ਚੰਡੀਗੜ੍ਹ : ਇੱਕ ਪਾਸੇ ਅੱਜ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਸੀ , ਓਥੇ ਹੀ ਦੂਜੇ ਪਾਸੇ ਪੰਜਾਬ ਭਾਜਪਾ ਨੇ ਭਗਵੰਤ ਮਾਨ ਸਰਕਾਰ ਦੇ ਵਿਸ਼ਵਾਸ ਮਤ ਖਿਲਾਫ਼ ਜਲੰਧਰ ਵਿੱਚ ਪ੍ਰਦਰਸ਼ਨ ਕੀਤਾ ਹੈ। ਭਾਜਪਾ ਵੱਲੋਂ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਮ ਅੰਬੇਡਕਰ ਚੌਂਕ ਜਲੰਧਰ ਵਿਖੇ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਆਗੂਆਂ ਨੇ ਕਿਹਾ ਅਜਿਹਾ ਕਰਕੇ ਸਰਕਾਰ ਨੇ ਪਵਿੱਤਰ ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ।
ਭਾਜਪਾ ਆਗੂਆਂ ਨੇ ਕਿਹਾ ਕਿ ਬਹੁਮਤ ਵਿੱਚ ਹੋਣ ਦੇ ਬਾਵਜੂਦ ਵਿਧਾਨ ਸਭਾ ਵਿੱਚ ਭਰੋਸੇ ਦਾ ਵੋਟ ਲਿਆ ਕੇ ਸੰਵਿਧਾਨ ਦੀ ਵੀ ਉਲੰਘਣਾ ਕੀਤੀ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਆਪ ਸਰਕਾਰ ਨੇ ਜਿਸ ਤਰ੍ਹਾਂ ਦੀ ਕਾਰਵਾਈ ਕੀਤੀ ਹੈ, ਉਸ ਨਾਲ ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਵਿੱਚ ਕੋਈ ਭਰੋਸਾ ਨਹੀਂ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਲੋਕਾਂ ਨਾਲ ਧੋਖਾ ਕਰਨ ਵਾਲੀ ਸਰਕਾਰ ਹੁਣ ਝੂਠ ’ਤੇ ਉਤਰ ਆਈ ਹੈ।
ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾ ਸਿਰਫ਼ ਰਾਜਪਾਲ ਨਾਲ ਝੂਠ ਬੋਲਣ ਵਾਲੇ ਮੁੱਖ ਮੰਤਰੀ ਹਨ ਸਗੋਂ ਮੁੱਖ ਮੰਤਰੀ ਵਜੋਂ ਆਪਣੀ ਡਿਊਟੀ ਨਿਭਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਰੋਧੀ ਵਿਧਾਇਕਾਂ ਨੂੰ 27 ਸਤੰਬਰ ਨੂੰ ਸਦਨ ਵਿੱਚ ਬੇਰਹਿਮੀ ਅਤੇ ਗੈਰ-ਸੰਸਦੀ ਤਰੀਕੇ ਨਾਲ ਸਭ ਤੋਂ ਵੱਧ ਦੁਰਵਿਵਹਾਰ ਕਰਨ ਦੀ ਇਜਾਜ਼ਤ ਦੇ ਕੇ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਹਨ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਬਿਜਲੀ, ਜੀਐਸਟੀ ਅਤੇ ਪਰਾਲੀ ਸਾੜਨ ਵਰਗੇ ਮੁੱਦਿਆਂ ਨੂੰ ਸੂਚੀਬੱਧ ਕੀਤਾ ਹੈ ਪਰ ਵਿਸ਼ਵਾਸ ਮਤ ਲਿਆ ਕੇ ਸਰਕਾਰ ਨੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਪੰਜਾਬ ਦੇ ਲੋਕਾਂ ਨੂੰ ਵੀ ਗੈਰ ਸੰਵਿਧਾਨਕ ਤਰੀਕੇ ਨਾਲ ਵਿਸ਼ਵਾਸ ਮਤ ਲਿਆ ਕੇ ਸੰਵਿਧਾਨ ਦੀ ਉਲੰਘਣਾ ਕਰਕੇ ਧੋਖਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 92 ਵਿਧਾਇਕਾਂ ਵਾਲੀ ਸਰਕਾਰ ਨੂੰ ਵਿਸ਼ਵਾਸ ਮਤ ਲਿਆਉਣ ਦੀ ਕੀ ਲੋੜ ਹੈ। ਬਾਘਾ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਅਜਿਹਾ ਕਰਨਾ ਰਾਜਪਾਲ ਨਾਲ ਵੱਡਾ ਧੋਖਾ ਹੈ।
ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਹੀ ਅਜਿਹੀਆਂ ਡਰਾਮੇਬਾਜ਼ੀਆਂ ਕਰ ਰਹੇ ਹਨ। ਕਿਉਂਕਿ ਦੋ ਮਹੀਨੇ ਪਹਿਲਾਂ ਹੋਈ ਜ਼ਿਮਨੀ ਚੋਣ ਵਿੱਚ ਲੋਕਾਂ ਨੇ ਸਾਫ਼ ਕਹਿ ਦਿੱਤਾ ਸੀ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਵਿੱਚੋਂ ਆਪਣਾ ਵਿਸ਼ਵਾਸ ਗੁਆ ਚੁੱਕੀ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਕੋਈ ਮੁੱਖ ਮੰਤਰੀ ਚੋਣ ਵਿੱਚ ਵੱਡੀ ਜਿੱਤ ਤੋਂ ਬਾਅਦ ਵੀ ਆਪਣੀ ਸੀਟ ਹਾਰ ਗਿਆ ਹੈ।