਵੇ। ਪਰ ਅਦਾਲਤ ਨੇ ਸਰਕਾਰੀ ਵਕੀਲ ਦਾ ਪੱਖ ਜਾਣਨ ਮਗਰੋਂ ਸ਼ਰਮਾ ਦੀ ਅਰਜ਼ ਠੁਕਰਾ ਦਿੱਤੀ ਅਤੇ ਉਨ੍ਹਾਂ ਨੂੰ ਫ਼ਰੀਦਕੋਟ ਜੇਲ੍ਹ ਭੇਜ ਦਿੱਤਾ ਗਿਆ।

ਸਬੰਧਤ ਖ਼ਬਰ- ਬਹਿਬਲ ਕਲਾਂ-ਕੋਟਕਪੂਰਾ ਗੋਲ਼ੀਕਾਂਡ: ਸ਼ਰਮਾ ਦੀ ਗ੍ਰਿਫ਼ਤਾਰੀ ਤੋਂ 'ਡਰੇ' ਐਸਪੀ ਤੇ ਇੰਸਪੈਕਟਰ ਪਹੁੰਚੇ ਅਦਾਲਤ

ਜ਼ਿਕਰਯੋਗ ਹੈ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਬੀਤੀ 27 ਜਨਵਰੀ ਨੂੰ ਚਰਨਜੀਤ ਸ਼ਰਮਾ ਨੂੰ ਉਨ੍ਹਾਂ ਦੇ ਹੁਸ਼ਿਆਰਪੁਰ ਸਥਿਤ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਮਗਰੋਂ ਉਨ੍ਹਾਂ ਨੂੰ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰ ਐਸਆਈਟੀ ਨੇ ਅੱਠ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ। ਐਸਆਈਟੀ ਮੁਖੀ ਪ੍ਰਬੋਧ ਕੁਮਾਰ ਤੇ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਨੇ ਫ਼ਰੀਦਕੋਟ ਦੇ ਸਦਰ ਥਾਣੇ ਵਿੱਚ ਕਰੀਬ ਤਿੰਨ ਘੰਟੇ ਤਕ ਪੁੱਛਗਿੱਛ ਕੀਤੀ ਸੀ।

ਇਹ ਵੀ ਪੜ੍ਹੋ- ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ: ਕੀ ਰਹੀ ਪੁਲਿਸ ਦੀ ਭੂਮਿਕਾ ਜਾਣੋ ਪੂਰਾ ਮਾਮਲਾ


ਇਸ ਤੋਂ ਬਾਅਦ ਚਾਰ ਫਰਵਰੀ ਨੂੰ ਰਿਮਾਂਡ ਖ਼ਤਮ ਹੋਣ 'ਤੇ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਗਿਆ ਸੀ ਤੇ ਹੋਰ ਜਾਣਕਾਰੀ ਹਾਸਲ ਕਰਨ ਲਈ ਅਦਾਲਤ ਨੇ ਪੁਲਿਸ ਰਿਮਾਂਡ ਵਿੱਚ ਤਿੰਨ ਦਿਨ ਦਾ ਵਾਧਾ ਕਰ ਦਿੱਤਾ ਗਿਆ ਸੀ। ਇਹ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਫਿਰ ਸ਼ਰਮਾ ਨੂੰ ਪੇਸ਼ ਕੀਤਾ ਗਿਆ ਸੀ। ਹੁਣ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਭੇਜ ਦਿੱਤਾ ਹੈ।

ਸਬੰਧਤ ਖ਼ਬਰ- ਅਦਾਲਤ ਨੇ ਬਹਿਬਲ ਕਲਾਂ ਗੋਲ਼ੀਕਾਂਡ ਦੇ ਮੁਲਜ਼ਮ ਪੁਲਿਸ ਅਫ਼ਸਰਾਂ ਦੀ ਝੋਲੀ ਨਾ ਪਾਈ ਖੈਰ

ਅਕਤੂਬਰ 2015 ਦੌਰਾਨ ਬਹਿਬਲ ਕਲਾਂ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਪੁਲਿਸ ਕਾਰਵਾਈ ਹੋਈ ਸੀ। ਇਸ ਕਾਰਵਾਈ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ ਤੇ ਕਈ ਜ਼ਖ਼ਮੀ ਹੋ ਗਏ ਸਨ। ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਉੱਥੇ ਹੀ ਮੌਜੂਦ ਸਨ ਤੇ ਉਨ੍ਹਾਂ ਸਮੇਤ ਚਾਰ ਪੁਲਿਸ ਅਧਿਕਾਰੀਆਂ 'ਤੇ ਕਤਲ ਦਾ ਕੇਸ ਵੀ ਦਰਜ ਹੈ।