ਨਵੀਂ ਦਿੱਲੀ: ਭਾਰਤ ਸਰਕਾਰ ਕੋਲ ਸਵਾਲ ਉੱਠਿਆ ਹੈ ਕਿ ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਕਿਉਂ ਨਹੀਂ ਦਿੱਤਾ ਜਾ ਰਿਹਾ। ਇਸ ਦੇ ਨਾਲ ਹੀ ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਨੇ ਗ੍ਰਹਿ ਮੰਤਰਾਲੇ ਨੂੰ ਸਿਫਾਰਸ਼ ਕੀਤੀ ਹੈ ਕਿ ਉਹ ਇਹ ਸੰਭਾਵਨਾ ਤਲਾਸ਼ ਕਰੇ ਕਿ ਕੀ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾ ਸਕਦਾ ਹੈ। ਜੇ ਇਹ ਦਰਜਾ ਨਹੀਂ ਦਿੱਤਾ ਜਾ ਸਕਦਾ ਤਾਂ ਸਰਕਾਰ ਇਸ ਬਾਰੇ ਸਪੱਸ਼ਟੀਕਰਨ ਦੇਵੇ।


ਕਾਬਲੇਗੌਰ ਹੈ ਕਿ ਦੇਸ਼ ਦਾ ਵੱਡਾ ਹਿੱਸਾ ਸ਼ਹੀਦ ਭਗਤ ਸਿੰਘ ਨੂੰ ਆਜ਼ਾਦੀ ਦੀ ਲੜਾਈ ਦਾ ਅਸਲ ਹੀਰੋ ਮੰਨਦਾ ਹੈ ਪਰ ਹੁਣ ਤੱਕ ਦੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ। ਇਹ ਮੰਗ ਵੀ ਲੰਮਾ ਸਮੇਂ ਤੋਂ ਚੱਲੀ ਆ ਰਹੀ ਹੈ ਪਰ ਕਿਸੇ ਵੀ ਸਰਕਾਰ ਨੇ ਇਸ ਵੱਲ ਧਿਆਨ ਨਹੀਂ ਦਿੱਤਾ।

ਹੁਣ ਇਹ ਮਾਮਲਾ ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਜਾਣਕਾਰੀ ਮੰਗਣ ਵਾਲੇ ਸ਼ਖਸ ਨੇ ਉਠਾਇਆ ਹੈ। ਉਨ੍ਹਾਂ ਨੇ ਸਰਕਾਰ ਤੋਂ ਜਾਣਕਾਰੀ ਮੰਗੀ ਹੈ ਕਿ ਕੀ ਉਹ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੰਦੀ ਹੈ ਤੇ ਜੇ ਨਹੀਂ ਤਾਂ ਦੱਸੇ ਕਿ ਉਸ ਦੀ ਕੀ ਕਾਨੂੰਨੀ ਮਜਬੂਰੀ ਹੈ।

ਇਸ ਮਗਰੋਂ ਸੂਚਨਾ ਕਮਿਸ਼ਨਰ ਸ੍ਰੀਧਰ ਆਚਾਰਯੁਲੁ ਨੇ ਕਿਹਾ ਕਿ ਸਰਕਾਰ ਆਜ਼ਾਦੀ ਘੁਲਾਟੀਆਂ ਨੂੰ ਸੁਵਿਧਾਵਾਂ ਤੇ ਪੈਨਸ਼ਨ ਦਿੰਦੀ ਹੈ ਪਰ ਭਗਤ ਸਿੰਘ ਜਿਹੇ ਇਨਕਲਾਬੀਆਂ ਨੂੰ ਸ਼ਹੀਦ ਦਾ ਦਰਜਾ ਵੀ ਨਹੀਂ ਦਿੱਤਾ ਗਿਆ ਤੇ ਉਨ੍ਹਾਂ ਦੇ ਵਾਰਸਾਂ ਨੂੰ ਕਿਸੇ ਕਿਸਮ ਦੀ ਵਿੱਤੀ ਮਦਦ ਦੀ ਗੱਲ ਤਾਂ ਪਾਸੇ ਹੀ ਰਹਿਣ ਦਿਓ।