ਮੋਦੀ-ਸ਼ਾਹ ਨਾਲ ਮਿਲੀਭੁਗਤ ਦੀ ਗੱਲ ਸਵੀਕਾਰ ਕਰਨ ਕੈਪਟਨ- ਭਗਵੰਤ ਮਾਨ
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਇਸ ਸਬੰਧੀ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਬੋਲ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਕਿਹਾ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਵੱਲੋਂ ਨਵੇਂ ਕਾਲੇ ਖੇਤੀ ਕਾਨੂੰਨਾਂ ਸਬੰਧੀ ਪਾਸ ਕੀਤੇ ਕਾਨੂੰਨ ਰਾਸ਼ਟਰਪਤੀ ਕੋਲ ਨਾ ਪਹੁੰਚਣਾ ਕੈਪਟਨ ਅਮਰਿੰਦਰ ਸਿੰਘ ਅਤੇ ਗਵਰਨਰ ਦੀ ਮਿਲੀਭੁਗਤ ਦਾ ਨਤੀਜਾ ਹੈ, ਜੋ ਮੋਦੀ-ਸ਼ਾਹ ਦੀ ਇਸ਼ਾਰੇ ਉੱਤੇ ਕੰਮ ਕਰ ਰਹੇ ਹਨ।
ਇਸ ਤੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਰਿੰਦਰ ਮੋਦੀ ਨਾਲ ਮਿਲ ਕੇ ਇਨ੍ਹਾਂ ਕਾਨੂੰਨਾਂ ਸਬੰਧੀ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੇ ਮਨਸੂਬੇ ਨਾਲ ਨਾਟਕ ਕਰਨ ਦਾ ਪਰਦਾਫਾਸ਼ ਹੋਇਆ ਹੈ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਕੇ ਕਾਨੂੰਨ ਬਣਾਉਣ ਦੀ ਡਰਾਮੇਬਾਜ਼ੀ ਕੀਤੀ ਸੀ ਜੋ ਅੱਜ 79 ਦਿਨ ਬੀਤਣ ਦੇ ਬਾਅਦ ਵੀ ਉਹ ਗਵਰਨਰ ਕੋਲ ਪਏ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਜਿਹਾ ਕੀਤਾ ਸੀ, ਜੇਕਰ ਸੱਚੇ ਦਿਲੋਂ ਕਿਸਾਨਾਂ ਦੀ ਕੋਈ ਚਿੰਤਾਂ ਹੁੰਦੀ ਤਾਂ ਉਹ ਇਸਦੀ ਪੈਰਵਾਈ ਕਰਦੇ। ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਇਸ ਸਬੰਧੀ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਬੋਲ ਦਿੱਤਾ ਹੈ।
ਹੈਰਾਨੀ ਦੀ ਗੱਲ ਹੈ ਕਿ ਵਕੀਲਾਂ ਦੀ ਐਨੀ ਵੱਡੀ ਫੌਜ ਹੁੰਦੇ ਹੋਏ ਵੀ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਮਿਲਕੇ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ, ਅਸਲ ਵਿੱਚ ਉਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਕੁਝ ਨਹੀਂ ਕਰਨਾ। ਰਾਜਪਾਲ 'ਤੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਇਸ਼ਾਰਿਆਂ 'ਤੇ ਕੰਮ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਅਮਿਤ ਸ਼ਾਹ ਦੇ ਇਸ਼ਾਰੇ 'ਤੇ ਪੰਜਾਬ ਦੇ ਕਿਸਾਨਾਂ ਨੂੰ ਨਿਆਂ ਦੇਣ ਤੋਂ ਮਨਾਂ ਕਰ ਰਹੇ ਹਨ। ਪੁੱਤ ਮੋਹ ਦੇ ਚਲਦਿਆਂ ਈਡੀ ਦੇ ਕੇਸਾਂ ਤੋਂ ਬਚਣ ਲਈ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨੂੰ ਪੈਰ-ਪੈਰ 'ਤੇ ਧੋਖਾ ਦਿੱਤਾ ਹੈ।
ਭਗਵੰਤ ਮਾਨ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਅੱਜ ਵੀ ਈਡੀ ਕੇਸਾਂ ਤੋਂ ਡਰਦਿਆਂ ਕਿਸਾਨਾਂ ਦੇ ਅੰਦੋਲਨ ਨੂੰ ਫੇਲ੍ਹ ਕਰਨ ਲਈ ਹਰ ਹੱਥਕੰਢਾ ਵਰਤ ਰਹੇ ਹਨ। ਕੈਪਟਨ ਸਰਕਾਰ ਵੱਲੋਂ ਕਾਨੂੰਨਾਂ ਨੂੰ ਲੈ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ, ਉਨ੍ਹਾਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਇਹ ਸਵੀਕਾਰ ਕਰ ਲਿਆ ਹੈ ਕਿ ਪੰਜਾਬ ਵਿੱਚ ਇਹ ਕਾਨੂੰਨ ਲਾਗੂ ਹੋ ਚੁੱਕੇ ਹਨ, ਪ੍ਰੰਤੂ ਕੈਪਟਨ ਅਜੇ ਵੀ ਝੂਠ ਬੋਲ ਰਹੇ ਹਨ ਕਿ ਕਾਨੂੰਨ ਲਾਗੂ ਨਹੀਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਪੁੱਤ ਮੋਹ 'ਚ ਮੁੱਖ ਮੰਤਰੀ ਅਹੁਦੇ ਦੇ ਮਾਨ ਸਨਮਾਨ ਨੂੰ ਢਾਹ ਨਾ ਲਗਾਉਣ, ਕੁਰਸੀ ਛੱਡ ਸਿੱਧੇ ਤੌਰ ਉੱਤੇ ਮੋਦੀ-ਸ਼ਾਹ ਨਾਲ ਖੜ੍ਹਨ ਦੀ ਗੱਲ ਸਵੀਕਾਰ ਕਰਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ