Behbal Kalan Goli Kand: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਸਾਹਮਣੇ ਵੀਰਵਾਰ ਨੂੰ ‘ਪੇਸ਼ੀ ਭੁਗਤਣ’ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਇਸ ਮੁੱਦੇ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਹ ਪੰਥ ਤੇ ਪੰਜਾਬ ਨਾਲ ਜੁੜਿਆ ਮਸਲਾ ਹੈ। ਇਸ ਲਈ ਸੰਵੇਦਨਸ਼ੀਲ ਮੁੱਦੇ ’ਤੇ ਪਹਿਲਾਂ ਵੀ ਜਾਂਚ ਟੀਮ ਨੂੰ ਹਮੇਸ਼ਾ ਸਹਿਯੋਗ ਦਿੱਤਾ ਹੈ ਤੇ ਅੱਗੋਂ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਿੱਟ ਵੱਲੋਂ ਜੋ ਵੀ ਜਾਣਕਾਰੀ ਮੰਗੀ ਗਈ ਸੀ, ਉਹ ਪੂਰੀ ਤਰ੍ਹਾਂ ਮੁਹੱਈਆ ਕਰਵਾ ਦਿੱਤੀ ਗਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਜਾਂਚ ਟੀਮ ਨੂੰ ਫ਼ਿਰ ਲੋੜ ਹੋਵੇ ਤਾਂ ਫ਼ਿਰ ਹਾਜ਼ਰ ਹੋ ਜਾਵਾਂਗਾ। 



ਦੱਸ ਦਈਏ ਕਿ ਸੁਖਬੀਰ ਬਾਦਲ ਵੀਰਵਾਰ ਨੂੰ ਪੰਜਾਬ ਪੁਲਿਸ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਦੂਜੀ ਵਾਰ ਪੇਸ਼ ਹੋਏ। ਆਈਜੀ ਰੈਂਕ ਦੇ ਪੁਲਿਸ ਅਧਿਕਾਰੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸੁਖਬੀਰ ਬਾਦਲ ਤੋਂ ਤਿੰਨ ਘੰਟੇ ਪੁੱਛ ਪੜਤਾਲ ਕੀਤੀ। ਅਕਾਲੀ ਦਲ ਤੇ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੇ ਇਸ ਗੋਲੀ ਕਾਂਡ ਵਿੱਚ ਦੋ ਵਿਅਕਤੀਆਂ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਬਿੱਟੂ ਸਰਾਵਾਂ ਦੀ ਪੁਲਿਸ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ ਤੇ ਪੁਲਿਸ ਨੇ ‘ਅਣਪਛਾਤੇ ਪੁਲਿਸ ਕਰਮਚਾਰੀਆਂ’ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਸੁਖਬੀਰ ਬਾਦਲ ਉਸ ਸਮੇਂ ਗ੍ਰਹਿ ਮੰਤਰੀ ਸਨ। 



ਪੁਲਿਸ ਨੇ ਉਨ੍ਹਾਂ ਤੋਂ ਸਮੁੱਚੀ ਪ੍ਰਕਿਰਿਆ ਅਤੇ ਘਟਨਾ ਨਾਲ ਸਬੰਧਤ ਸਵਾਲ ਪੁੱਛੇ ਹਨ। ਸਿੱਟ ਵੱਲੋਂ ਇਹ ਵੀ ਪੁੱਛਿਆ ਗਿਆ ਕਿ ਗ੍ਰਹਿ ਮੰਤਰੀ ਵਜੋਂ ਉਨ੍ਹਾਂ ਨੂੰ ਇਸ ਗੋਲੀ ਕਾਂਡ ਦੀ ਜਾਣਕਾਰੀ ਕਦੋਂ ਕਿਵੇਂ ਤੇ ਕਿਸ ਰਾਹੀਂ ਲੱਗੀ। ਪੁਲਿਸ ਅਧਿਕਾਰੀਆਂ ਨੇ ਪੁੱਛਿਆ ਕਿ ਜਦੋਂ ਗ੍ਰਹਿ ਮੰਤਰੀ ਹੁੰਦਿਆਂ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਤਾਂ ਉਸ ਤੋਂ ਬਾਅਦ ਕਿਸ ਤਰ੍ਹਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। 


ਪੁਲਿਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਸਿਟ ਵੱਲੋਂ ਕੀਤੇ ਜਿਨ੍ਹਾਂ ਸਵਾਲਾਂ ਦਾ ਜਵਾਬ ਦਿੱਤਾ ਹੈ, ਉਨ੍ਹਾਂ ਦੀ ਪ੍ਰਮਾਣਿਕਤਾ ਦੇਖੀ ਜਾਵੇਗੀ ਤੇ ਪੁਲਿਸ ਦਾ ਰਿਕਾਰਡ ਵੀ ਘੋਖਿਆ ਜਾਵੇਗਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਚੱਲ ਰਹੀ ਹੈ। ਇਸ ਲਈ ਜਦੋਂ ਤੱਕ ਇਹ ਜਾਂਚ ਸਿਰੇ ਨਹੀਂ ਲੱਗ ਜਾਂਦੀ ਤਾਂ ਸਬੰਧਤ ਵਿਅਕਤੀਆਂ ਨੂੰ ਇੱਕ ਤੋਂ ਵੱਧ ਵਾਰ ਬੁਲਾਇਆ ਜਾਣਾ ਸੰਭਵ ਹੈ। ਇਸੇ ਲਈ ਸੁਖਬੀਰ ਸਿੰਘ ਬਾਦਲ ਨੂੰ ਦੂਜੀ ਵਾਰੀ ਬੁਲਾਇਆ ਗਿਆ ਸੀ।