Kotakpura News : ਕੋਟਕਪੂਰਾ ਗੋਲੀ ਕਾਂਡ ਮਾਮਲੇ (Kotkapura Shootout) ਵਿੱਚ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਬਹਿਬਲ ਕਲਾਂ ਇਨਸਾਫ਼ ਮੋਰਚੇ ਵੱਲੋਂ ਮੀਟਿੰਗ ਉਪਰੰਤ ਧਰਨਾ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। 7000 ਪੰਨਿਆਂ ਦੀ ਚਾਰਜਸੀਟ ਦਾਖਲ ਹੋਣ ਤੋਂ ਬਾਅਦ ਮੋਰਚੇ ਦੇ ਮੈਂਬਰਾਂ ਨੇ ਸੰਤੁਸ਼ਟੀ ਜ਼ਾਹਰ ਕੀਤੀ ਹੈ। ਜਿਸ ਦੀ ਜਾਣਕਾਰੀ ਮੋਰਚਾ ਸੰਚਾਲਕ ਅਤੇ ਆਗੂ ਸੁਖਰਾਜ ਸਿੰਘ ਵੱਲੋਂ ਦਿੱਤੀ ਗਈ ਹੈ। 



 


ਮੋਰਚੇ ਦੇ ਆਗੂ ਸੁਖਰਾਜ ਸਿੰਘ ਦਾ ਕਹਿਣਾ ਹੈ ਕਿ ਇਸ ਨਾਲ ਲੜਾਈ ਭਾਵੇਂ ਖਤਮ ਨਹੀਂ ਹੋਈ, ਅਦਾਲਤਾਂ ਕੀ ਫੈਸਲੇ ਲੈਂਦੀਆਂ ਹਨ, ਇਹ ਅਜੇ ਬਾਕੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ 2 ਮਾਰਚ ਨੂੰ ਮੋਰਚੇ ਵਾਲੀ ਥਾਂ 'ਤੇ ਸ਼ੁਕਰਾਨੇ ਵਜੋਂ ਆਖੰਡਪਾਠ ਆਰੰਭ ਕੀਤੇ ਜਾਣਗੇ ਅਤੇ 4 ਮਾਰਚ ਨੂੰ ਭੋਗ ਪਾਏ ਜਾਣਗੇ। ਇਸ ਉਪਰੰਤ ਮੋਰਚੇ ਦੇ ਆਗੂ ਜਥੇ ਦੇ ਰੂਪ ਵਿੱਚ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਜਾਣਗੇ।

 

ਦੱਸਿਆ ਜਾਂਦਾ ਹੈ ਕਿ ਬਹਿਬਲ ਕਲਾਂ ਵਿੱਚ 16 ਦਸੰਬਰ 2021 ਤੋਂ ਚੱਲ ਰਹੇ ਬੇਦਾਬੀ ਇਨਸਾਫ਼ ਮੋਰਚੇ ਨੇ ਅੱਜ ਅਹਿਮ ਮੀਟਿੰਗ ਸੱਦੀ ਸੀ, ਜਿਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਗਈ ਹੈ। ਚਾਰਜਸ਼ੀਟ ਵਿੱਚਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal), ਉਪ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Singh Badal) ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਦੇ ਨਾਂ ਸਾਹਮਣੇ ਆਉਣ ਤੋਂ ਬਾਅਦ ਪੀੜਤ ਪਰਿਵਾਰ ਅਤੇ ਸਿੱਖ ਜਥੇਬੰਦੀਆਂ ਦੀ ਤਰਫੋਂ ਧਰਨਾ ਮੁਲਤਵੀ ਕੀਤਾ ਗਿਆ ਹੈ।

 


 

ਦੱਸ ਦੇਈਏ ਕਿ ਪੰਜਾਬ 'ਚ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ 'ਤੇ ਕੋਟਕਪੂਰਾ ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ SIT ਨੇ ਫਰੀਦਕੋਟ ਦੀ ਅਦਾਲਤ 'ਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਐਸਆਈਟੀ ਮੁਖੀ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਟੀਮ ਨੇ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। 

 


 ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੇਸ਼ ਕੀਤੀ ਗਈ ਇਸ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਂ ਹੈ। ਇਸ ਦੇ ਨਾਲ ਹੀ ਚਲਾਨ ਵਿਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ. ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ।