1 ਨਵੰਬਰ ਤੋਂ ਹੀ ਮਿਲੇਗਾ ਸਸਤੀ ਬਿਜਲੀ ਦਾ ਲਾਭ, 4,587 ਸਫਾਈ ਕਰਮਚਾਰੀ ਤੇ ਸੀਵਰਮੈਨ ਹੋਣਗੇ ਪੱਕੇ
ਵੀਰਵਾਰ ਨੂੰ ਹੋਈ ਮੀਟਿੰਗ ਵਿੱਚ ਲਏ ਗਏ ਇਸ ਫੈਸਲੇ ਨਾਲ ਸੂਬੇ ਦੇ 4,587 ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਫਾਇਦਾ ਹੋਵੇਗਾ।
ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਕੰਮ ਕਰਦੇ ਸੈਨੀਟੇਸ਼ਨ ਵਰਕਰਾਂ ਅਤੇ ਸੀਵਰਮੈਨਾਂ ਨੂੰ ਪੱਕਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵੀਰਵਾਰ ਨੂੰ ਹੋਈ ਮੀਟਿੰਗ ਵਿੱਚ ਲਏ ਗਏ ਇਸ ਫੈਸਲੇ ਨਾਲ ਸੂਬੇ ਦੇ 4,587 ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਫਾਇਦਾ ਹੋਵੇਗਾ। ਇਹ ਫੈਸਲਾ 18 ਜੂਨ 2021 ਤੋਂ ਪਹਿਲਾਂ ਠੇਕੇ 'ਤੇ ਕੰਮ ਕਰ ਰਹੇ ਕਰਮਚਾਰੀਆਂ 'ਤੇ ਲਾਗੂ ਹੋਵੇਗਾ।
ਇਸ ਤੋਂ ਇਲਾਵਾ ਪੰਜਾਬ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ 7 ਕਿਲੋਵਾਟ ਤੱਕ 3 ਰੁਪਏ ਸਸਤੀ ਬਿਜਲੀ ਦਾ ਲਾਭ ਹੁਣ 1 ਨਵੰਬਰ ਤੋਂ ਮਿਲੇਗਾ। ਪਹਿਲਾਂ ਇਹ 1 ਦਸੰਬਰ ਤੋਂ ਕੀਤਾ ਜਾਣਾ ਸੀ। ਇਸ ਨਾਲ ਸਰਕਾਰੀ ਖਜ਼ਾਨੇ 'ਤੇ 151 ਕਰੋੜ ਰੁਪਏ ਦਾ ਸਾਲਾਨਾ ਬੋਝ ਪਵੇਗਾ। ਹਾਲਾਂਕਿ, ਇਸ ਨਾਲ ਪੰਜਾਬ ਦੇ ਕੁੱਲ 71.75 ਲੱਖ ਵਿੱਚੋਂ 69 ਲੱਖ ਖਪਤਕਾਰਾਂ ਨੂੰ ਫਾਇਦਾ ਹੋਵੇਗਾ।
3 ਸਾਲ ਦੀ ਪ੍ਰੋਬੇਸ਼ਨ ਮਿਆਦ
ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਪਹਿਲਾਂ 3 ਸਾਲਾਂ ਵਿੱਚ ਸਰਕਾਰ ਨੂੰ 46 ਕਰੋੜ ਦਾ ਬੋਝ ਝੱਲਣਾ ਪਵੇਗਾ। ਇਸ ਪ੍ਰੋਬੇਸ਼ਨਰੀ ਮਿਆਦ ਦੀ ਸਮਾਪਤੀ ਤੋਂ ਬਾਅਦ, ਉਨ੍ਹਾਂ ਨੂੰ ਸਾਲਾਨਾ ਵਾਧਾ ਅਤੇ ਹੋਰ ਲਾਭ ਮਿਲਣਗੇ। ਇਹ ਵਾਧੂ ਬੋਝ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਝੱਲਣਾ ਪਵੇਗਾ।
ਸਿੱਧੀ ਭਰਤੀ ਵਿੱਚ ਪੰਜਾਬੀ ਲਾਜ਼ਮੀ
ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਹੁਣ ਕਿਸੇ ਵੀ ਵਿਭਾਗ, ਕਾਰਪੋਰੇਸ਼ਨ, ਅਥਾਰਟੀਆਂ ਆਦਿ ਵਿੱਚ ਸਿੱਧੀ ਭਰਤੀ ਲਈ ਪੰਜਾਬੀ ਲਾਜ਼ਮੀ ਹੋਵੇਗੀ। ਇਸ ਦੇ ਲਈ ਉਨ੍ਹਾਂ ਨੂੰ ਸੇਵਾ ਨਿਯਮਾਂ ਵਿੱਚ ਸੋਧ ਕਰਨ ਲਈ ਕਿਹਾ ਗਿਆ ਹੈ।
ਗੁਲਾਬੀ ਸੁੰਡੀ ਮੁਆਵਜ਼ੇ 'ਚ ਵਾਧਾ ਹੋਇਆ
ਮੰਤਰੀ ਮੰਡਲ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਨਰਮੇ ਦੀ ਫਸਲ ਦੇ ਬਦਲੇ ਦਿੱਤੇ ਜਾ ਰਹੇ 12 ਹਜ਼ਾਰ ਪ੍ਰਤੀ ਏਕੜ ਦੇ ਮੁਆਵਜ਼ੇ ਵਿੱਚ 5 ਹਜ਼ਾਰ ਦਾ ਵਾਧਾ ਕੀਤਾ ਗਿਆ ਹੈ। ਹੁਣ 100 ਫੀਸਦੀ ਨੁਕਸਾਨ ਲਈ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ।
ਨਾਜਾਇਜ਼ ਕਲੋਨੀਆਂ ਅਤੇ ਪਲਾਟਾਂ ਨੂੰ ਨਿਯਮਤ ਕਰਨ ਦੀ ਪ੍ਰਵਾਨਗੀ
ਗੈਰ-ਕਾਨੂੰਨੀ ਕਲੋਨੀਆਂ ਅਤੇ ਪਲਾਟਾਂ ਨੂੰ ਰੈਗੂਲਰ ਕਰਨ ਲਈ ਮੰਤਰੀ ਮੰਡਲ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੇ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਦਾ ਰੂਲ 38 (2) ਲਿਆਂਦਾ ਜਾ ਰਿਹਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :