ਬਹਿਬਲ ਕਲਾਂ ਗੋਲੀਕਾਂਡ 'ਚ ਨਵਾਂ ਮੋੜ, 7 ਗਵਾਹਾਂ ਨੇ ਅਦਾਲਤ 'ਚ ਦਰਜ ਕੀਤੀ ਪਟੀਸ਼ਨ
ਫਰੀਦਕੋਟ 'ਚ ਬਹਿਬਲ ਕਲਾਂ ਗੋਲੀ ਕਾਂਡ ਦੇ ਸੱਤ ਗਵਾਹਾਂ ਨੇ ਅਦਾਲਤ 'ਚ ਅਰਜ਼ੀ ਦਰਜ ਕਰਕੇ ਆਪਣੇ ਬਿਆਨ ਮੁੜ ਦਰਜ ਕਰਨ ਦੀ ਮੰਗ ਕੀਤੀ ਹੈ।
Faridkot news: ਫਰੀਦਕੋਟ 'ਚ ਬਹਿਬਲ ਕਲਾਂ ਗੋਲੀ ਕਾਂਡ ਦੇ ਸੱਤ ਗਵਾਹਾਂ ਨੇ ਅਦਾਲਤ 'ਚ ਅਰਜ਼ੀ ਦਰਜ ਕਰਕੇ ਆਪਣੇ ਬਿਆਨ ਮੁੜ ਦਰਜ ਕਰਨ ਦੀ ਮੰਗ ਕੀਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡਿਊਟੀ ਮੈਜਿਸਟਰੇਟ ਦੀ ਅਦਾਲਤ ਨੇ ਮਾਮਲੇ ਦੀ ਸੁਣਵਾਈ 3 ਜੁਲਾਈ ਨੂੰ ਕਰਨ ਦਾ ਫੈਸਲਾ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਗਵਾਹਾਂ ਨੇ ਆਪਣੀ ਅਰਜ਼ੀ 'ਚ ਕਿਹਾ ਕਿ ਉਨ੍ਹਾਂ ਦੇ ਬਿਆਨਾਂ ਨਾਲ ਕਥਿਤ ਤੌਰ 'ਤੇ ਤਤਕਾਲੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਛੇੜਛਾੜ ਕੀਤੀ ਸੀ। ਬਹਿਬਲ ਕਲਾਂ ਗੋਲੀਕਾਂਡ ਦੇ ਚਸ਼ਮਦੀਦ ਗਵਾਹਾਂ ਪ੍ਰਭਦੀਪ ਸਿੰਘ, ਸਰਬਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਮਨਦੀਪ ਸਿੰਘ, ਕਰਮਜੀਤ ਸਿੰਘ, ਸੁਖਰਾਜ ਸਿੰਘ ਅਤੇ ਮਹਿੰਦਰ ਸਿੰਘ ਨੇ ਲਿਖਤੀ ਦਰਖਾਸਤਾਂ ਦਿੱਤੀਆਂ ਹਨ।
ਜਿਸ ਵਿੱਚ ਕਿਹਾ ਗਿਆ ਹੈ ਕਿ ਆਈਜੀ ਵਿਜੇ ਪ੍ਰਤਾਪ ਸਿੰਘ ਨੇ ਥਾਣਾ ਸਿਟੀ ਕੋਟਕਪੂਰਾ ਦੇ ਐਸਐਚਓ ਗੁਰਦੀਪ ਪੰਧੇਰ ਅਤੇ ਸੁਹੇਲ ਸਿੰਘ ਬਰਾੜ ਨੂੰ ਸਾਜਿਸ਼ ਤਹਿਤ ਨਾਮਜ਼ਦ ਕੀਤਾ ਹੈ। ਅਜਿਹੇ 'ਚ ਇਨ੍ਹਾਂ ਸਾਰਿਆਂ ਦੇ ਬਿਆਨ ਦੁਬਾਰਾ ਦਰਜ ਕੀਤੇ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ: Agriculture News: ਕਿਸਾਨਾਂ ਲਈ ਸਬਸਿਡੀ ਦਾ ਐਲਾਨ, ਇੱਕ ਮਹੀਨੇ ਦਾ ਸਮਾਂ, ਅੱਜ ਹੀ ਜਾ ਕੇ ਕਰ ਦਿਓ ਅਪਲਾਈ
12 ਅਕਤੂਬਰ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਸੀ ਘਟਨਾ
ਜ਼ਿਕਰਯੋਗ ਹੈ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕੀਤੀ ਸੀ।
ਬਹਿਬਲ ਕਲਾਂ ਵਿੱਚ ਪੁਲਿਸ ਨੇ ਕੀਤੀ ਸੀ ਗੋਲੀਬਾਰੀ, ਕਰੀਬ 100 ਪ੍ਰਦਰਸ਼ਨਕਾਰੀ ਹੋਏ ਸਨ ਜ਼ਖ਼ਮੀ
ਬਹਿਬਲ ਕਲਾਂ ਵਿੱਚ ਪੁਲਿਸ ਨੇ ਗੋਲੀਬਾਰੀ ਕੀਤੀ, ਜਿਸ ਵਿੱਚ 2 ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ। ਕੋਟਕਪੂਰਾ ਵਿੱਚ ਵੀ ਗੋਲੀਬਾਰੀ ਹੋਈ, ਜਿਸ ਵਿੱਚ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ ਸਨ। ਪੁਲਿਸ ਨੇ 7 ਅਗਸਤ 2018 ਨੂੰ ਅਣਪਛਾਤੇ ਵਿਅਕਤੀਆਂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ। ਲਗਭਗ ਇੱਕ ਮਹੀਨਾ ਪਹਿਲਾਂ, ਐਸਆਈਟੀ ਨੇ ਤਿੰਨਾਂ ਮਾਮਲਿਆਂ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਸੀ।
ਚਲਾਨ ਵਿੱਚ ਐਸਆਈਟੀ ਨੇ ਇਨ੍ਹਾਂ ਨੂੰ ਬਣਾਇਆ ਮੁਲਜ਼ਮ
ਚਲਾਨ ਵਿੱਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਥਾਣਾ ਸਿਟੀ ਕੋਟਕਪੂਰਾ ਤਤਕਾਲੀ ਐਸਐਚਓ ਗੁਰਦੀਪ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਗੋਲੀਬਾਰੀ ਦੌਰਾਨ ਇਕ ਜ਼ਖ਼ਮੀ ਮੁਲਜ਼ਮ ਆਇਆ ਪੁਲਿਸ ਦੇ ਅੜੀਕੇ