ਬਠਿੰਡਾ: ਸਾਲ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨਕਾਰੀ ਸਿੱਖਾਂ 'ਤੇ ਪੁਲਿਸ ਵੱਲੋਂ ਚਲਾਈ ਗੋਲ਼ੀ 'ਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰ ਨੇ ਪਿਛਲੀ ਸਰਕਾਰ ਦਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਵਿਰੋਧ ਕਰਨ ਦਾ ਐਲਾਨ ਕੀਤਾ ਹੈ।


ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਤੇ ਹੋਰ ਸਿੱਖ ਆਗੂਆਂ ਨੇ ਬਠਿੰਡਾ ਵਿੱਚ ਪ੍ਰੈਸ ਕਾਨਫਰੰਸ ਕਰ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਦਾ ਲੋਕ ਸਭਾ ਦੀਆਂ ਚੋਣਾਂ ਵਿੱਚ ਵਿਰੋਧ ਕਰਾਂਗੇ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਾਂਗੇ ਕਿਉਂਕਿ ਇਨ੍ਹਾਂ ਦੇ ਰਾਜ ਵਿੱਚ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਦੋਸ਼ੀਆਂ ਨੂੰ ਨਹੀਂ ਫੜਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਜੋ ਡੇਰਾ ਪ੍ਰੇਮੀ ਜ਼ਮਾਨਤਾਂ 'ਤੇ ਬਾਹਰ ਆ ਕੇ ਖੁੱਲ੍ਹੇ ਘੁੰਮ ਰਹੇ ਹਨ ਦੂਜੇ ਦਿਨ ਹੀ ਉਨ੍ਹਾਂ ਤੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾ ਰਹੀ।

ਉਨ੍ਹਾਂ ਕਿਹਾ ਕਿ ਉਹ ਐਸਆਈਟੀ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ਰੱਦ ਕਰਕੇ ਮੁੜ ਬਹਾਲੀ ਦੀ ਮੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਕਰੀਬ 90 ਦਿਨ ਹੋ ਗਏ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਚਾਰਜਸ਼ੀਟ ਪੇਸ਼ ਨਹੀਂ ਕੀਤੀ ਸਾਡੀ ਮੰਗ ਹੈ ਕਿ ਇਸ ਨੂੰ ਜਲਦ ਪੇਸ਼ ਕੀਤਾ ਜਾਵੇ ਤਾਂ ਜੋ ਉਮਰਾਨੰਗਲ ਜਿਹੇ ਹੋਰ ਅਧਿਕਾਰੀਆਂ ਤਕ ਪਹੁੰਚਿਆ ਜਾਵੇ। ਸੁਖਰਾਜ ਸਿੰਘ ਤੇ ਹੋਰ ਸਿੱਖ ਲੀਡਰਾਂ ਨੇ ਆਈਜੀ ਮੁੜ ਬਹਾਲੀ ਲਈ ਪਿਛਲੇ ਦਿਨੀਂ ਭਾਰਤੀ ਚੋਣ ਕਮਿਸ਼ਨ ਨੂੰ ਵੀ ਮੰਗ ਪੱਤਰ ਸੌਂਪਿਆ ਸੀ।