Punjab News: ਆਮ ਆਦਮੀ ਪਾਰਟੀ ਦੀ ਸਰਕਾਰ ਪਰਾਲੀ ਸਾੜਨ ਦੇ ਮੁੱਦੇ ਉੱਪਰ ਲਗਾਤਾਰ ਘਿਰਦੀ ਜਾ ਰਹੀ ਹੈ। ਇੱਕ ਪਾਸੇ ਕੇਂਦਰ ਸਰਕਾਰ ਨਾਲ ਪੰਗਾ ਚੱਲ ਰਿਹਾ ਹੈ ਤੇ ਦੂਜੇ ਪਾਸੇ ਵਿਰੋਧੀ ਧਿਰਾਂ ਵੀ ਨਿਸ਼ਾਨੇ ਸਾਧ ਰਹੀਆਂ ਹਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਕੇਂਦਰ ਤੇ ਪੰਜਾਬ ਸਰਕਾਰਾਂ ਪਰਾਲੀ ਪ੍ਰਬੰਧਨ ਦੇ ਮਾਮਲੇ ਵਿਚ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਜਿਵੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਦਖ਼ਲ ਮੰਗਿਆ ਹੈ, ਉਸ ਤੋਂ ਸਪਸ਼ਟ ਹੈ ਕਿ ਸਰਕਾਰ ਇਸ ਮੁੱਦੇ ਨੂੰ ਧਾਰਮਿਕ ਰੰਗਤ ਦੇ ਰਹੀ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਹੁਣ ਤੱਕ 763 ਥਾਵਾਂ ’ਤੇ ਪਰਾਲੀ ਨੂੰ ਸਾੜਨ ਦੀ ਰਿਪੋਰਟ ਹੈ। ਤਰਨ ਤਾਰਨ ਵਿੱਚ ਸਭ ਤੋਂ ਜ਼ਿਆਦਾ 22 ਜਦੋਂਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ 14 ਥਾਵਾਂ ’ਤੇ ਪਰਾਲੀ ਸਾੜਨ ਦੀ ਰਿਪੋਰਟ ਹੈ। ਹੋਰ ਜ਼ਿਲ੍ਹਿਆਂ ’ਚ ਵੀ ਪਰਾਲੀ ਸਾੜਨ ਦੀਆਂ ਰਿਪੋਰਟਾਂ ਹਨ।
ਉਧਰ, ਕੇਂਦਰ ਤੇ ਪੰਜਾਬ ਸਰਕਾਰ ਪਰਾਲੀ ਪ੍ਰਦੂਸ਼ਣ ਮਾਮਲੇ ’ਚ ਆਹਮੋ-ਸਾਹਮਣੇ ਹਨ। ਕੇਂਦਰ ਸਰਕਾਰ ਪਰਾਲੀ ਪ੍ਰਬੰਧਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਸਿਰ ਮੜ੍ਹ ਰਹੀ ਹੈ ਜਦੋਂਕਿ ਪੰਜਾਬ ਸਰਕਾਰ ਨੇ ਸਾਫ਼ ਆਖ ਦਿੱਤਾ ਹੈ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਵਿੱਢੀ ਮੁਹਿੰਮ ਨੂੰ ਤਾਂ ਹੀ ਹੁਲਾਰਾ ਮਿਲ ਸਕਦਾ ਹੈ ਜੇ ਕੇਂਦਰ ਸਰਕਾਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਏ। ਮੰਗਲਵਾਰ ਨੂੰ ਕੇਂਦਰੀ ਵਾਤਾਵਰਨ ਮੰਤਰੀ ਭੁਪੇਂਦਰ ਯਾਦਵ ਵੱਲੋਂ ਪਰਾਲੀ ਦੇ ਪ੍ਰਦੂਸ਼ਣ ਆਦਿ ਸਬੰਧੀ ਮੁੱਖ ਸੂਬਿਆਂ ਨਾਲ ਵਰਚੁਅਲ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਕੇਂਦਰੀ ਮੰਤਰੀ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਪਰਾਲੀ ਪ੍ਰਦੂਸ਼ਣ ਨੂੰ ਕੰਟਰੋਲ ਕਰੋ। ਇਸੇ ਦੌਰਾਨ ਪੰਜਾਬ ਸਰਕਾਰ ਨੇ ਆਪਣੇ ਵੱਲੋਂ ਚੁੱਕੇ ਕਦਮਾਂ ਦਾ ਜ਼ਿਕਰ ਕੀਤਾ। ਮੰਤਰੀ ਨੇ ਸਾਰੇ ਸੂਬਿਆਂ ਦੇ ਵਜ਼ੀਰਾਂ ਨੂੰ ਐੱਨਸੀਆਰ ਖੇਤਰ ਵਿਚ ਪ੍ਰਦੂਸ਼ਣ ਦਾ ਟਾਕਰਾ ਕਰਨ ਵਾਸਤੇ ਸਰਗਰਮ ਜਨਤਕ ਭਾਗੀਦਾਰੀ ਦੀ ਅਪੀਲ ਕੀਤੀ। ਪੰਜਾਬ ਤੇ ਹਰਿਆਣਾ ਨੇ ਪਰਾਲੀ ਦੇ ਉਤਪਾਦਨ ਦੇ ਅਨੁਮਾਨਿਤ ਅੰਕੜੇ ਪੇਸ਼ ਕੀਤੇ।
ਕੇਂਦਰ ਸਰਕਾਰ ਨੇ ਮੀਟਿੰਗ ਵਿਚ ਪੰਜਾਬ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਵਿੱਤੀ ਸਹਿਯੋਗ ਦਿੱਤੇ ਜਾਣ ਬਾਰੇ ਕੋਈ ਹੁੰਗਾਰਾ ਨਹੀਂ ਭਰਿਆ ਪਰ ਵਾਤਾਵਰਨ ਮੰਤਰੀ ਨੇ ਪੰਜਾਬ ਨੂੰ ਨਸੀਹਤਾਂ ਜ਼ਰੂਰ ਦਿੱਤੀਆਂ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਤਰਫ਼ੋਂ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ੋਰਦਾਰ ਪੱਖ ਰੱਖਿਆ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ