Behbal Kalan - Kotkapura Firing Case : ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Singh Bajwa ) ਨੇ ਬਹਿਬਲ ਕਲਾਂ (Behbal Kalan ) ਅਤੇ ਕੋਟਕਪੂਰਾ ਗੋਲੀਕਾਂਡ ( Kotkapura Firing Case) ਦੇ ਮਾਮਲੇ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਦੋਵਾਂ ਘਟਨਾਵਾਂ
  'ਚ ਇਨਸਾਫ਼ ਦਿਵਾਉਣ ਵਿੱਚ ਹੋਰ ਦੇਰੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਇਨਸਾਫ਼ ਦੀ ਮੰਗ ਕਰਦੇ ਹੋਏ ਕਰੀਬ ਸੱਤ ਸਾਲ ਹੋ ਗਏ ਹਨ। 

 





ਬਾਜਵਾ ਨੇ ਕਿਹਾ ਇੱਥੋਂ ਤੱਕ ਕਿ ਦੋਵੇਂ ਘਟਨਾਵਾਂ ਦੀ ਜਾਂਚ ਲਈ ਬਣਾਈਆਂ ਗਈਆਂ ਦੋ ਵੱਖ-ਵੱਖ ਵਿਸ਼ੇਸ਼ ਜਾਂਚ ਟੀਮਾਂ (SIT) ਨੇ ਅਜੇ ਤੱਕ ਜਾਂਚ ਪੂਰੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਜਲਦੀ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ ਪਰ ਕੁਝ ਵੀ ਇਸ ਦਿਸ਼ਾ ਵਿੱਚ ਅੱਗੇ ਨਹੀਂ ਵੱਧ ਰਿਹਾ ਹੈ। 

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ, ਕਿਹਾ, ਜੋ ਕਹਿੰਦੇ ਹਾਂ, ਉਹ ਕਰਦੇ ਹਾਂ


ਦੱਸ ਦੇਈਏ ਕਿ ਪਿਛਲੇ ਮਹੀਨੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਚੰਡੀਗੜ੍ਹ ਵਿਖੇ ਸੈਕਟਰ 32 ਵਿਚ ਐੱਸ.ਆਈ.ਟੀ. ਸਾਹਮਣੇ ਪੇਸ਼ ਹੋਣ ਲਈ ਪੁੱਜੇ ਸਨ। SIT ਨੇ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਹੈ। ਗੋਲੀਕਾਂਡ ਦੇ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਗ੍ਰਹਿ ਮੰਤਰੀ ਸਨ, ਐੱਸਆਈਟੀ ਗੋਲੀਬਾਰੀ ਦੇ ਹੁਕਮਾਂ ਨਾਲ ਸਬੰਧਤ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ।

 

ਦੱਸਣਯੋਗ ਹੈ ਕਿ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਉਤੇ ਪੰਜਾਬ ਪੁਲਿਸ ਨੇ ਫ਼ਾਇਰਿੰਗ ਕੀਤੀ ਸੀ ਅਤੇ ਫ਼ਾਇਰਿੰਗ 'ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸੀ।   ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਸਾਲ 2015 'ਚ ਹੋਏ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ 'ਤੇ ਕਿਸ ਨੇ ਪੁਲਿਸ ਫਾਇਰਿੰਗ ਦੇ ਹੁਕਮ ਜਾਰੀ ਕੀਤੇ ਸਨ।