Behbal kalan firing case: ਸੁਖਬੀਰ ਬਾਦਲ 'ਤੇ ਸਵਾਲਾਂ ਦੀ ਬੁਛਾੜ, ਸਿੱਟ ਅਜੇ ਨਹੀਂ ਸੰਤੁਸ਼ਟ, ਮੁੜ ਹੋ ਸਕਦੀ ਪੇਸ਼ੀ
ਮੰਗਲਵਾਰ ਨੂੰ ਸੁਖਬੀਰ ਬਾਦਲ ਪੰਜਾਬ ਪੁਲਿਸ (Punjab Police) ਵੱਲੋਂ ਬਹਿਬਲ ਕਲਾਂ ਗੋਲੀ ਕਾਂਡ (Behbal kalan firing case)ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਏ।
ਚੰਡੀਗੜ੍ਹ: ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Singh Badal) ਤੋਂ ਕੀਤੀ ਗਈ ਪੁੱਛਗਿੱਛ ਤੋਂ ਸੰਤੁਸ਼ਟ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਮੁੜ ਸੰਮਨ ਭੇਜਿਆ ਜਾ ਸਕਦਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਬਾਦਲ ਤੋਂ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ ਪਰ ਸਿੱਟ (SIT) ਦੇ ਪੱਲੇ ਕੁਝ ਨਹੀਂ ਪਿਆ। ਸੂਤਰਾਂ ਮੁਤਾਬਕ ਸੁਖਬੀਰ ਬਾਦਲ ਨੂੰ ਮੁੜ ਬੁਲਾਇਆ ਜਾ ਸਕਦਾ ਹੈ।
ਦੱਸ ਦਈਏ ਕਿ ਮੰਗਲਵਾਰ ਨੂੰ ਸੁਖਬੀਰ ਬਾਦਲ ਪੰਜਾਬ ਪੁਲਿਸ (Punjab Police) ਵੱਲੋਂ ਬਹਿਬਲ ਕਲਾਂ ਗੋਲੀ ਕਾਂਡ (Behbal kalan firing case)ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਅੱਗੇ ਪੇਸ਼ ਹੋਏ। ਆਈਜੀ (IG) ਰੈਂਕ ਦੇ ਪੁਲਿਸ ਅਧਿਕਾਰੀ ਨੌਨਿਹਾਲ ਸਿੰਘ (IG Naunihal Singh) ਦੀ ਅਗਵਾਈ ਵਾਲੀ ਟੀਮ ਨੇ ਸੁਖਬੀਰ ਬਾਦਲ ਤੋਂ ਤਿੰਨ ਘੰਟੇ ਪੁੱਛਗਿੱਛ ਕੀਤੀ। ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਸ਼ਾਸਨ ਦੌਰਾਨ ਵਾਪਰੇ ਇਸ ਗੋਲੀ ਕਾਂਡ ਵਿੱਚ ਦੋ ਜਣਿਆਂ ਦੀ ਪੁਲਿਸ ਗੋਲੀ ਨਾਲ ਮੌਤ ਹੋ ਗਈ ਸੀ ਤੇ ਪੁਲਿਸ ਵੱਲੋਂ ‘ਅਣਪਛਾਤੇ ਪੁਲਿਸ ਕਰਮਚਾਰੀਆਂ’ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਸੁਖਬੀਰ ਬਾਦਲ ਉਸ ਵੇਲੇ ਅਕਾਲੀ-ਭਾਜਪਾ ਸਰਕਾਰ ਵਿੱਚ ਗ੍ਰਹਿ ਮੰਤਰੀ ਸਨ। ਇਸ ਲਈ ਪੁਲਿਸ ਵੱਲੋਂ ਇਸ ਮਾਮਲੇ ’ਤੇ ਅਕਾਲੀ ਦਲ ਦੇ ਪ੍ਰਧਾਨ ਤੋਂ ਸਮੁੱਚੀ ਪ੍ਰਕਿਰਿਆ ਤੇ ਘਟਨਾ ਨਾਲ ਸਬੰਧਤ ਸਵਾਲ ਪੁੱਛੇ ਗਏ। ਸਿੱਟ ਵੱਲੋਂ ਪੁੱਛਿਆ ਗਿਆ ਕਿ ਗ੍ਰਹਿ ਮੰਤਰੀ ਵਜੋਂ ਇਸ ਗੋਲੀ ਕਾਂਡ ਦੀ ਜਾਣਕਾਰੀ ਕਦੋਂ, ਕਿਵੇਂ ਤੇ ਕਿਸ ਰਾਹੀਂ ਮਿਲੀ। ਪੁਲਿਸ ਅਧਿਕਾਰੀਆਂ ਨੇ ਪੁੱਛਿਆ ਕਿ ਜਦੋਂ ਗ੍ਰਹਿ ਮੰਤਰੀ ਹੁੰਦਿਆਂ ਤੁਹਾਨੂੰ ਪਤਾ ਲੱਗ ਗਿਆ ਸੀ ਕਿ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਤਾਂ ਉਸ ਤੋਂ ਬਾਅਦ ਕਿਸ ਤਰ੍ਹਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਪੁਲਿਸ ਅਧਿਕਾਰੀਆਂ ਮੁਤਾਬਿਕ ਅਕਾਲੀ ਸੁਖਬੀਰ ਬਾਦਲ ਵੱਲੋਂ ਸਿੱਟ ਵੱਲੋਂ ਕੀਤੇ ਜਿਨ੍ਹਾਂ ਸਵਾਲਾਂ ਦਾ ਜਵਾਬ ਦਿੱਤਾ ਗਿਆ ਹੈ ਉਨ੍ਹਾਂ ਦੀ ਪ੍ਰਮਾਣਿਕਤਾ ਦੇਖੀ ਜਾਵੇਗੀ ਤੇ ਪੁਲਿਸ ਦਾ ਰਿਕਾਰਡ ਵੀ ਘੋਖਿਆ ਜਾਵੇਗਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਹਾਲੇ ਸ਼ੁਰੂ ਹੋਈ ਹੈ, ਜਿਸ ਦੀ ਰਿਪੋਰਟ ਲਈ ਉਡੀਕ ਕਰਨੀ ਪਵੇਗੀ। ਜੇਕਰ ਲੋੜ ਪਈ ਤਾਂ ਸੁਖਬੀਰ ਬਾਦਲ ਨੂੰ ਮੁੜ ਬੁਲਾਇਆ ਜਾ ਸਕਦਾ ਹੈ।