14 ਫਰਵਰੀ ਨੂੰ ਵੋਟ ਪਾਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਲੋਕਾਂ ਨੂੰ ਇਸ ਗੱਲ 'ਤੇ ਗੌਰ ਕਰਨ ਲਈ ਕੀਤੀ ਅਪੀਲ
Punjab municipal elections 2021: ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਜਨਤਾ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ, ਪ੍ਰੰਤੂ ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਹਰ ਮੋਰਚੇ ਉੱਤੇ ਫੇਲ੍ਹ ਸਾਬਤ ਹੋਏ ਹਨ।
ਚੰਡੀਗੜ੍ਹ: ਪੰਜਾਬ ਚ ਮਿਊਂਸੀਪਲ ਚੋਣਾਂ ਜਿੱਤਣ ਲਈ ਅਕਾਲੀ ਦਲ, ਕਾਂਗਰਸ, ਬੀਜੇਪੀ ਤੇ ਆਮ ਆਦਮੀ ਪਾਰਟੀ ਪੂਰਾ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ। ਅਜਿਹੇ 'ਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਅਪੀਲ ਕੀਤੀ ਕਿ 14 ਫਰਵਰੀ ਨੂੰ ਵੋਟ ਪਾਉਣ ਲੱਗਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਝੂਠੇ ਵਾਅਦਿਆਂ ਉੱਤੇ ਇਕ ਵਾਰ ਜ਼ਰੂਰ ਵਿਚਾਰ ਕਰਨ।
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਜਨਤਾ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ, ਪ੍ਰੰਤੂ ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਹਰ ਮੋਰਚੇ ਉੱਤੇ ਫੇਲ੍ਹ ਸਾਬਤ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਰਾਜ ਨੂੰ ਚਲਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੇ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ, ਘਰ-ਘਰ ਰੁਜ਼ਗਾਰ ਦੇਣ ਅਤੇ ਚਾਰ ਹਫਤਿਆਂ ਵਿੱਚ ਡਰੱਗ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ। ਕੈਪਟਨ ਸਰਕਾਰ ਦੇ ਚਾਰ ਸਾਲ ਬੀਤ ਚੁੱਕੇ ਹਨ, ਪ੍ਰੰਤੂ ਕੈਪਟਨ ਨੇ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਭਗਵੰਤ ਮਾਨ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਜਦੋਂ ਉਹ 14 ਫਰਵਰੀ ਨੂੰ ਵੋਟ ਪਾਉਣ ਲਈ ਜਾਣ ਤਾਂ ਕੈਪਟਨ ਸਰਕਾਰ ਦੀ ਮਾੜੀ ਕਾਰਗੁਜਾਰੀ ਕਾਰਨ ਆ ਰਹੀਆਂ ਸਮੱਸਿਆਵਾਂ ਅਤੇ ਕੈਪਟਨ ਦੇ ਝੂਠੇ ਵਾਅਦਿਆਂ ਉਤੇ ਇਕ ਵਾਰ ਜ਼ਰੂਰ ਵਿਚਾਰ ਕਰਨ।
ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਥਾਨਕ ਚੋਣਾਂ ਵਿਚ ਜਿਸ ਤਰ੍ਹਾਂ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ, ਜਿਸ ਤਰ੍ਹਾਂ ਪੰਜਾਬ ਦੇ ਲੋਕ 'ਆਪ' ਆਗੂਆਂ ਦੀਆਂ ਰੈਲੀਆਂ ਵਿੱਚ ਸ਼ਾਮਲ ਹੋ ਰਹੇ ਸਨ, ਉਸ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਐਮਸੀ ਚੋਣਾਂ ਵਿੱਚ 'ਆਪ' ਨੂੰ ਵੱਡੀ ਜਿੱਤ ਪ੍ਰਾਪਤ ਹੋਵੇਗੀ।