ਕਿਸਾਨ ਅੰਦੋਲਨ ਦੇ ਹੱਕ 'ਚ ਸ਼ਹੀਦ ਭਗਤ ਸਿੰਘ ਦੇ ਭਤੀਜੇ ਵੱਲੋਂ ਵੱਡਾ ਐਲਾਨ
ਕਿਸਾਨ ਅੰਦੋਲਨ ਦੇ ਹੱਕ ਵਿੱਚ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨਾ ਮੰਨੀਆਂ ਗਈਆਂ ਤਾਂ 23 ਮਾਰਚ ਤੋਂ ਕਿਸਾਨਾਂ ਨਾਲ ਮਰਨ ਵਰਤ ’ਤੇ ਬੈਠਣਗੇ। ਅਭੈ ਸਿੰਘ ਸੰਧੂ ਨੇ ਇਹ ਐਲਾਨ ਸਿੰਘੂ ਬਾਰਡਰ ਦੀ ਮੁੱਖ ਸਟੇਜ਼ ਤੋਂ ਕੀਤਾ।
ਨਵੀਂ ਦਿੱਲੀ: ਕਿਸਾਨ ਅੰਦੋਲਨ ਦੇ ਹੱਕ ਵਿੱਚ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨਾ ਮੰਨੀਆਂ ਗਈਆਂ ਤਾਂ 23 ਮਾਰਚ ਤੋਂ ਕਿਸਾਨਾਂ ਨਾਲ ਮਰਨ ਵਰਤ ’ਤੇ ਬੈਠਣਗੇ। ਅਭੈ ਸਿੰਘ ਸੰਧੂ ਨੇ ਇਹ ਐਲਾਨ ਸਿੰਘੂ ਬਾਰਡਰ ਦੀ ਮੁੱਖ ਸਟੇਜ਼ ਤੋਂ ਕੀਤਾ।
ਉਹ ਅੰਗਰੇਜ਼ ਹਕੂਮਤ ਖ਼ਿਲਾਫ਼ ਚੱਲੀ ‘ਪੱਗੜੀ ਸੰਭਾਲ ਜੱਟਾ’ ਮੁਹਿੰਮ ਦੇ ਬਾਨੀ ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮਾਂ ਵਿੱਚ ਸ਼ਾਮਲ ਹੋਣ ਪਹੁੰਚੇ ਸੀ। ਇਸ ਮੌਕੇ ਅਭੈ ਸੰਧੂ ਨੇ ‘ਪੱਗੜੀ ਸੰਭਾਲ ਜੱਟਾ’ ਅੰਦੋਲਨ ਦੇ ਪਿਛੋਕੜ ਬਾਰੇ ਦੱਸਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨੀ ਮੰਗਾਂ ਮੰਨਣ ਦੀ ਸਲਾਹ ਦਿੱਤੀ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਸਰਕਾਰ ਦੇ ਰਵੱਈਏ ਕਰਕੇ ਉੱਤਰੀ ਭਾਰਤ ਦੇ ਨੌਜਵਾਨ ਫ਼ੌਜਾਂ ਤੋਂ ਬਾਗ਼ੀ ਨਾ ਹੋ ਜਾਣ।
ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਅਗਲੇ ਮਹੀਨੇ 23 ਮਾਰਚ ਨੂੰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੱਕ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਿਆ ਤਾਂ ਉਹ ਕਿਸਾਨਾਂ ਨਾਲ ਮਰਨ ਵਰਤ ਉਪਰ ਬੈਠਣਗੇ।
ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਸਰਕਾਰ ਨੂੰ ਇਹ ਗ਼ਲਤਫਹਿਮੀ ਹੈ ਕਿ ਕਿਸਾਨ ਛੇਤੀ ਹੀ ਚਲੇ ਜਾਣਗੇ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਨੂੰ ਦੇਸ਼ ’ਚੋਂ ਭਜਾਉਣ ਲਈ ਲੰਮਾ ਸਮਾਂ ਸੰਘਰਸ਼ ਚੱਲਿਆ। ਹੁਣ ਤਾਂ ਕਿਸਾਨਾਂ ਦੇ ਇਸ ਅੰਦੋਲਨ ਵਿੱਚ ਔਰਤਾਂ, ਮੁਲਾਜ਼ਮ ਤੇ ਨੌਜਵਾਨ ਵਰਗ ਵੀ ਸ਼ਾਮਲ ਹੋ ਰਹੇ ਹਨ।