ਪਟਿਆਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਰਿਪੋਰਟ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਇਸ ਮਹੀਨੇ ਕੈਪਟਨ ਸਰਕਾਰ ਨੂੰ ਸੌਂਪ ਦਿੱਤੀ ਜਵੇਗੀ। ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਚਾਹਲ ਤੇ ਕਕਰਾਲਾ ਪਹੁੰਚੇ। ਇੱਥੇ ਵੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ।
ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਹਰ ਥਾਂ ਜਾ ਕੇ ਬੇਅਦਬੀ ਦੀਆਂ ਘਟਨਾਵਾਂ ਬਾਰੇ ਸਬੂਤ ਇਕੱਠੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਤਹਿ ਤੱਕ ਪਹੁੰਚ ਗਏ ਹਨ। ਸਾਰੀਆਂ ਕੜੀਆਂ ਜੁੜ ਗਈਆਂ ਹਨ। ਹੁਣ ਜਲਦ ਹੀ ਪੂਰੀ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪ ਦਿੱਤੀ ਜਾਏਗੀ।
ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੀ ਹੈ ਕਿ ਇਸ ਬਾਰੇ ਕੋਈ ਵੀ ਸਬੂਤ ਛੁੱਟ ਨਾ ਜਾਵੇ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਮਾਮਲਾ ਹੋਣ ਕਰਕੇ ਹਰ ਬਾਰੀਕੀ ਦੀ ਜਾਂਚ ਕੀਤੀ ਗਈ ਹੈ। ਹੁਣ ਰਿਪੋਰਟ ਤਿਆਰ ਹੈ ਤੇ ਇਹ ਸਰਕਾਰ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਤਰੀਕੇ ਨਾਲ ਕੀਤੀ ਗਈ ਹੈ। ਰਿਪੋਰਟ ਮਗਰੋਂ ਸਰਕਾਰ ਹੀ ਇਸ ਉੱਪਰ ਕਾਰਵਾਈ ਕਰੇਗੀ।